ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਪੀਲ 'ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਪੀਲ 'ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਮਾਮਲਾ ਲੱਖੀਮਪੁਰ ਖੇੜੀ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਵਾਪਰੀ ਹਿੰਸਾ ਦਾ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 7 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਹਿੰਸਾ ਨਾਲ ਸਬੰਧਤ ਇੱਕ ਮਾਮਲੇ ਵਿੱਚ ਬੀਤੇ ਦਿਨੀਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਿਹ ਰਾਜ ਮੰਤਰੀ ਅਜੈ ਮਿਸ਼ਰਾ 'ਟੇਨੀ' ਦਾ ਪੁੱਤਰ ਹੈ ਅਤੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਹੈ।

ਆਸ਼ੀਸ਼ ਮਿਸ਼ਰਾ ਨੇ ਅਦਾਲਤ ਅੰਦਰ ਲਗਾਈ ਪਟੀਸ਼ਨ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਪਿਛਲੇ ਸਾਲ 3 ਅਕਤੂਬਰ ਨੂੰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਥਿਤ ਐੱਸਯੂਵੀ ਹੇਠ ਦਰੜਨ ਮਗਰੋਂ ਭੜਕੀ ਹਿੰਸਾ ਵਿੱਚ ਅੱਠ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ। ਇਨ੍ਹਾਂ ਵਿਚੋਂ ਚਾਰ ਕਿਸਾਨ, ਇਕ ਸਥਾਨਕ ਪੱਤਰਕਾਰ ਤੇ ਤਿੰਨ ਭਾਜਪਾ ਵਰਕਰ ਸਨ। ਯੂਪੀ ਪੁਲੀਸ ਵੱਲੋਂ ਦਰਜ ਐੱਫਆਈਆਰ ਮੁਤਾਬਕ ਕਿਸਾਨਾਂ ਨੂੰ ਦਰੜਨ ਵਾਲੀ ਐੱਸਯੂਵੀ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ। ਯੂਪੀ ਸਰਕਾਰ ਨੂੰ ਨੋਟਿਸ ਜਾਰੀ ਹੋਣ ਮਗਰੋਂ ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਲਈ ਨਿਰਧਾਰਿਤ ਕਰ ਦਿੱਤੀ ਗਈ ਹੈ ।