ਪੰਥ ਪ੍ਰਸਿੱਧ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ’ਚ ਹੋਏ ਗੁਰਮਤਿ ਸਮਾਗਮ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 2 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਤੇ ਭਾਈ ਮਨਜੀਤ ਸਿੰਘ ਵੱਲੋਂ ਆਪਣੇ ਪਿਤਾ ਰਾਗੀ ਭਾਈ ਪਿਆਰਾ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਅੰਮ੍ਰਿਤਸਰ ਸਥਿਤ ਭਾਈ ਵੀਰ ਸਿੰਘ ਹਾਲ ਵਿਖੇ ਹੋਏ ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਈ ਪਿਆਰਾ ਸਿੰਘ ਗੁਰੂ ਘਰ ਦੇ ਉਨ੍ਹਾਂ ਰਾਗੀਆਂ ਵਿਚੋਂ ਸਨ, ਜਿਨ੍ਹਾਂ ਨੇ ਨਿਰੋਲ ਅਤੇ ਰਵਾਇਤੀ ਕੀਰਤਨ ਕਰਦੇ ਹੋਏ ਸੰਗਤਾਂ ਦਾ ਸਨੇਹ ਪ੍ਰਾਪਤ ਕੀਤਾ। ਉਨ੍ਹਾਂ ਨੇ ਗੁਰਬਾਣੀ ਨੂੰ ਪ੍ਰੰਪਰਾਗਤ ਰਾਗਾਂ ਵਿਚ ਗਾਉਂਦਿਆਂ ਧਰਮ ਦੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਈ ਪਿਆਰਾ ਸਿੰਘ ਦੇ ਸਪੁੱਤਰ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਵੀ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸੇਵਾਵਾਂ ਨਿਭਾਅ ਰਹੇ ਹਨ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਭੌਰ, ਡਾ. ਇੰਦਰਜੀਤ ਸਿੰਘ ਗੋਗੋਆਣੀ, ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਵੀ ਸੰਬੋਧਨ ਕਰਦਿਆਂ ਭਾਈ ਪਿਆਰਾ ਸਿੰਘ ਵੱਲੋਂ ਗੁਰਬਾਣੀ ਕੀਰਤਨ ਦੇ ਖੇਤਰ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਵੱਲੋਂ ਨਿਭਾਈ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਖਦੇਵ ਸਿੰਘ ਭੌਰ, ਬੀਬੀ ਕਿਰਨਜੋਤ ਕੌਰ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸ. ਰਜਿੰਦਰਮੋਹਨ ਸਿੰਘ ਛੀਨਾ, ਡਾ. ਚੇਤੰਨ ਸਿੰਘ, ਫੈਡਰੇਸ਼ਨ ਆਗੂ ਸ. ਜਸਬੀਰ ਸਿੰਘ ਘੁੰਮਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਮੈਨੇਜਰ ਸ. ਰਾਜ ਸਿੰਘ, ਸ. ਰਮਿੰਦਰਬੀਰ ਸਿੰਘ, ਪ੍ਰੋ. ਬਲਜਿੰਦਰਪਾਲ ਸਿੰਘ, ਸ. ਬਲਬੀਰ ਸਿੰਘ ਚੰਗਿਆੜਾ, ਸ. ਭਗਵੰਤਪਾਲ ਸਿੰਘ ਸੱਚਰ, ਸ. ਤਰਲੋਚਨ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ, ਸ. ਸਤਪਾਲ ਸਿੰਘ ਦਾਨਸ਼, ਭਾਈ ਸਰਬਜੀਤ ਸਿੰਘ ਯੂਕੇ, ਸ. ਰਣਦੀਪ ਸਿੰਘ ਤੇ ਸ. ਅੰਮ੍ਰਿਤ ਸਿੰਘ ਆਦਿ ਮੌਜੂਦ ਸਨ।
Comments (0)