ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਲੜਨ ਲਈ ਪ੍ਰੇਰਨਾ ਦਿੰਦੀ ਰਹੇਗੀ- ਭਗਵੰਤ ਮਾਨ
ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਸਾਹਸ ਅਤੇ ਨਿਡਰਤਾ ਦਾ ਸਬੂਤ ਦਿੱਤਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 26 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ।
ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਸਰਹਿੰਦ ਦੇ ਸੂਬੇ ਦੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਸਾਹਸ ਅਤੇ ਨਿਡਰਤਾ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਦਸਮੇਸ਼ ਪਿਤਾ, ਜਿਨ੍ਹਾਂ ਮਨੁੱਖਤਾ ਦੀ ਭਲਾਈ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ, ਤੋਂ ਸਾਹਸ ਅਤੇ ਕੁਰਬਾਨੀ ਦਾ ਜਜ਼ਬਾ ਵਿਰਸੇ ਵਿੱਚ ਮਿਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ, ਜਿਸ ਦੀ ਵਿਸ਼ਵ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ।
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਇਹ ਕੁਰਬਾਨੀ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਵਿਸ਼ਵ ਇਸ ਅਦੁੱਤੀ ਕੁਰਬਾਨੀ ਉਤੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਹ ਨਾ ਸਿਰਫ਼ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ, ਸਗੋਂ ਦੁਨੀਆ ਦੇ ਕੋਨੇ-ਕੋਨੇ ਵਿੱਚ ਬੈਠੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਇਨ੍ਹਾਂ ਕੁਰਬਾਨੀਆਂ ਦਾ ਦੌਰ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਸ਼ੁਰੂ ਹੁੰਦਾ ਹੈ, ਜਿਨ੍ਹਾਂ ਮਨੁੱਖਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇਕ ਪਾਸੇ ਲੱਖਾਂ ਦੀ ਗਿਣਤੀ ਵਿਚ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਨਮਨ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਜਾ ਰਹੀ ਹੈ, ਉਥੇ ਹੀ ਪੰਜਾਬੀਆਂ ਵੱਲੋਂ ਇਹ ਮਹੀਨਾ ‘ਸੋਗ ਦੇ ਮਹੀਨੇ’ ਵਜੋਂ ਮਨਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਚੇਤੇ ਕਰਦਿਆਂ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹਾਦਤ ਦੇ ਸੋਗ ਵਜੋਂ ਏਨਾ ਦਿਨਾਂ ਵਿਚ ਉਨ੍ਹਾਂ ਦੇ ਦਾਦਾ-ਦਾਦੀ ਜ਼ਮੀਨ ਉਤੇ ਸੌਂਦੇ ਹੁੰਦੇ ਸਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਸ ਲਾਸਾਨੀ ਸ਼ਹਾਦਤ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਮੁਲਕ ਲਈ ਆਪਾ ਵਾਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ।
ਅੱਜ ਦੇ ਇਹ ਸਮਾਗਮ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸਾਡੀ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਪ੍ਰੇਰਿਤ ਕਰਦਾ ਰਹੇਗਾ।
ਭਗਵੰਤ ਮਾਨ ਨੇ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਸਿੱਖਿਆ ਤੇ ਕਿਰਤ ਉਤੇ ਵੱਕਾਰੀ ਜੀ-20 ਸੰਮੇਲਨ ਦੇ ਦੋ ਸੈਸ਼ਨ ਉਲੀਕਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਭਰ ਵਿਚ ਉਸ ਦੀ ਨਿੱਘੀ ਮੇਜ਼ਬਾਨੀ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਬਾਹਰੀ ਮੁਲਕ ਤੋਂ ਪੰਜਾਬ ਆਉਣ ਵਾਲੇ ਪੰਤਵੰਤਿਆਂ ਦੇ ਸਵਾਗਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਅੰਮ੍ਰਿਤਸਰ ਦੀ ਪਾਵਨ ਧਰਤੀ ਉਤੇ ਕਰਵਾਏ ਜਾਣਗੇ ਜਿੱਥੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ੍ਰੀ ਰਾਮ ਤੀਰਥ, ਜਲ੍ਹਿਆਵਾਲਾ ਬਾਗ ਆਦਿ ਦੇ ਦਰਸ਼ਨਾਂ ਲਈ ਆਉਂਦੇ ਹਨ।
Comments (0)