ਪ੍ਰਵਾਸੀ ਪੰਜਾਬੀ ਨਹੀਂ ਦਿਖਾ ਰਹੇ ਲੋਕ ਸਭਾ ਚੋਣਾਂ ਵਿਚ ਦਿਲਚਸਪੀ

ਪ੍ਰਵਾਸੀ ਪੰਜਾਬੀ ਨਹੀਂ ਦਿਖਾ ਰਹੇ ਲੋਕ ਸਭਾ ਚੋਣਾਂ ਵਿਚ ਦਿਲਚਸਪੀ

ਰਾਜਨੀਤੀ ਨੂੰ ਲੋਕ ਸੇਵਾ ਦੀ ਥਾਂ ਇੱਕ ਧੰਦੇ ਵਜੋਂ ਅਪਨਾਉਣ ਕਾਰਣ ਐਨ ਆਰ ਆਈ ਨਿਰਾਸ਼ 

*ਮਾਰਚ-2024 ਤੱਕ ਵੋਟਰ ਸੂਚੀ ਮੁਤਾਬਕ ਪੰਜਾਬ ਵਿਚ ਐੱਨ. ਆਰ. ਆਈ. ਵੋਟਰਾਂ ਦੀ ਗਿਣਤੀ 1597

ਪੰਜਾਬ ਤੋਂ ਜਾ ਕੇ ਵਿਦੇਸ਼ਾਂ ਵਿਚ ਵਸੇ ਲੱਖਾਂ ਐੱਨ. ਆਰ. ਆਈ. ਲੋਕ ਸਭਾ ਚੋਣਾਂ ਵਿਚ ਕੋਈ ਦਿਲਚਸਪੀ ਨਹੀਂ ਦਿਖਾ ਰਹੇ ਹਨ। ਭਾਵੇਂ ਕਿ ਪੰਜਾਬ ਵਿਚੋਂ ਰੁਜ਼ਗਾਰ ਲਈ ਵਿਦੇਸ਼ਾਂ ਵਿੱਚ ਜਾ ਕੇ ਵਸੇ ਲੱਖਾਂ ਲੋਕਾਂ ਦਾ ਆਪਣੇ ਪਿੰਡਾਂ-ਕਸਬਿਆਂ ਲਈ ਅੰਤਾਂ ਦਾ ਮੋਹ ਹੈ, ਉਹ ਆਪਣੇ ਜਨਮ ਸਥਾਨ ਨੂੰ ਚੰਗੇਰਾ ਬਨਾਉਣ ਲਈ ਸਦਾ ਉਤਸਕ ਦਿਸਦੇ ਹਨ, ਮਾਲੀ ਮਦਦ ਵੀ ਦੇ ਰਹੇ ਹਨ ਅਤੇ ਸਮੇਂ ਸਮੇਂ ਉਹ ਪਿੰਡ ਪੰਚਾਇਤਾਂ, ਵਿਧਾਨ ਸਭਾ ਚੋਣਾਂ ਵਿੱਚ ਡੂੰਘੀ ਦਿਲਚਸਪੀ ਲੈਂਦੇ ਰਹੇ ਹਨ, ਪਰ 2024 ਦੀਆਂ ਲੋਕ ਸਭਾ ਚੋਣਾਂ ਲਈ ਉਹ ਕੋਈ ਵਿਸ਼ੇਸ਼ ਦਿਲਚਸਪੀ ਨਹੀਂ ਰੱਖ ਰਹੇ।ਕੀ ਉਨ੍ਹਾਂ ਦਾ ਚੋਣਾਂ ਪ੍ਰਤੀ ਮੋਹ ਭੰਗ ਹੋ ਗਿਆ ਹੈ?

