ਕੇਂਦਰ 26 ਤੱਕ ਖੇਤੀ ਕਾਨੂੰਨ ਵਾਪਸ ਲਵੇ ਨਹੀਂ ਤਾਂ ਹੋਵੇਗਾ ਸਖਤ ਐਕਸ਼ਨ -ਟਿਕੈਤ ਵਲੋਂ ਚੇਤਾਵਨੀ

ਕੇਂਦਰ 26 ਤੱਕ ਖੇਤੀ ਕਾਨੂੰਨ ਵਾਪਸ ਲਵੇ ਨਹੀਂ ਤਾਂ ਹੋਵੇਗਾ ਸਖਤ ਐਕਸ਼ਨ -ਟਿਕੈਤ ਵਲੋਂ ਚੇਤਾਵਨੀ

ਅੰਮ੍ਰਿਤਸਰ ਟਾਈਮਜ਼

ਗਾਜ਼ੀਆਬਾਦ-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ 26 ਨਵੰਬਰ ਤੱਕ ਖੇਤੀ ਕਾਨੂੰਨ ਵਾਪਸ ਲੈ ਲਵੇ ਨਹੀਂ ਤਾਂ ਉਸ ਤੋਂ ਬਾਅਦ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਵਿਚ ਤੇਜ਼ੀ ਲਿਆਂਦੀ ਜਾਵੇਗੀ। 26 ਨਵੰਬਰ, 2021 ਨੂੰ ਦਿੱਲੀ ਦੇ ਟਿਕਰੀ, ਸਿੰਘੂ ਤੇ ਗਾਜ਼ੀਪੁਰ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 1 ਸਾਲ ਹੋ ਜਾਵੇਗਾ। ਇਸ ਅੰਦੋਲਨ ਦੀ ਅਗਵਾਈ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.), ਜਿਸ ਦੇ ਸਮਰਥਕ ਦਿੱਲੀ-ਉੱਤਰ ਪ੍ਰਦੇਸ਼ ਦੇ ਬਾਰਡਰ ਗਾਜ਼ੀਪੁਰ ਵਿਖੇ ਅੰਦੋਲਨ ਕਰ ਰਹੇ ਹਨ, ਵੀ ਸੰਯੁਕਤ ਕਿਸਾਨ ਮੋਰਚਾ ਦਾ ਹਿੱਸਾ ਹੈ। ਬੀ.ਕੇ.ਯੂ. ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਹਿੰਦੀ 'ਚ ਟਵੀਟ ਕਰਕੇ ਕਿਹਾ ਕਿ ਕੇਂਦਰ ਕੋਲ ਖੇਤੀ ਕਾਨੂੰਨ ਵਾਪਸ ਲੈਣ ਵਾਸਤੇ 26 ਨਵੰਬਰ ਤੱਕ ਦਾ ਸਮਾਂ ਹੈ, ਜਿਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਆਪਣੇ ਪਿੰਡਾਂ ਤੋਂ ਟਰੈਕਟਰਾਂ ਰਾਹੀਂ ਦਿੱਲੀ ਦੇ ਆਸ-ਪਾਸ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਪਹੁੰਚਣਗੇ ਤੇ ਅੰਦੋਲਨ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ।