ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ, 8 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ ਸਕੂਲ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਜਿਸ ਵਿਚ ਵਿਦੇਸ਼ੀ ਕੰਪਨੀਆਂ ਨੇ ਪੁੱਜ ਕੇ 600 ਦੇ ਕਰੀਬ ਬੱਚਿਆਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੀ ਗੱਲ ਕਹੀ।

ਇਸ ਮੌਕੇ ਗੁਰਦੁਅਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿਘ ਨੇ ਦੱਸਿਆ ਕਿ ਜਰਮਨੀ, ਕੈਨੇਡਾ ਆਦਿ ਮੁਲਕਾਂ ਵਿਚ ਨੌਕਰੀਆਂ ਦਿਵਾਉਣ ਲਈ ਕਮੇਟੀ ਯਤਨ ਕਰ ਰਹੀ ਹੈ। ਕਈ ਕੰਪਨੀਆਂ ਨੇ ਅੱਗੇ ਆ ਕੇ ਇਸ ਵਿਚ ਯੋਗਦਾਨ ਦਿੰਦੇ ਹੋਏ ਬੱਚਿਆਂ ਨੂੰ ਕੋਰਸ ਕਰਾਉਣ ਤੋਂ ਲੈ ਕੇ ਨੌਕਰੀ ਦੁਆਉਣ ਤਕ ਦੀ ਪਹਿਲ ਕੀਤੀ ਹੈ ਜਿਸ ਦੇ ਚਲਦੇ ਸ਼ੁਰੂਆਤੀ ਦੌਰ ਵਿਚ 600 ਬੱਚਿਆਂ ਨੂੰ ਨੌਕਰੀ ਮਿਲ ਸਕਦੀ ਹੈ। 

ਉਨ੍ਹਾਂ ਦੱਸਿਆ ਕਿ ਜੋ ਬੱਚੇ ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੁੰਦੇ ਹਨ, ਉਨ੍ਹਾਂ ਦੀ ਵੀ ਪ੍ਰਬੰਧਕਾਂ ਵੱਲੋਂ ਮਦਦ ਕੀਤੀ ਜਾ ਰਹੀ ਹੈ ਅਤੇ ਤਜਿੰਦਰ ਸਿੰਘ ਗੋਇਆ ਦੇ ਸਹਿਯੋਗ ਨਾਲ ਬੱਚਿਆਂ ਦੀ ਕਾਊਂਸਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਪੜ੍ਹਾਈ ਤੋਂ ਬਾਅਦ ਉਹ ਕਿਸ ਖੇਤਰ ਵਿੱਚ ਜਾਣਾ ਚਾਹੁੰਦੇ ਹਨ ਉਸ ਸੰਬੰਧੀ ਸੇਧ ਵੀ ਬੱਚਿਆਂ ਨੂੰ ਦਿੱਤੀ ਜਾਵੇ। 

ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਸਹਿਯੋਗ ਨਾਲ ਐਜੂਕੇਸ਼ਨ ਦਾ ਲੰਗਰ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਸ ਮੌਕੇ ਸਰਟੀਫਿਕੇਟ ਵੀ ਵੰਡੇ ਗਏ। 

ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੋਂ ਇਲਾਵਾ ਸਕੂਲ ਦੇ ਚੇਅਰਮੈਨ ਤਰਲੋਚਨ ਸਿੰਘ ਵੀ ਮੌਜੂਦ ਰਹੇ।