ਬਾਦਲ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿੱਟ ਤੋਂ ਬਾਹਰ ਕੀਤਾ

ਬਾਦਲ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿੱਟ ਤੋਂ ਬਾਹਰ ਕੀਤਾ
ਕੁੰਵਰ ਵਿਜੇ ਪ੍ਰਤਾਪ ਸਿੰਘ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕੀਤੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਖਾਸ ਜਾਂਚ ਟੀਮ (ਸਿੱਟ) ਵਿਚੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਾਹਰ ਕਰ ਦਿੱਤਾ ਹੈ।  ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕੁੰਵਰ ਵਿਜੇ ਪ੍ਰਤਾਪ ਸਿੰਘ ਉਦੋਂ ਤੱਕ ਇਸ ਖਾਸ ਜਾਂਚ ਟੀਮ ਤੋਂ ਦੂਰ ਰਹਿਣਗੇ, ਜਦੋਂ ਤੱਕ ਆਦਰਸ਼ ਚੋਣ–ਜ਼ਾਬਤਾ ਲਾਗੂ ਰਹੇਗਾ।

ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੌਜੂਦਾ ਨਿਯੁਕਤੀਆਂ ਤੋਂ ਲਾਂਭੇ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਚੋਣਾਂ ਕਰਵਾਉਣ ਨਾਲ ਸਬੰਧਤ ਕੋਈ ਅਹੁਦਾ ਨਹੀਂ ਦਿੱਤਾ ਜਾਵੇਗਾ। 

ਚੋਣ ਕਮਿਸ਼ਨ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਵਾਲੇ ਹੁਕਮ ਦੀ ਪਾਲਣਾ–ਰਿਪੋਰਟ ਸੋਮਵਾਰ ਸ਼ਾਮੀਂ 5:00 ਵਜੇ ਤੱਕ ਭੇਜੀ ਜਾਵੇ। ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਇਹ ਹਦਾਇਤ ਵੀ ਜਾਰੀ ਕੀਤੀ ਹੈ ਕਿ ਉਹ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਕੋਈ ਵੀ ਅਜਿਹੇ ਵਿਸ਼ੇ ਉੱਤੇ ਕਿਸੇ ਨਾਲ ਕੋਈ ਗੱਲਬਾਤ ਨਾ ਕਰਨ।

ਚੇਤੇ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇੱਕ ਟੀਵੀ ਚੈਨਲ ਨੂੰ ਦਿੱਤਾ ਇੰਟਰਵਿਊ ਸਿਆਸੀ ਹਿਤਾਂ ਤੋਂ ਪ੍ਰੇਰਿਤ ਸੀ। ਜਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਖਾਸ ਜਾਂਚ ਟੀਮ (ਸਿੱਟ) ਵਿਚ ਸਭ ਤੋਂ ਵੱਧ ਕਾਰਜਸ਼ੀਲ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਹੀ ਸਨ ਤੇ ਸਿੱਟ ਦੀ ਜਾਂਚ ਵਿਚ ਬਾਦਲ ਦਲ ਦੇ ਆਗੂਆਂ ਦੀ ਸ਼ਮੂਲੀਅਤ ਸਾਹਮਣੇ ਆ ਰਹੀ ਸੀ। ਇਸ ਤੋਂ ਬਾਅਦ ਹੀ ਬਾਦਲ ਦਲ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰਕੇ ਕੁੰਵਰ ਵਿਜੇ ਪ੍ਰਤਾਪ ਨੂੰ ਲੋਕ ਸਭਾ ਚੋਣਾਂ ਤੱਕ ਪੰਜਾਬ ਤੋਂ ਬਾਹਰ ਤਬਦੀਲ ਕਰਨ ਲਈ ਕਿਹਾ ਸੀ। 
 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