ਸਜ਼ਾ ਪੂਰੀ ਕਰਣ ਦੇ ਬਾਵਜੂਦ ਜੇਲ੍ਹਾਂ ਅੰਦਰ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਦਿੱਲੀ ਵਿਚ ਮਾਰਚ/ ਧਰਨਾ

ਸਜ਼ਾ ਪੂਰੀ ਕਰਣ ਦੇ ਬਾਵਜੂਦ ਜੇਲ੍ਹਾਂ ਅੰਦਰ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਦਿੱਲੀ ਵਿਚ ਮਾਰਚ/ ਧਰਨਾ

ਸੁਖਬੀਰ/ਹਰਸਿਮਰਤ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਕੀਤੀ  ਮੰਗ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 20 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ, ਜਾਗੀਰ ਕੌਰ, ਪਰਮਜੀਤ ਸਿੰਘ ਸਰਨਾ, ਮੰਜੀਤ ਸਿੰਘ ਜੀਕੇ, ਹਰਜਿੰਦਰ ਸਿੰਘ ਧਾਮੀ, ਹਰਪਾਲ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜ਼ਰਾ ਸਮੇਤ ਵੱਖ ਵੱਖ ਸਿੱਖ ਆਗੂਆਂ ਨੇ ਜੰਤਰ-ਮੰਤਰ ਵਿਖੇ ਧਰਨਾ ਦਿੱਤਾ ਤੇ ਇਸ ਨਾਲ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਅਕਾਲੀ ਦਲ ਦੇ ਵੱਖ-ਵੱਖ ਆਗੂ ਇੱਕ ਮੰਚ 'ਤੇ ਆ ਗਏ ਹਨ ।  

ਰੋਸ ਪ੍ਰਦਰਸ਼ਨ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ਦੇਸ਼ ਲਈ ਕੁਰਬਾਨੀਆਂ ਦੇਣ ਦਾ ਹੈ। ਸਰਕਾਰ ਸਿੱਖਾਂ ਦਾ ਮੁੱਦਾ ਉਠਾਉਣ ਵਾਲੇ ਇੰਟਰਨੈੱਟ ਮੀਡੀਆ ਪਲੇਟਫਾਰਮਾਂ 'ਤੇ ਪਾਬੰਦੀ ਲਗਾ ਸਕਦੀ ਹੈ ਪਰ ਸਿੱਖਾਂ ਦੇ ਦਿਲਾਂ 'ਤੇ ਨਹੀਂ।  ਸਾਡੀ ਮੰਗ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕਰਨ ਦੀ ਹੈ ਨਾ ਕਿ ਬੰਦੀ ਸਿੱਖਾਂ ਦੀ ਸਜ਼ਾ ਘਟਾਉਣ ਦੀ।  ਉਨ੍ਹਾਂ ਕਿਹਾ ਕਿ ਪੰਥ ਨੂੰ ਤਬਾਹ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ।  

ਐਸ ਜੀ ਪੀ ਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਸਾਲਾਂ ਬਾਅਦ ਅਕਾਲੀ ਆਗੂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਦੇ ਹਿੱਤ ਵਿੱਚ ਇਕੱਠੇ ਹੋਏ ਹਨ।  ਲੋਕਤੰਤਰ ਵਿੱਚ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਹੁੰਦਾ ਹੈ।  ਸਜ਼ਾ ਪੂਰੀ ਕਰ ਚੁੱਕੇ ਵਿਅਕਤੀਆਂ ਦੀ ਰਿਹਾਈ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਪੱਤਰ ਲਿਖੇ ਗਏ ਸਨ, ਪਰ ਕੋਈ ਹੁੰਗਾਰਾ ਨਹੀਂ ਮਿਲਿਆ, ਜਿਸ ਕਾਰਨ ਸਾਨੂੰ ਅੱਜ ਅੰਦੋਲਨ ਦਾ ਰਾਹ ਅਪਣਾਉਣਾ ਪਿਆ ਹੈ, ਜਿਸ ਦੀ ਸ਼ੁਰੂਆਤ ਅੱਜ ਹੋ ਗਈ ਹੈ।

ਇਸ ਦੌਰਾਨ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਵੀ ਉਠਾਈ।  ਇਸ ਮੁੱਦੇ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਹੀ ਪੱਤਰ ਲਿਖ ਚੁੱਕੇ ਹਨ, ਜਿਸ ਦਾ ਜਵਾਬ ਅਜੇ ਤੱਕ ਨਹੀਂ ਮਿਲਿਆ ਹੈ।

ਜਿਕਰਯੋਗ ਹੈ ਕਿ ਇਸ ਰੋਸ ਮਾਰਚ /ਧਰਨਾ ਪ੍ਰਦਰਸ਼ਨ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਨੂੰ ਬਾਹਰ ਰਖਿਆ ਗਿਆ ਸੀ ਜਿਸਦਾ ਰੋਸ ਪ੍ਰਗਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵੱਲੋਂ ਦਿੱਲੀ ਵਿਚ ਦਿੱਤਾ ਗਿਆ ਧਰਨਾ ਜਿਥੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ, ਉਥੇ ਹੀ ਇਹ ਇਕ ਪਰਿਵਾਰ ਨੂੰ ਬਚਾਉਣ ਲਈ ਕੀਤੀ ਗਈ ਕਾਰਵਾਈ ਹੈ।