ਦਿੱਲੀ ਗੁਰਦੁਆਰਾ ਕਮੇਟੀ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰੇਕ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ

ਦਿੱਲੀ ਗੁਰਦੁਆਰਾ ਕਮੇਟੀ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰੇਕ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ

ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ, 8 ਮਾਰਚ (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ। ਇਹ ਗੱਲ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਕਹੀ।
1984 ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਕੌਮੀ ਜਨਰਲ ਸਕੱਤਰ ਸ. ਸੁਰਜੀਤ ਸਿੰਘ ਓਬਰਾਏ ਦਾ ਸਨਮਾਨ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਕਮੇਟੀ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਪੈਰਵੀ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਰਾਹਤ ਦੁਆਉਣ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ 1984 ਦੇ ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿੱਚ 127 ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ।
ਉਨਾਂ ਕਿਹਾ ਕਿ ਪਹਿਲੀ ਵਿਸ਼ੇਸ਼ ਜਾਂਚ ਟੀਮ ੯ਐਸ ਆਈ ਟੀ੦ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਸੀ ਪਰ ਦਿੱਲੀ ਕਮੇਟੀ ਅਤੇ 1984 ਦੰਗਾ ਪੀੜਤ ਰਾਹਤ ਕਮੇਟੀ ਵੱਲੋਂ ਮਾਮਲੇ ਨੂੰ ਮਾਣਯੋਗ ਸੁਪਰੀਮ ਕੋਰਟ ਤੇ ਗ੍ਰਹਿ ਮੰਤਰਾਲੇ ਕੋਲ ਚੁਕਿਆ ਗਿਆ ਜਿਸ ਦੇ ਬਾਅਦ ਐਸ.ਆਈ.ਟੀ ਦਾ ਗਠਨ ਕੀਤਾ ਗਿਆ।  
ਉਨਾਂ ਕਿਹਾ ਕਿ ਹੁਣ ਬਹੁਤ ਸਾਰੇ ਕੇਸ ਮੁੜ ਖੁੱਲ ਗਏ ਹਨ ਅਤੇ ਪੀੜਤ ਪਰਿਵਾਰਾਂ ਦੇ ਦਿਲਾਂ ਵਿੱਚ ਇਨਸਾਫ ਲਈ ਆਸ ਬੱਝੀ ਹੈ। ਉਨਾਂ ਕਿਹਾ ਕਿ ਦਿੱਲੀ ਕਮੇਟੀ ਇਸ ਮਾਮਲੇ ਵਿੱਚ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ ਦੁਆਉਣ ਲਈ ਹਰ ਲੋੜੀਂਦਾ ਕਦਮ ਚੁੱਕੇਗੀ।
ਇਸ ਮੌਕੇ ਸ. ਸੁਰਜੀਤ ਸਿੰਘ ਓਬਰਾਏ ਨੇ ਦੱਸਿਆ ਕਿ ਦਿੱਲੀ ਕਮੇਟੀ ਦਾ ਲੀਗਲ ਸੈੱਲ ਤੇ 1984 ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਪਹਿਲਾਂ ਹੀ ਇਸ ਮਾਮਲੇ ’ਤੇ ਲੱਗੀ ਹੋਈ  ਹੈ ਅਤੇ ਉਨਾਂ ਦੀਆਂ ਟੀਮਾਂ ਅਦਾਲਤਾਂ ’ਚ ਕੇਸਾਂ ਦੀ ਪੈਰਵੀ ਕਰ ਰਹੀ ਹੈ। ਉਨਾਂ ਆਸ ਪ੍ਰਗਟਾਈ ਕਿ ਹੁਣ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਅਦਾਲਤ ਵੱਲੋਂ ਸਜ਼ਾ ਦੁਆ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਸ ਓਬਰਾਏ ਨੇ ਇਹ ਵੀ ਦੱਸਿਆ ਕਿ ਇਸ ਕਤਲੇਆਮ ਵਿਚ ਜਿਨਾਂ ਵਿਧਵਾਵਾਂ ਨੇ ਆਪਣੇ ਘਰਾਂ ਵਿਚ ਕਮਾਈ ਕਰਨ ਵਾਲੇ ਮੈਂਬਰ ਨੂੰ ਗੁਆਇਆ ਹੈ ਉਨਾਂ ਵਿਚੋਂ ਹਰੇਕ ਵਿਧਵਾ ਨੂੰ 11,000 ਰੁਪਏ ਦੀ ਰਾਸ਼ੀ ਦਾ ਚੈਕ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਭੇਂਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਇਨਾਂ ਪਰਿਵਾਰਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾਂਦੀ ਹੈ। ਦਿੱਲੀ ਕਮੇਟੀ ਵੱਲੋਂ ਭਰੋਸਾ ਦੁਆਇਆ ਗਿਆ ਕਿ ਅੱਗੇ ਵੀ ਇਸੇ ਤਰਾਂ ਸੰਪੂਰਨ ਸਹਿਯੋਗ ਕਰਦੀ ਰਹੇਗੀ।