ਪੰਜਾਬੀਆਂ ਦੇ ਲੋਕ ਸਭਾ ਵਿਚ ਮੋਹ ਭੰਗ ਹੋਣ ਦਾ ਕਾਰਨ ਉਹ ਨੇਤਾ ਲੋਕ ਹਨ, ਜਿਹਨਾਂ ਨੇ ਰਾਜਨੀਤੀ ਨੂੰ ਲੋਕ ਸੇਵਾ ਵਜੋਂ ਨਹੀਂ ਇੱਕ ਧੰਦੇ ਵਜੋਂ ਅਪਨਾਇਆ ਹੋਇਆ ਹੈ ਅਤੇ ਜਿਹੜੇ ਆਪਣੇ ਹਿੱਤਾਂ ਦੀ ਖਾਤਰ ਲੋਕ ਹਿੱਤ ਵੇਚਣ ਤੋਂ ਗੁਰੇਜ਼ ਨਹੀਂ ਕਰਦੇ। ਪ੍ਰਵਾਸੀ ਵੀਰਾਂ ਨੇ ਕਦੇ ਲੋਕ ਭਲਾਈ ਪਾਰਟੀ ਦੇ ਨੇਤਾ ਬਲਵੰਤ ਸਿੰਘ ਰਾਮੂੰਵਾਲੀਆ ਨੂੰ ਭਰਪੂਰ ਸਹਿਯੋਗ ਦਿੱਤਾ। ਫਿਰ ਮਨਪ੍ਰੀਤ ਸਿੰਘ ਬਾਦਲ ਦੀ ਪਾਰਟੀ ਪੀ ਪੀ ਪੀ ਦਾ ਪੂਰਾ ਸਾਥ ਦਿੱਤਾ।ਪ੍ਰਵਾਸੀ ਪੰਜਾਬੀ ਲੰਮੇ ਸਮੇਂ ਤੋਂ ਹੀ ਦੇਸ਼ ਦੀਆਂ ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਨਾਲ ਜੁੜੇ ਹੋਏ ਹਨ। ਭਾਰਤ ਵਿੱਚ 1969 ਤੋਂ ਇੰਡੀਅਨ ਓਵਰਸੀਜ਼ ਕਾਂਗਰਸ ਦੀਆਂ ਕਈ ਇਕਾਈਆਂ ਸਥਾਪਿਤ ਹੋਈਆਂ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਅਤੇ ਹੁਣ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਖਹਿਰਾ ਅਤੇ ਲੁਧਿਆਣਾ ਦੇ ਬੈਂਸ ਭਰਾਵਾਂ ਦੀ ਪਾਰਟੀ ਲੋਕ ਇਨਸਾਫ ਪਾਰਟੀ ਵਲੋਂ ਵੀ ਆਪਣੇ ਵਿਦੇਸ਼ੀ ਸਮਰਥਕਾਂ, ਸੰਸਥਾਵਾਂ ਨਾਲ ਗੂੜ੍ਹੇ ਸਬੰਧ ਬਣਾ ਰੱਖੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ, ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ, ਕਾਂਗਰਸ ਪਾਰਟੀ ਦੇ ਹੱਕ ਵਿੱਚ ਸਮੇਂ ਸਮੇਂ ਪ੍ਰਚਾਰ ਕਰਦੇ ਰਹਿੰਦੇ ਸਨ ਅਤੇ ਸਿੱਖ ਖੇਡਾਂ ਜਾਂ ਹੋਰ ਸਮਾਗਮਾਂ ਸਮੇਂ ਪਬਲਿਕ ਅਤੇ ਪ੍ਰਾਈਵੇਟ ਮਿਲਣੀਆਂ ਕਰਦੇ ਰਹੇ ਸਨ ਅਤੇ ਪੰਜਾਬੀ ਮੀਡੀਏ ਦੇ ਪ੍ਰਤੀਨਿਧਾਂ ਨਾਲ ਮਿਲਕੇ ਆਪਣੇ ਪਾਰਟੀ ਪ੍ਰੋਗਰਾਮਾਂ ਦਾ ਪ੍ਰਚਾਰ ਕਰਕੇ ਵੱਡੀ ਮਾਇਕ ਸਹਾਇਤਾ ਅਤੇ ਸਹਿਯੋਗ ਆਪਣੀ ਪਾਰਟੀ ਲਈ ਇੱਕਠੀ ਕਰਦੇ ਰਹੇ। ਮਹਿੰਦਰ ਸਿੰਘ ਗਿਲਜੀਆਂ ਅਮਰੀਕਾ ਵਿੱਚ ਅਤੇ ਓਵਰਸੀਜ਼ ਕਾਂਗਰਸ ਦੇ ਯੂ.ਕੇ. ਦੇ ਨੇਤਾ ਦਲਜੀਤ ਸਿੰਘ ਸਹੋਤਾ ਅਤੇ ਇਟਲੀ ਦੇ ਕਰਮਜੀਤ ਸਿੰਘ ਢਿਲੋਂ ਆਦਿ ਇਹੋ ਜਿਹੇ ਪ੍ਰਵਾਸੀ ਪੰਜਾਬੀ ਹਨ, ਜਿਹੜੇ ਕਾਂਗਰਸ ਦੀ ਉੱਚ ਲੀਡਰਸ਼ਿਪ ਨੂੰ ਇਹਨਾ ਦੇਸ਼ਾਂ ਵਿਚ ਸਵਾਗਤ ਕਰਨ ਵੇਲੇ ਮੋਹਰੀ ਰੋਲ ਅਦਾ ਕਰਦੇ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਕਦੇ ਪ੍ਰਵਾਸੀ ਪੰਜਾਬੀਆਂ ਵਿਚ ਵੱਡਾ ਅਸਰ ਬਣਾਇਆ ਸੀ, ਅਮਰੀਕਾ, ਕੈਨੇਡਾ, ਬਰਤਾਨੀਆ ਅਤੇ ਹੋਰ ਮੁਲਕਾਂ ਵਿਚ ਆਪਣੀਆਂ ਇਕਾਈਆਂ ਖੋਲ੍ਹੀਆਂ, ਗੁਰਦੁਆਰਿਆਂ ਵਿਚ ਆਪਣੀ ਸਿਆਸਤ ਕੀਤੀ। ਪਰ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਵੱਡੀ ਹਾਰ ਨੂੰ ਉਨ੍ਹਾਂ ਨੇ ਪ੍ਰਵਾਸੀ ਪੰਜਾਬੀਆਂ ਕਾਰਨ ਆਪਣੀ ਹਾਰ ਹੋਈ ਮੰਨਿਆ, ਕਿਉਂਕਿ ਪ੍ਰਵਾਸੀ ਪੰਜਾਬੀਆਂ ਨੇ ਖੁਲ੍ਹੇ ਆਮ ਆਦਮੀ ਪਾਰਟੀ ਦੀ ਹਮਾਇਤ ਕੀਤੀ ਸੀ। ਸਿੱਟੇ ਵਜੋਂ ਆਮ ਆਦਮੀ ਪਾਰਟੀ ਦੇ ਚਾਰ ਮੈਂਬਰ ਪਾਰਲੀਮੈਂਟ ਚੁਣੇ ਗਏ। ਇਸੇ ਗੁੱਸੇ ਵਿੱਚ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਵਿਦੇਸ਼ਾਂ ਵਿੱਚ ਸਥਾਪਿਤ ਸ਼੍ਰੋਮਣੀ ਅਕਾਲੀ ਦਲ ਦੀਆਂ ਇਕਾਈਆਂ ਨੂੰ ''ਨਾਟ ਰਿਕੁਆਇਰਡ ਇੰਡੀਅਨਜ਼'' ਗੁਰਦਾਨਦੇ ਹੋਏ ਭੰਗ ਕਰ ਦਿੱਤਾ। ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਪ੍ਰਵਾਸੀ ਸੰਮੇਲਨ, ਜਿਹਨਾਂ ਵਿੱਚ ਆਪਣੇ ਚਹੇਤਿਆਂ ਨੂੰ ਸੱਦਕੇ ਸਨਮਾਨਿਆ ਜਾਂਦਾ ਸੀ, ਉਨ੍ਹਾਂ ਨੂੰ ਵੀ ਆਈ ਪੀ ਟਰੀਟਮੈਂਟ ਦਿੱਤਾ ਜਾਂਦਾ ਸੀ, ਸਰਕਾਰੀ ਗੱਡੀਆਂ 'ਦਿਤੀਆਂ ਜਾਂਦੀਆਂ ਸਨ, ਹੋਟਲਾਂ ਵਿਚ ਉਨ੍ਹਾਂ ਦੀ ਆਓ ਭਗਤ ਹੁੰਦੀ ਸੀ, ਬੰਦ ਕਰ ਦਿੱਤੇ ਗਏ। ਪਰ ਜਦੋਂ ਪ੍ਰਵਾਸੀ ਸਹਿਯੋਗ ਵੋਟਾਂ ਨੋਟਾਂ ਬਿਨ੍ਹਾਂ ਨਾ ਸਰਿਆ ਤਾਂ ਬਾਅਦ ਵਿੱਚ ਛੇਤੀ ਹੀ ਅਮਰੀਕਾ, ਕੈਨੇਡਾ ਅਤੇ ਅਸਟ੍ਰੇਲੀਆ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਕਈ ਇਕਾਈਆਂ ਸਥਾਪਤ ਕੀਤੀਆਂ। ਪਰ ਸ਼੍ਰੋਮਣੀ ਅਕਾਲੀ ਦਲ ਦੀ ਉਪਰਲੀ ਲੀਡਰਸ਼ਿਪ, ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਕਾਰਨ, ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲਾਂ ਵਿਰੁੱਧ ਸਿੱਖਾਂ ਵਿਚ ਪੈਦਾ ਹੋਏ ਰੋਸ ਕਾਰਨ, ਉਨ੍ਹਾਂ ਦੇਸ਼ਾਂ ਵਿਚ ਆਪਣੇ ਪੈਰ ਨਹੀਂ ਜਮ੍ਹਾ ਸਕੀ। ਕਾਂਗਰਸੀ ਨੇਤਾਵਾਂ ਖਾਸ ਕਰਕੇ ਪੰਜਾਬੀ ਕਾਂਗਰਸੀ ਨੇਤਾਵਾਂ ਨੂੰ ਵੀ ਲਗਭਗ ਇਹੋ ਜਿਹੀ ਸਥਿਤੀ ਦਾ ਹੀ ਸਾਹਮਣਾ ਕਰਨਾ ਪਿਆ, ਜਿਸਦੇ ਉੱਚ ਨੇਤਾ ਸਮੇਤ ਮੁੱਖ ਮੰਤਰੀ ਅਮਰਿੰਦਰ ਸਿੰਘ ਪ੍ਰਵਾਸੀ ਪੰਜਾਬੀਆਂ ਦੇ ਕੋਲ ਨਾ ਪੁੱਜ ਸਕੇ ਅਤੇ ਨਾ ਹੀ ਉਨ੍ਹਾਂ ਦੀ ਹਮਾਇਤ ਪ੍ਰਾਪਤ ਕਰ ਸਕੇ।

ਅਕਾਲੀ ਅਤੇ ਕਾਂਗਰਸ ਦੇ ਪੰਜਾਬੀ ਆਗੂਆਂ ਨਾਲੋਂ ਆਮ ਆਦਮੀ ਪਾਰਟੀ ਦੇ ਆਗੂ ਵਿਦੇਸ਼ਾਂ ਵਿੱਚ ਵਧੇਰੇ ਸਰਗਰਮ ਹਨ। ਭਾਵੇਂ ਕਿ ਉਨ੍ਹਾਂ ਵਿਚੋਂ ਟੁੱਟਕੇ ਬਹੁਤ ਲੋਕ ਸੁਖਪਾਲ ਸਿੰਘ ਖਹਿਰਾ ਅਤੇ ਬੈਂਸ ਭਰਾਵਾਂ ਦੀਆਂ ਪਾਰਟੀਆਂ ਨਾਲ ਜੁੜੇ ਹਨ, ਪਰ ਖੱਖੜੀ ਖੱਖੜੀ ਹੋਈਆਂ ਇਹਨਾ ਧਿਰਾਂ ਨਾਲ ਵੀ ਪ੍ਰਵਾਸੀ ਪੰਜਾਬੀਆਂ ਦਾ ਹੁਣ ਬਹੁਤਾ ਤੇਹ-ਪਿਆਰ ਵੇਖਣ ਨੂੰ ਨਹੀਂ ਮਿਲ ਰਿਹਾ। ਕਦੇ ਕੇਜਰੀਵਾਲ, ਸੁੱਚਾ ਸਿੰਘ ਛੋਟੇਪੁਰ, ਭਗਵੰਤ ਮਾਨ ਜਿਹੇ ਨੇਤਾਵਾਂ ਨੂੰ ਪ੍ਰਵਾਸੀ ਹੱਥੀਂ ਛਾਵਾਂ ਕਰਦੇ ਸਨ। ਹਜ਼ਾਰਾਂ, ਲੱਖਾਂ ਡਾਲਰ ਉਨ੍ਹਾਂ ਆਮ ਆਦਮੀ ਪਾਰਟੀ ਲਈ ਕੁਰਬਾਨ ਕਰ ਦਿੱਤੇ ਤਾਂ ਜੋ ਪੰਜਾਬ ਦਾ ਸੁਧਾਰ ਹੋਵੇ ਪਰ ਅੰਤ ਵਿੱਚ ਉਨ੍ਹਾਂ ਪੱਲੇ ਨਿਰਾਸ਼ਤਾ ਆਈ। ਆਮ ਆਦਮੀ ਪਾਰਟੀ ਨੂੰ ਤਾਂ ਉਨ੍ਹਾਂ ਤਨ, ਮਨ, ਧਨ ਨਾਲ ਸਹਾਇਤਾ ਦਿੱਤੀ, ਇਸ ਨੂੰ ਕਬੂਲਿਆ ਅਤੇ ਪੰਜਾਬ ਵਿਚ ਆਕੇ ਵੀ ਇਸਦੇ ਹੱਕ ਵਿੱਚ ਪ੍ਰਚਾਰ ਕੀਤਾ ਪਰ ਆਮ ਆਦਮੀ ਪਾਰਟੀ ਦੇ ਨੇਤਾ ਪ੍ਰਵਾਸੀ ਪੰਜਾਬੀਆਂ ਦੇ ਪਿਆਰ ਦੇ ਹਾਣ ਦੇ ਨਾ ਹੋ ਸਕੇ। '

