ਬਾਬਾ ਗੁਰੂ ਨਾਨਕ ਯੂਨੀਵਰਸਿਟੀ ਲਈ ਪਾਕਿ ਦੀ ਸੂਬਾਈ ਅਸੈਂਬਲੀ 'ਚ ਫੰਡਾਂ ਨੂੰ ਮਨਜ਼ੂਰੀ

ਬਾਬਾ ਗੁਰੂ ਨਾਨਕ ਯੂਨੀਵਰਸਿਟੀ ਲਈ ਪਾਕਿ ਦੀ ਸੂਬਾਈ ਅਸੈਂਬਲੀ 'ਚ ਫੰਡਾਂ ਨੂੰ  ਮਨਜ਼ੂਰੀ

ਲਾਹੌਰ: ਪਾਕਿਸਤਾਨ ਦੇ ਪ੍ਰਬੰਧ ਹੇਠਲੇ ਲਹਿੰਦੇ ਪੰਜਾਬ ਦੀ ਅਸੈਂਬਲੀ ਵਲੋਂ ਬਜਟ ਇਜਲਾਸ ਦੌਰਾਨ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੀ ਉਸਾਰੀ ਲਈ ਲੋੜੀਂਦੇ ਫੰਡਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਲਾਹੌਰ ਤੋਂ ਬਾਬਰ ਜਲੰਧਰੀ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਕੌਮਾਂਤਰੀ ਯੂਨੀਵਰਸਿਟੀ ਲਈ ਫੰਡਾਂ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਨਾਲ-ਨਾਲ 70 ਏਕੜ ਜ਼ਮੀਨ ਵੀ ਅਲਾਟ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਰ ਵਲੋਂ ਯੂਨੀਵਰਸਿਟੀ ਦੀ ਉਸਾਰੀ ਦਾ ਮਾਮਲਾ ਇਸ ਵਰ੍ਹੇ ਦੇ ਵਿਕਾਸ ਪ੍ਰੋਗਰਾਮ 'ਚ ਸ਼ਾਮਿਲ ਕੀਤਾ ਗਿਆ ਹੈ। ਨਨਕਾਣਾ ਸਾਹਿਬ 'ਚ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਾਉਣ ਲਈ ਪਾਕਿਸਤਾਨ 'ਚ ਰਹਿ ਰਹੇ ਸਿੱਖ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ, ਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਉਕਤ ਐਲਾਨ ਨੂੰ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿ ਸਰਕਾਰ ਵਲੋਂ ਉਨ੍ਹਾਂ ਨੂੰ ਦਿੱਤਾ ਗਿਆ ਇਕ ਵੱਡਾ ਤੋਹਫਾ ਦੱਸਿਆ ਹੈ।

ਉੱਧਰ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਖੁਰਮ ਸ਼ਹਿਜ਼ਾਦ ਨੇ ਕਿਹਾ ਹੈ ਕਿ ਪਾਕਿ 'ਚ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਵਲੋਂ ਸ਼ਾਂਤੀ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ ਲਈ ਬਾਬਾ ਗੁਰੂ ਨਾਨਕ ਰਿਸਰਚ ਚੇਅਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦੇ ਬਾਅਦ ਹੁਣ ਯੂਨੀਵਰਸਿਟੀ ਦੇ ਵਿਦਿਆਰਥੀ ਬਾਬਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਖੋਜ ਕਰਨਗੇ। 

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਤੇ ਉਸਾਰੀ ਜਾਣ ਵਾਲੀ ਉਕਤ ਯੂਨੀਵਰਸਿਟੀ 'ਚ ਇਕੱਲੇ ਪਾਕਿਸਤਾਨ ਦੇ ਹੀ ਨਹੀਂ, ਸਗੋਂ ਦੁਨੀਆ ਭਰ ਦੇ ਸਿੱਖਾਂ ਦੇ ਬੱਚੇ ਗਿਆਨ ਹਾਸਲ ਕਰ ਸਕਣਗੇ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