ਸਿੱਖ ਸਿਆਸੀ ਕੈਦੀ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਦਾ ਫੈਸਲਾ ਸਮੀਖਿਆ ਬੋਰਡ ਨੇ ਟਾਲਿਆ

ਸਿੱਖ ਸਿਆਸੀ ਕੈਦੀ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਦਾ ਫੈਸਲਾ ਸਮੀਖਿਆ ਬੋਰਡ ਨੇ ਟਾਲਿਆ

ਅੰਮ੍ਰਿਤਸਰ  ਟਾਈਮਜ਼

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ (ਐੱਸ.ਆਰ.ਬੀ.) ਨੇ ਬੁੱਧਵਾਰ ਨੂੰ 1993 ਦੇ ਦਿੱਲੀ ਬੰਬ ਧਮਾਕੇ ਵਿਚ ਨਾਮਜਦ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ 'ਤੇ ਫੈਸਲਾ ਟਾਲ ਦਿੱਤਾ ਗਿਆ ਹੈ, ਜੋ ਇਸ ਸਮੇਂ ਅੰਮ੍ਰਿਤਸਰ ਜੇਲ 'ਚ ਬੰਦ ਹਨ ।
ਬੋਰਡ ਦੇ ਸੱਤ ਮੈਂਬਰਾਂ ਵਿੱਚ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ, ਗ੍ਰਹਿ ਅਤੇ ਕਾਨੂੰਨ ਵਿਭਾਗਾਂ ਦੇ ਸਕੱਤਰ ਅਤੇ ਦਿੱਲੀ ਸਰਕਾਰ ਦੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ, ਇੱਕ ਜ਼ਿਲ੍ਹਾ ਜੱਜ ਅਤੇ ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਸ਼ਾਮਲ ਹਨ । ਪ੍ਰੋ ਭੁੱਲਰ ਨੂੰ 1993 ਵਿਚ ਦਿੱਲੀ ਵਿਚ ਹੋਏ ਬੰਬ ਧਮਾਕੇ ਵਿਚ  ਦੋਸ਼ੀ ਠਹਿਰਾਇਆ ਗਿਆ ਸੀ।  
ਪ੍ਰੋ ਭੁੱਲਰ ਨੂੰ 25 ਅਗਸਤ 2001 ਨੂੰ ਇੱਕ ਮਨੋਨੀਤ ਟਾਡਾ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ ਜਿਸ ਤੇ ਪੰਥਕ ਜਥੇਬੰਦੀਆਂ ਵਲੋਂ ਕਨੂੰਨੀ ਕਾਰਵਾਈ ਅਤੇ ਰੋਸ ਮੁਜਾਹਿਰੀਆਂ ਨੂੰ ਦੇਖਦਿਆਂ ਸੁਪਰੀਮ ਕੋਰਟ ਵੱਲੋਂ ਮੌਤ ਦੀ ਸਜ਼ਾ ਨੂੰ ਘਟਾ ਦਿੱਤੇ ਜਾਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਕਰ ਦਿੱਤੀ ਗਈ ਸੀ । ਉਨ੍ਹਾ ਨੂੰ ਜੂਨ 2015 ਵਿੱਚ ਸਿਹਤ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।
ਜਿਕਰਯੋਗ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭੁੱਲਰ ਦੀ ਰਿਹਾਈ ਦੀ ਜਥੇਬੰਦੀਆਂ ਦੀ ਮੰਗ ਜ਼ੋਰ ਫੜ ਗਈ ਸੀ ਜਿਸਤੇ ਅਜ ਐਸ ਆਰ ਬੀ ਵਲੋਂ ਮੀਟਿੰਗ ਸੱਦੀ ਗਈ ਸੀ ।ਸਰਕਾਰ ਵਲੋਂ ਕੀਤੀ ਗਈ ਟਾਲਮਟੋਲ ਬਾਰੇ ਪਤਾ ਲਗਦੀਆਂ ਹੀ ਪੰਥ ਅੰਦਰ ਰੋਸ ਦੀ ਲਹਿਰ ਫੈਲ ਗਈ ਹੈ ਤੇ ਸਿੱਖ ਨੇਤਾਵਾਂ ਨੇ ਕੇਜਰੀਵਾਲ ਸਰਕਾਰ ਨੂੰ ਇਸ ਮਸਲੇ ਤੇ ਮੁੜ ਜਲਦ ਤੋਂ ਜਲਦ ਮੀਟਿੰਗ ਕਰਕੇ ਪ੍ਰੋ ਭੁੱਲਰ ਦੀ ਰਿਹਾਈ ਦੀ ਮੰਗ ਕੀਤੀ ਹੈ ।