ਪ੍ਰਵਾਸੀ ਪੰਜਾਬੀਆਂ ਦਾ ਸਿਆਸਤ ਵਿਚੋਂ ਮੋਹ ਭੰਗ ਹੋਣ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪਿਛਲੇ 5 ਸਾਲਾਂ ਦੌਰਾਨ ਸਿਰਫ 75 ਐੱਨ. ਆਰ. ਆਈ. ਹੀ ਵਧੇ ਹਨ।

ਜੇਕਰ ਚੋਣ ਕਮਿਸ਼ਨ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਮਾਰਚ-2024 ਤੱਕ ਵੋਟਰ ਸੂਚੀ ਮੁਤਾਬਕ ਪੰਜਾਬ ਵਿਚ ਐੱਨ. ਆਰ. ਆਈ. ਵੋਟਰਾਂ ਦੀ ਗਿਣਤੀ 1597 ਹੈ, ਜਦੋਂ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਇਹ ਗਿਣਤੀ 1522 ਸੀ, ਜਦੋਂ ਕਿ ਪੰਜਾਬ ਤੋਂ ਲੱਖਾਂ ਪੰਜਾਬੀ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਸਮੇਤ ਹੋਰ ਦੇਸ਼ਾਂ ਵਿਚ ਜਾ ਕੇ ਵਸੇ ਹੋਏ ਹਨ। ਇਹ ਐੱਨ. ਆਰ. ਆਈ. ਸਮੇਂ-ਸਮੇਂ 'ਤੇ ਪੰਜਾਬ ਵੀ ਆਉਂਦੇ ਰਹਿੰਦੇ ਹਨ।

ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਏ ਐੱਨ. ਆਰ. ਆਈ. ਮਿਲਣੀ ਸਮਾਰੋਹ ਵਿਚ ਵੀ ਵੱਡੀ ਗਿਣਤੀ ਵਿਚ ਐੱਨ. ਆਰ. ਆਈ. ਹਿੱਸਾ ਲੈਣ ਲਈ ਪੁੱਜੇ ਸਨ। ਇਕ ਅਖ਼ਬਾਰ ਵਿਚ ਛਪੇ ਅੰਕੜਿਆਂ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਐੱਨ. ਆਰ. ਆਈ. ਵੋਟਰਾਂ ਦੀ ਗਿਣਤੀ ਕੁੱਝ ਇਸ ਤਰ੍ਹਾਂ ਹੈ-ਗੁਰਦਾਸਪੁਰ ਵਿਚ 442, ਅੰਮ੍ਰਿਤਸਰ ਵਿਚ 57, ਖਡੂਰ ਸਾਹਿਬ ਵਿਚ 342, ਜਲੰਧਰ ਵਿਚ 75, ਹੁਸ਼ਿਆਰਪੁਰ ਵਿਚ 135, ਅਨੰਦਪੁਰ ਸਾਹਿਬ 'ਚ 278, ਲੁਧਿਆਣਾ 'ਚ 65, ਫਤਿਹਗੜ੍ਹ ਸਾਹਿਬ ਵਿਚ 36, ਫਰੀਦਕੋਟ 'ਚ 58, ਫਿਰੋਜ਼ਪੁਰ ਵਿਚ 21, ਬਠਿੰਡਾ ਵਿਚ 16, ਸੰਗਰੂਰ ਵਿਚ 36 ਅਤੇ ਪਟਿਆਲਾ ਵਿਚ 36 ਹੈ। ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ. ਦਾ ਕਹਿਣਾ ਹੈ ਕਿ ਕਿ ਪੰਜਾਬ ਵਿਚ ਐੱਨ. ਆਰ. ਆਈ. ਵੋਟਰਾਂ ਦੀ ਗਿਣਤੀ ਕਾਫੀ ਘੱਟ ਹੈ ਪਰ ਚੋਣ ਕਮਿਸ਼ਨ ਕੋਸ਼ਿਸ਼ ਕਰ ਰਿਹਾ ਹੈ ਕਿ ਜ਼ਿਆਦਾ ਗਿਣਤੀ ਵਿਚ ਐਨ. ਆਰ. ਆਈ. ਲੋਕ ਵੋਟਰ ਸੂਚੀ ਵਿਚ ਆਪਣਾ ਨਾਂ ਦਰਜ ਕਰਵਾਉਣ।

