ਔਰਤ ਪਹਿਲਵਾਨਾਂ ਨਾਲ ਬੇਇਨਸਾਫ਼ੀ ਦੀ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਔਰਤ ਪਹਿਲਵਾਨਾਂ ਨਾਲ ਬੇਇਨਸਾਫ਼ੀ ਦੀ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ: ਜਥੇਦਾਰ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮ੍ਰਿਤਸਰ-ਦਿੱਲੀ ਦੇ ਜੰਤਰ ਮੰਤਰ ’ਤੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਓਲੰਪੀਅਨ ਔਰਤ ਪਹਿਲਵਾਨਾਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਵਿਚ ਇਸ ਧੱਕੇਸ਼ਾਹੀ ਖ਼ਿਲਾਫ ਰੋਸ ਦਰਜ ਕਰਦਿਆਂ ਕਿਹਾ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਭਾਰਤ ਵਾਸਤੇ ਸੋਨ ਤਗਮੇ ਜਿੱਤਣ ਵਾਲੀਆਂ ਕੁੜੀਆਂ ਨੂੰ ਡਾਂਗਾਂ ਨਾਲ ਕੁੱਟਣਾ ਤੇ ਬੇਵੱਸ ਕੁੜੀਆਂ ਦੀਆਂ ਹੂਕਾਂ ਨਵੀਂ ਸੰਸਦ ਦੇ ਇਤਿਹਾਸ ਦਾ ਪਹਿਲਾ ਕਾਲਾ ਵਰਕਾ ਹੈ।ਜਥੇਦਾਰ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਸਿਖ ਪਹਿਲਵਾਨ ਬਚੀਆਂ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਤਾਂ ਜੋ ਬਚੀਆਂ ਨਾਲ ਇਨਸਾਫ ਹੋ ਸਕੇ।ਉਹਨਾਂ ਕਿਹਾ ਕਿ ਇਹ ਬਚੀਆਂ ਅਕਾਲ ਤਖਤ ਸਾਹਿਬ ਵਿਖੇ ਇਨਸਾਫ ਲੈਣ ਲਈ ਆਈਆਂ ਸਨ।ਸੋ ਸਿਖ ਜਗਤ ਦਾ ਫਰਜ਼ ਹੈ ਕਿ ਉਹਨਾਂ ਦੇ ਹੱਕ ਵਿਚ ਅਵਾਜ਼ ਬੁਲੰਦ ਕਰੇ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਰਕਾਰੀ ਤੰਤਰ ਵੱਲੋਂ ਮਨੁੱਖੀ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨਾਲ ਜ਼ਬਰਦਸਤੀ ਕਰਨਾ ਲੋਕਤੰਤਰ ’ਤੇ ਦਾਗ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਲਈ ਨਵੀਂ ਬਣੀ ਸੰਸਦ ਦਾ ਉਦਘਾਟਨ ਹੋ ਰਿਹਾ ਸੀ ਤੇ ਦੂਜੇ ਪਾਸੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀਆਂ ਔਰਤ ਪਹਿਲਵਾਨਾਂ ’ਤੇ ਤਸ਼ੱਦਦ ਕੀਤਾ ਗਿਆ ਜਿਸ ਨਾਲ ਪੂਰੇ ਦੇਸ਼ ਸ਼ਰਮਸ਼ਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਹੱਕਾਂ ਲਈ ਲੜਾਈ ਲੜ ਰਹੀਆਂ ਇਨ੍ਹਾਂ ਔਰਤ ਪਹਿਲਵਾਨਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਇਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਜਿਨ੍ਹਾਂ ਬੱਚੀਆਂ ਨੇ ਖੇਡਾਂ ਵਿਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਅੱਜ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਇਨ੍ਹਾਂ ਬੱਚੀਆਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਨੂੰ ਸੜਕਾਂ ’ਤੇ ਰੋਲਿਆ ਜਾ ਰਿਹਾ ਹੈ।

ਸਿੰਧੀਆਂ ਦੇ ਹੱਕ ਵਿਚ ਡਟੇ ਜਥੇਦਾਰ

 

ਇੰਦੌਰ ਵਿੱਚ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦਾ ਸਿੱਖ ਕੌਮ ਵਿੱਚ ਵੱਡਾ ਸਤਿਕਾਰ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ ਪਰ ਕੁਝ ਲੋਕਾਂ ਵੱਲੋਂ ਸਿੰਧੀ ਤੇ ਸਿੱਖ ਸਮਾਜ ਵਿਚ ਵਖਰੇਵੇਂ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਇੰਦੌਰ ਵਿੱਚ ਅੰਮ੍ਰਿਤ ਵੇਲਾ ਟਰੱਸਟ ਦੇ ਸਹਿਯੋਗ ਨਾਲ ਕਰਵਾਇਆ ਗਿਆ। ਗੁਰਦੁਆਰਾ ਖ਼ਾਲਸਾ ਬਾਗ ਇੰਦੌਰ ਵਿੱਚ ਕਰਵਾਏ ਗਏ ਇਸ ਗੁਰਮਤਿ ਸਮਾਗਮ ’ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਵਿੱਚ ਕੁਝ ਵਿਅਕਤੀਆਂ ਵੱਲੋਂ ਸਿੰਧੀ ਭਾਈਚਾਰੇ ਦੇ ਘਰਾਂ ਅਤੇ ਧਾਰਮਿਕ ਅਸਥਾਨਾਂ ’ਚੋਂ ਪਾਵਨ ਸਰੂਪ ਜਬਰੀ ਚੁੱਕ ਲਏ ਗਏ ਸਨ।