ਕੈਨੇਡਾ ਦੇ ਹਾਈ ਕਮਿਸ਼ਨਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਕੈਨੇਡਾ ਦੇ ਹਾਈ ਕਮਿਸ਼ਨਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ, 27 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਦੇ ਭਾਰਤ ਵਿਚ ਹਾਈ ਕਮਿਸ਼ਨਰ ਕੈਮਰੋਨ ਮੈਕੇਅ ਤੇ ਕੈਨੇਡਾ ਹਾਈ ਕਮਿਸ਼ਨ ਦੇ ਹੋਰ ਅਧਿਕਾਰੀ ਅੱਜ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਨੇ ਉਹਨਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ ਭੇਂਟ ਕਰ ਕੇ ਸਨਮਾਨਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਹਾਈ ਕਮਿਸ਼ਨਰ ਸ੍ਰੀ ਕੈਮੋਰੋਨ ਮੈਕੇਅ ਨੇ ਕਿਹਾ ਕਿ ਉਹਨਾਂ ਨੂੰ ਇਥੇ ਆ ਕੇ ਬਹੁਤ ਖੁਸ਼ੀ ਮਿਲੀ ਹੈ ਤੇ ਉਹ ਫਿਰ ਇਥੇ ਨਤਮਸਤਕ ਹੋਣ ਆਉਣਗੇ। ਉਹਨਾਂ ਇਹ ਵੀ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਸਿੱਖ ਤੇ ਹੋਰ ਕੌਮਾਂ ਦੇ ਲੋਕ ਕੈਨੇਡਾ ਸਮਾਜ ਦਾ ਅਹਿਮ ਹਿੱਸਾ ਹਨ। ਉਹਨਾਂ ਇਹ ਵੀ ਕਿਹਾ ਕਿ ਕੈਨੇਡਾ ਭਾਰਤ ਦੀ ਪ੍ਰਭੂਸੱਤਾ ਤੇ ਅਖੰਡਤਾ ਦਾ ਸਨਮਾਨ ਕਰਦਾ ਹੈ।

ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਹਾਈ ਕਮਿਸ਼ਨਰ ਸ੍ਰੀ ਕੈਮੋਰੋਨ ਮੈਕੇਅ ਨੂੰ ਅਸੀਂ ਗੁਰੂ ਸਾਹਿਬ ਦੇ ਇਤਿਹਾਸ, ਗੁਰੂ ਨਾਨਕ ਦੇਵ ਜੀ ਦੇ ਫਲਸਫੇ ਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਹੈ ਜਿਸ ਤੋਂ ਉਹ ਕਾਫੀ ਪ੍ਰਭਾਵਤ ਹੋਏ ਹਨ।

ਉਹਨਾਂ ਕਿਹਾ ਕਿ ਹਾਈ ਕਮਿਸ਼ਨਰ ਦਾ ਇਥੇ ਪਹੁੰਚਣ ’ਤੇ ਸਨਮਾਨ ਕਰਨਾ ਸਾਡਾ ਫਰਜ਼ ਸੀ ਕਿਉਂਕਿ ਕੈਨੇਡਾ ਵਿਚ ਸਰਕਾਰ ਨੇ ਉਥੇ ਵੱਡੀਗਿਣਤੀ  ਵਿਚ ਵਸ ਰਹੇ ਸਿੱਖਾਂ ਤੇ ਪੰਜਾਬੀਆਂ ਨੂੰ ਸੰਭਾਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਇਕ ਵੱਡਾ ਹਿੱਸਾ ਅੱਜ ਕੈਨੇਡਾ ਵਿਚ ਹੈ ਜਿਹਨਾਂ ਨੂੰ ਸਰਕਾਰ ਨੇ ਰੋਜ਼ਗਾਰ ਦਿੱਤਾ ਤੇ ਵਸਾਇਆ ਹੈ ਜਿਸ ਲਈ ਅਸੀਂ ਸਰਕਾਰ ਦੇ ਧੰਨਵਾਦੀ ਹਾਂ।

ਉਹਨਾਂ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਅੱਜ ਸਿੱਖ ਉਥੇ ਸਰਕਾਰ ਵਿਚ ਮੰਤਰੀ, ਮੈਂਬਰ ਪਾਰਲੀਮੈਂਟ ਤੇ ਸੂਬਾਈ ਵਿਧਾਨ ਸਭਾਵਾਂ ਦੇ ਮੈਂਬਰ ਤੇ ਸਥਾਨਕ ਕੌਂਸਲਰ ਬਣ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਤੇ ਕੈਨੇਡਾ ਦੇ ਅਰਥਚਾਰੇ ਵਿਚ ਵੱਡਾ ਯੋਗਦਾਨ ਦੇ ਰਹੇ ਹਨ।

ਇਸ ਮੌਕੇ ’ਤੇ ਦਿੱਲੀ ਕਮੇਟੀ ਮੈਂਬਰ ਅਮਰਜੀਤ ਸਿੰਘ ਪਿੰਕੀ, ਸ. ਤਰਵਿੰਦਰ ਸਿੰਘ ਮਾਰਵਾਹ, ਗੁਰਦੇਵ ਸਿੰਘ, ਸੁਖਬੀਰ ਸਿੰਘ ਕਾਲੜਾ, ਪਰਮਜੀਤ ਸਿੰਘ ਚੰਢੋਕ, ਮਨਜੀਤ ਸਿੰਘ ਭੋਮਾ ਅਤੇ ਹੋਰ ਸ਼ਖਸੀਅਤਾਂ ਮੌਜੁਦ ਰਹੀਆਂ।