ਭਾਰਤ ਸਰਕਾਰ ਵੱਲੋਂ ਮਨੁੱਖੀ ਹੱਕਾਂ ਦੇ ਰਾਖਿਆਂ ਦੀ ਅਵਾਜ਼ ਦਬਾਉਣ 'ਤੇ ਯੂਐਨ ਫਿਕਰਮੰਦ

ਭਾਰਤ ਸਰਕਾਰ ਵੱਲੋਂ ਮਨੁੱਖੀ ਹੱਕਾਂ ਦੇ ਰਾਖਿਆਂ ਦੀ ਅਵਾਜ਼ ਦਬਾਉਣ 'ਤੇ ਯੂਐਨ ਫਿਕਰਮੰਦ

ਅੰਮ੍ਰਿਤਸਰ ਟਾਈਮਜ਼ ਬਿਊਰੋ

ਭਾਰਤ ਵਿਚ ਗ਼ੈਰ ਸਰਕਾਰੀ ਸੰਸਥਾਵਾਂ ਨੂੰ ਵਿਦੇਸ਼ਾਂ ਵਿਚੋਂ ਚੰਦਾ ਭੇਜਣ ’ਤੇ ਰੋਕ ਅਤੇ ਸਮਾਜਿਕ ਕਾਰਕੁਨਾਂ ਦੀ ਗ੍ਰਿਫ਼ਤਾਰੀ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬਾਚੇਲੈ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਮਨੁੱਖੀ ਅਧਿਕਾਰਾਂ ਦੇ ਰੱਖਵਾਲਿਆਂ ਤੇ ਗ਼ੈਰ ਸਰਕਾਰੀ ਸੰਸਥਾਵਾਂ ਦੇ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ। 

ਸ੍ਰੀਮਤੀ ਬਾਚੇਲੈ ਨੇ ਕਿਹਾ ਕਿ ਭਾਰਤ ਵੱਡੀ ਆਬਾਦੀ ਵਾਲਾ ਦੇਸ਼ ਹੈ, ਜਿੱਥੇ ਲੋਕ ਦੇਸ਼ ਵਿੱਚ ਤੇ ਵਿਸ਼ਵ ਪੱਧਰ ’ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਖੜ੍ਹਦੇ ਹਨ ਪਰ ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਭਾਰਤ ਵਿਚ ਕਾਨੂੰਨ ਦੀ ਵਰਤੋਂ ਇਨ੍ਹਾਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਾਸਤੇ ਕੀਤੀ ਜਾ ਰਹੀ ਹੈ। 

ਉਧਰ, ਭਾਰਤ ਦੇ ਰਵੱਈਏ ਨੂੰ ਜਾਇਜ਼ ਦਸਦਿਆਂ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ‘ਫੌਰਨ ਕੰਟਰੀਬਿਊਸ਼ਨ ਰੈਗੂਲੇਸ਼ਨ ਐਕਟ (ਐੱਫਸੀਆਰਏ) ਨਾਲ ਸਬੰਧਤ ਮੁੱਦੇ ’ਤੇ ਯੂਐੱਨ ਹਾਈ ਕਮਿਸ਼ਨਰ ਦੀ ਟਿੱਪਣੀ ਉਨ੍ਹਾਂ ਦੇ ਧਿਆਨ ਵਿੱਚ ਹੈ। ਉਹਨਾਂ ਦੋਸ਼ ਲਾਇਆ ਕਿ ਮਨੁੱਖੀ ਅਧਿਕਾਰਾਂ ਦੀ ਆੜ ਹੇਠ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਕਰਕੇ ਹੀ ਵਿਸ਼ਵ ਪੱਧਰ 'ਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਕੰਮ ਕਰਨ ਵਾਲੀ ਸੰਸਥਾ ਐਮਨੇਸਟੀ ਇੰਟਰਨੈਸ਼ਨਲ ਨੇ ਭਾਰਤ ਵਿਚਲੇ ਆਪਣੇ ਸਾਰੇ ਦਫਤਰ ਬੰਦ ਕਰ ਦਿੱਤੇ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਲੋਕਾਂ ਖਿਲਾਫ ਯੂਏਪੀਏ ਵਰਗੇ ਕਾਲੇ ਕਾਨੂੰਨਾਂ ਅਧੀਨ ਮਾਮਲੇ ਦਰਜ ਕੀਤੇ ਗਏ ਹਨ ਜੋ ਮਨੁੱਖੀ ਹੱਕਾਂ ਲਈ ਅਵਾਜ਼ ਚੁੱਕਦੇ ਹਨ।