ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਲਈ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਟੋਲੇ ਵੱਲੋਂ ਨਿਰਾਦਰ ਕਰਨ ਦੇ ਮਾਮਲੇ ਵਿਚ ਅੱਜ ਪਸ਼ਚਾਤਾਪ ਵਜੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਪਾਠ ਦੇ ਭੋਗ ਅੱਜ ਪਾਏ ਗਏ।ਇਸ ਮੌਕੇ ਸਮਾਗਮ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਤੇ ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਸਮੇਤ ਕਮੇਟੀ ਦੀ ਕਾਰਜਕਾਰਨੀ ਦੀ ਟੀਮ ਤੇ ਹੋਰ ਮੈਂਬਰ ਵੀ ਹਾਜ਼ਰ ਸਨ।ਇਸ ਮੌਕੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬੇਸ਼ੱਕ ਜਨਰਲ ਹਾਊਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਗਾਲਾਂ ਕੱਢੀਆਂ ਤੇ ਬੇਹੱਦ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਹੁਲੜਬਾਜ਼ੀ ਕੀਤੀ ਤੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਪਰ ਪ੍ਰਬੰਧਕ ਹੋਣ ਦੇ ਨਾਅਤੇ ਅਸੀਂ ਇਹ ਆਪਣਾ ਫਰਜ਼ ਸਮਝਿਆ ਕਿ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਏ ਜਾਣ। ਇਸੇ ਫੈਸਲੇ ਤਹਿਤ ਸ੍ਰੀ ਆਖੰਡ ਪਾਠ ਰੱਖਵਾਏ ਗਏ ਜਿਹਨਾਂ ਦੇ ਅੱਜ ਭੋਗ ਪਾਏ ਗਏ।ਉਹਨਾਂ ਕਿਹਾ ਕਿ ਜਿਸ ਅਸਥਾਨ 'ਤੇ ਗੁਰੂ ਸਾਹਿਬ ਆਪ ਬਿਰਾਜਮਾਨ ਹੋਣ ਉਸ ਅਸਥਾਨ 'ਤੇ ਗੁਰੂ ਸਾਹਿਬ ਪ੍ਰਤੀ ਸੱਚੀ ਸੇਵਾ ਭਾਵਨਾ ਤੇ ਸ਼ਰਧਾ ਰੱਖਣੀ ਸਾਡੀ ਮੁਢਲੀ ਜ਼ਿੰਮੇਵਾਰੀ ਬਣਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਲੋਕਾਂ ਨੇ ਆਪਣਾ ਫਰਜ਼ ਪਛਾਣਨ ਤੋਂ ਇਨਕਾਰ ਕੀਤਾ ਤੇ ਗੁਰੂ ਸਾਹਿਬ ਦੀ ਹਾਜ਼ਰੀ ਵਿਚ ਬੇਹੱਦ ਘਟੀਆ ਤੇ ਮੰਦਭਾਗੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਿਸ ਨਾਲ ਸਮੁੱਚੇ ਕੌਮ ਦੇ ਹਿਰਦੇ ਵਲੂੰਧਰੇ ਗਏ। ਉਹਨਾਂ ਕਿਹਾ ਕਿ ਰਾਜਨੀਤਕ ਮਤਭੇਦ ਵੱਖਰੇ ਹੋ ਸਕਦੇ ਹਨ ਪਰ ਗੁਰੂ ਸਾਹਿਬ ਦੀ ਹਾਜ਼ਰੀ ਵਿਚ ਗੁਰੂ ਦੇ ਦਰਸਾਏ ਰਾਹ 'ਤੇ ਚੱਲਣਾ ਸਾਡਾ ਸਭ ਦਾ ਫਰਜ਼ ਬਣਦਾ ਹੈ।ਇਸ ਮੌਕੇ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਹੋਰ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ।
Comments (0)