ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਅਤੇ ਪਾਣੀਪਤ ਦੇ ਪਿੰਡ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕੀਤਾ ਗਿਆ

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਅਤੇ ਪਾਣੀਪਤ ਦੇ ਪਿੰਡ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕੀਤਾ ਗਿਆ

ਦਿੱਲੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਖੱਟਰ ਦਾ ਧੰਨਵਾਦ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 26 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਰੇਡੀਓ ’ਤੇ ਪ੍ਰਸਾਰਿਤ ਹੋਣ ਵਾਲੇ ਆਪਣੇ ਮਹੀਨੇਵਾਰ ਪ੍ਰੋਗਰਾਮ ‘ਮਨ ਕੀ ਬਾਤ’ ’ਚ ਚੰਡੀਗੜ੍ਹ ਅੰਤਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ ’ਤੇ ਰੱਖਣ ਦਾ ਐਲਾਨ ਕਰਨ ਲਈ ਉਨ੍ਹਾਂ ਦਾ ਸਮੂੰਹ ਸਿੱਖਾਂ ਵੱਲੋਂ ਧੰਨਵਾਦ ਕੀਤਾ ਹੈ । ਦੋਵਾਂ ਸਿੱਖ ਆਗੂਆਂ ਨੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਐਲਾਨ ਨਾਲ ਪੂਰੀ ਸਿੱਖ ਕੌਮ ਨੂੰ ਫ਼ਖ਼ਰ ਮਹਿਸੂਸ ਹੋ ਰਿਹਾ ਹੈ ਕਿਉਂਕਿ ਸਭ ਨੂੰ ਪਤਾ ਹੈ ਕਿ ਦੇਸ਼ ਦੀ ਆਜ਼ਾਦੀ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਕਿੰਨੀ ਵੱਡੀ ਕੁਰਬਾਨੀ ਕੀਤੀ ਹੈ ਅਤੇ ਅਜਿਹੀ ਸਿੱਖ ਸ਼ਖ਼ਸੀਅਤ ਦੇ ਨਾਂਅ ’ਤੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਰੱਖਣਾ ਨਾ ਸਿਰਫ਼ ਸਿੱਖਾਂ ਬਲਕਿ ਹੋਰਨਾਂ ਦੇਸ਼ਵਾਸੀਆਂ ਲਈ ਵੀ ਬਹੁਤ ਮਾਣ ਵਾਲੀ ਗੱਲ ਹੈ ।

ਸ. ਜਗਦੀਪ ਸਿੰਘ ਕਾਹਲੋਂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦਾ ਵੀ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਪਾਣੀਪਤ ਜ਼ਿਲ੍ਹੇ ਦੇ ਪਿੰਡ ਬਾਬਰਪੁਰ ਦਾ ਨਾਂਅ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਨੂੰ ਸਮਰਪਿਤ ਕੀਤਾ ਹੈ । ਇਸ ਪਿੰਡ ਦਾ ਨਾਂਅ ਹੁਣ ‘ਗੁਰੂ ਨਾਨਕ ਪੁਰਾ’ ਰੱਖਣ ਦਾ ਐਲਾਨ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਬੀਤੇ ਕਲ੍ਹ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਪਾਣੀਪਤ ’ਚ ਗੁਰਦੁਆਰਾ ਇਸਰਾਣਾ ਸਾਹਿਬ ਵਿਖੇ ਨਤਮਸਤਕ ਹੋਏ ਸਨ । ਇਸ ਦੌਰਾਨ ਉਨ੍ਹਾਂ ਨੇ ਸਿੱਖ ਸੰਗਤਾਂ ਵਿਚਾਲੇ ਪਿੰਡ ਬਾਬਰਪੁਰ ਦਾ ਨਾਂਅ ਬਦਲ ਕੇ ‘ਗੁਰੂ ਨਾਨਕ ਪੁਰਾ’ ਕੀਤੇ ਜਾਣ ਦਾ ਐਲਾਨ ਕੀਤਾ ਸੀ।