ਆਪ ਨੇਤਾ ਸਤੇਂਦਰ ਜੈਨ ਨੂੰ ਸਿਹਤ ਦੇ ਆਧਾਰ 'ਤੇ 6 ਹਫਤਿਆਂ ਲਈ ਸੁਪਰੀਮ ਕੋਰਟ ਵਲੋਂ ਮਿਲੀ ਅੰਤਰਿਮ ਜ਼ਮਾਨਤ

ਆਪ ਨੇਤਾ ਸਤੇਂਦਰ ਜੈਨ ਨੂੰ ਸਿਹਤ ਦੇ ਆਧਾਰ 'ਤੇ 6 ਹਫਤਿਆਂ ਲਈ ਸੁਪਰੀਮ ਕੋਰਟ ਵਲੋਂ ਮਿਲੀ ਅੰਤਰਿਮ ਜ਼ਮਾਨਤ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 26 ਮਈ (ਮਨਪ੍ਰੀਤ ਸਿੰਘ ਖਾਲਸਾ):-ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਉਨ੍ਹਾਂ ਦੀ ਵਿਗੜੀ ਹੋਈ ਸਿਹਤ ਨੂੰ ਦੇਖਦਿਆਂ 6 ਹਫਤੇਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਤੋਂ ਬਾਹਰ ਕਿਤੇ ਨਹੀਂ ਜਾ ਸਕਦੇ ਹਨ ਅਤੇ ਨਾ ਹੀ ਮੀਡੀਆ ਵਿੱਚ ਕੋਈ ਬਿਆਨ ਦੇ ਸਕਦੇ ਹਨ।

ਜ਼ਿਕਰਯੋਗ ਹੈ ਕਿ ਸਤੇਂਦਰ ਜੈਨ ਬੁੱਧਵਾਰ ਰਾਤ ਤਿਹਾੜ ਜੇਲ ਦੇ ਬਾਥਰੂਮ 'ਚ ਚੱਕਰ ਆਉਣ ਕਾਰਨ ਡਿੱਗ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ 'ਚ ਕੋਈ ਸੁਧਾਰ ਨਾ ਹੋਣ 'ਤੇ ਵੀਰਵਾਰ ਨੂੰ ਉਨ੍ਹਾਂ ਨੂੰ ਐਲਐਨਜੇਪੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ । ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 31 ਮਈ 2022 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

ਸੁਪਰੀਮ ਕੋਰਟ ਵਿੱਚ ਜੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਪਿਛਲੇ ਹਫ਼ਤੇ ਅਦਾਲਤ ਨੂੰ ਦੱਸਿਆ ਸੀ ਕਿ ਸਾਬਕਾ ਮੰਤਰੀ ਦਾ ਵਜ਼ਨ 35 ਕਿਲੋ ਘਟ ਗਿਆ ਹੈ, ਹੱਡੀਆਂ ਦਾ ਢਾਂਚਾ ਬਣ ਗਿਆ ਹੈ ਅਤੇ ਉਹ ਕਈ ਬਿਮਾਰੀਆਂ ਤੋਂ ਵੀ ਪੀੜਤ ਹਨ।