ਇੰਗਲੈਂਡ ਦੇ ਪੱਤਰਕਾਰ ਡਾਕਟਰ ਸ਼ਿੰਗਾਰਾ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਪ੍ਰਵਾਸੀ ਪੰਜਾਬੀਆਂ ਪੰਜਾਬ ਦੇ ਵਿਕਾਸ ਪਾਉਣ ਦਾ ਯਤਨ ਕੀਤਾ। ਧਰਮ ਅਸਥਾਨ, ਹਸਪਤਾਲ,ਸੀਵਰੇਜ, ਸਟੇਡੀਅਮ ਆਦਿ ਦੀ ਉਸਾਰੀ ਕਰਾਈ। ਟੂਰਨਾਮੈਂਟ ਕਰਵਾਏ, ਖੇਡਾਂ ਨੂੰ ਉਤਸ਼ਾਹਿਤ ਕੀਤਾ। ਪਰ ਉਹਨਾ ਦੀ ਵਿਸ਼ੇਸ਼ ਤਾਂਘ ਆਪਣੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ। ਉਹ ਆਪਣੇ ਪਿੰਡਾਂ ਸ਼ਹਿਰਾਂ ਵਿਚ ਉਸੇ ਕਿਸਮ ਦੀਆਂ ਸਹੂਲਤਾਂ, ਨਾਗਰਿਕ ਹੱਕ ਦਵਾਉਣ ਦੇ ਚਾਹਵਾਨ ਹਨ, ਜਿਹਨਾਂ ਨੂੰ ਉਹ ਆਪ ਹੰਢਾ ਰਹੇ ਹਨ। ਇਸੇ ਕਰਕੇ ਉਹ ਆਪਣੇ ਦੇਸ਼ ਵਿਚ ਸੁਚੱਜੀ ਸਰਕਾਰ ਦੇ ਚਾਹਵਾਨ ਰਹੇ ਹਨ।

ਪਰ ਕੁਰਸੀਆਂ ਹਥਿਆਉਣ ਲਈ ਹਰ ਹੀਲਾ ਵਰਤਣ ਵਾਲੇ ਨੇਤਾਵਾਂ ਨੇ ਪਿਛਲੇ ਸਮੇਂ ਵਿਚ ਪ੍ਰਵਾਸੀਆਂ ਦੇ ਸੁਫਨੇ ਚੂਰ- ਚੂਰ ਕੀਤੇ ਹਨ। ਸ਼ਾਇਦ ਇਸੇ ਕਰਕੇ ਪ੍ਰਵਾਸੀ ਖਾਸ ਕਰਕੇ ਕੈਨੇਡਾ, ਅਮਰੀਕਾ ਵਸਦੇ ਪ੍ਰਵਾਸੀ ਪੰਜਾਬੀ ''ਗੰਦਲੀ ਭਾਰਤੀ ਸਿਆਸਤ'' ਤੋਂ ਮੂੰਹ ਫੇਰ ਬੈਠੇ ਹਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਹਾਲੇ ਤਕ ਕੋਈ ਖਾਸ ਦਿਲਚਸਪੀ ਨਹੀਂ ਦਿਖਾ ਰਹੇ।

 

ਬਘੇਲ ਸਿੰਘ ਧਾਲੀਵਾਲ ਪੱਤਰਕਾਰ