ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 28 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ।ਸਵੇਰ ਤੋਂ ਹੀ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਸਮਾਗਮ ਕਰਵਾਏ ਗਏ ਜਿਹਨਾਂ ਵਿਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ।

ਮੁੱਖ ਸਮਾਗਮ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਆਯੋਜਿਤ ਕੀਤਾ ਗਿਆ।ਇਸ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ  ਕਿ ਦਿੱਲੀ ਗੁਰਦੁਆਰਾ ਕਮੇਟੀ ਗੁਰੂ ਸਾਹਿਬ ਦੀ ਬਾਣੀ ਅਤੇ ਇਤਿਹਾਸ ਨੁੰ ਘਰ ਘਰ ਪਹੁੰਚਾਉਣ ਲਈ ਸੰਜੀਦਗੀ ਨਾਲ ਪੁਰਜ਼ੋਰ ਯਤਨ ਕਰ ਰਹੀ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਮਾਤਾ ਸੁੰਦਰ ਕੌਰ ਤੇ ਮਾਤਾ ਸਾਹਿਬ ਕੌਰ ਨੇ 40 ਸਾਲ ਸਿੱਖਾਂ ਦੀ ਅਗਵਾਈ ਕੀਤੀ, ਇਸ ਅਸਥਾਨ ’ਤੇ ਬਹੁਤ ਘੱਟ ਸੰਗਤਾਂ ਆਉਂਦੀਆਂ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਅਸੀਂ ਬੱਚਿਆਂ ਨੂੰ ਆਪਣੇ ਇਸ ਅਸਥਾਨ ਤੇ ਸਿੱਖੀ ਬਾਰੇ ਨਹੀਂ ਦੰਸਾਂਗੇ, ਉਹ ਸਿੱਖੀ ਵਿਚ ਪ੍ਰਰਪੱਕ ਨਹੀਂ ਹੋ ਸਕਦੇ।

ਸਰਦਾਰ ਕਾਲਕਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਭਲਕੇ 29 ਦਸੰਬਰ ਨੂੰ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਪੂਰੀ ਧੂਮ ਧਾਮ ਅਤੇ ਖੁਸ਼ੀਆਂ ਨਾਲ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਦੀਵਾਨ ਸਜਾਏ ਜਾਣਗੇ।  ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।  ਉਹਨਾਂ ਇਹ ਵੀ ਦੱਸਿਆ ਕਿ ਇਸ ਵਾਰ ਸ਼ਹੀਦੀ ਦਿਹਾੜੇ ਹੋਣ ਕਾਰਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਹਿਲਾਂ ਨਹੀਂ ਸਜਾਇਆ ਗਿਆ ਅਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਸਿੰਘ ਸਭਾਵਾਂ ਨਾਲ ਰਾਇ ਮਸ਼ਵਰਾ ਕਰ ਕੇ ਫੈਸਲਾ ਲਿਆ ਹੈ ਕਿ ਇਸ ਵਾਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਇਸ ਵਾਰ 1 ਜਨਵਰੀ 2023 ਐਤਵਾਰ ਵਾਲੇ ਦਿਨ ਸਜਾਇਆ  ਜਾਵੇਗਾ। ਉਹਨਾਂ ਨੇ ਸੰਗਤਾਂ ਨੂੰ ਨਗਰ ਕੀਰਤਨ ਵਿਚ ਵੀ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।