ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਉੱਪਰ ਮੋਹਰ ਲਾਈ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ। ਹੁਣ ਇਸ ਬਿੱਲ ਨੂੰ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸੰਵਿਧਾਨਕ ਤੋਰ ਤੇ ਰੱਦ ਕਰਣ ਲਈ ਪੇਸ਼ ਕੀਤਾ ਜਾਏਗਾ। ਕੇਂਦਰੀ ਸੂਚਨਾ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਦਿੱਤੀ। ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 40 ਦੇ ਕਰੀਬ ਕਿਸਾਨ ਜਥੇਬੰਦੀਆਂ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ’ਤੇ ਧਰਨਾ ਦੇ ਰਹੀਆਂ ਹਨ।
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 19 ਨਵੰਬਰ ਨੂੰ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਇਹ ਕਹਿੰਦੀਆਂ ਕਿ ਅਸੀ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਵਿਚ ਨਾਕਾਮ ਰਹੇ ਹਾਂ ਜਿਸ ਕਰਕੇ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ । ਹੁਣ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ 'ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ 'ਚ ਕਾਨੂੰਨ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸੰਸਦੀ ਨਿਯਮਾਂ ਮੁਤਾਬਕ ਕਿਸੇ ਵੀ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਵੀ ਨਵਾਂ ਕਾਨੂੰਨ ਬਣਾਉਣ ਵਾਂਗ ਹੀ ਹੁੰਦੀ ਹੈ। ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰਵਾਉਣਾ ਪੈਂਦਾ ਹੈ, ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ।
29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ 'ਚ ਜਾਂ ਤਾਂ ਤਿੰਨ ਕਾਨੂੰਨਾਂ ਲਈ ਤਿੰਨ ਵੱਖ-ਵੱਖ ਬਿੱਲ ਜਾਂ ਤਿੰਨਾਂ ਲਈ ਇੱਕ ਬਿੱਲ ਲੋਕ ਸਭਾ ਜਾਂ ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ। ਪੇਸ਼ ਕੀਤੇ ਜਾਣ ਤੋਂ ਬਾਅਦ ਬਿੱਲ ਨੂੰ ਬਗੈਰ ਕਿਸੇ ਚਰਚਾ ਦੇ ਇੱਕ ਸਦਨ ਅਤੇ ਫਿਰ ਦੂਜੇ ਸਦਨ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਵਾਨਗੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਤਿੰਨੋਂ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਗੇ। ਬਿੱਲ ਨੂੰ ਪਾਸ ਹੋਣ ਵਿਚ ਕਿੰਨਾ ਸਮਾਂ ਲੱਗੇਗਾ, ਇਹ ਸਰਕਾਰ ਦੀਆਂ ਤਰਜੀਹਾਂ 'ਤੇ ਨਿਰਭਰ ਕਰੇਗਾ।ਇਸ ਦੌਰਾਨ, ਕਿਸਾਨ ਯੂਨੀਅਨਾਂ ਦੇ ਸੰਗਠਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਸੋਮਵਾਰ ਨੂੰ ਸਰਕਾਰ ਅੱਗੇ ਰੱਖੀਆਂ ਆਪਣੀਆਂ ਛੇ ਮੰਗਾਂ ਨੂੰ ਦੁਹਰਾਇਆ ਸੀ, ਜਿਸ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਵੀ ਸ਼ਾਮਲ ਹੈ, ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਹ ਅੰਦੋਲਨ ਜਾਰੀ ਰੱਖੇਗਾ। ਐਸਕੇਐਮ ਨੇ ਇਹ ਵੀ ਕਿਹਾ ਸੀ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਉਸ ਦਾ ਅੰਦੋਲਨ ਉਦੋਂ ਤੱਕ ਖਤਮ ਨਹੀਂ ਹੋਵੇਗਾ ਜਦੋਂ ਤੱਕ ਸੰਸਦ ਵਿੱਚ ਖੇਤੀਬਾੜੀ ਨਾਲ ਸਬੰਧਤ ਤਿੰਨੋਂ ਕਾਨੂੰਨਾਂ ਨੂੰ ਰਸਮੀ ਤੌਰ 'ਤੇ ਰੱਦ ਨਹੀਂ ਕੀਤਾ ਜਾਂਦਾ। ਉਨ੍ਹਾਂ ਦੀਆਂ ਮੰਗਾਂ ਵਿੱਚ ਲਖੀਮਪੁਰ ਖੇੜੀ ਕਾਂਡ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫ਼ਤਾਰੀ ਅਤੇ ਬਰਖਾਸਤ ਕਰਨਾ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦਗਾਰ ਬਣਾਉਣਾ ਸ਼ਾਮਲ ਹੈ।
Comments (0)