ਗੁ: ਬੰਗਲਾ ਸਾਹਿਬ ਵਿਖੇ ਦਿੱਲੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਗੁ: ਬੰਗਲਾ ਸਾਹਿਬ ਵਿਖੇ ਦਿੱਲੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ 645ਵਾਂ ਜਨਮਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੁੱਖ ਸਮਾਗਮ ਆਯੋਜਿਤ ਕੀਤੇ ਗਏ ਜਿਸ ਵਿਚ ਭਾਈ ਅਮਨਦੀਪ ਸਿੰਘ ਜੀ, ਭਾਈ ਅਜੀਤ ਸਿੰਘ, ਕੁਲਬੀਰ ਸਿੰਘ, ਭਾਈ ਸਤਵਿੰਦਰ ਸਿੰਘ ਜੀ ਸਰਤਾਜ਼ ਵੱਲੋਂ ਗੁਰਬਾਣੀ ਕੀਰਤਨ ਸੰਗਤਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਭਾਈ ਰਣਜੀਤ ਸਿੰਘ ਹੈਡੱ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਵੱਲੋਂ ਕਥਾ ਰਾਹੀਂ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ ਨੇ ਪੁੱਜ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਕਾਲਕਾ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣਾ ਜੀਵਨ ਸਮਾਜ ਨੂੰ ਇਕਜੁਟ ਰੱਖਣ ਤੇ ਸਮਾਜ ਤੋਂ ਜਾਤੀਵਾਦ ਤੇ ਛੂਤ-ਛਾਤ ਵਰਗੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਮਰਪਿਤ ਕਰ ਦਿੱਤਾ। ਭਗਤ ਰਵਿਦਾਸ ਭਾਰਤ ਚ ਭਗਤ ਅੰਦੋਲਨ ਤੇ ਮੋਢੀ ਸੰਤਾਂ ਵਿਚੋਂ ਇੱਕ ਸਨ। ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਅੱਜ ਵੀ ਜਾਤੀ, ਰੰਗ, ਪੰਥ ਜਾ ਧਰਮ ਦੇ ਵਿਤਕਰੇ ਤੋਂ ਉਪਰ ਉਠ ਕੇ ਪਿਆਰ ਤੇ ਸਨਮਾਨ ਕਰਨ ਲਈ ਪ੍ਰਰਿਤ ਕਰਦੀਆਂ ਹਨ।

ਇਸ ਮੌਕੇ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਭਗਤ ਰਵਿਦਾਸ ਜੀ ਦੇ 16 ਰਾਗਾਂ ਵਿਚ ਰਚਿਤ 40 ਸ਼ਲੋਕ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ ਹਰ ਸਿੱਖ ਰੁਜ਼ਾਨਾ ਭਗਤ ਰਵਿਦਾਸ ਜੀ ਦੀ ਬਾਣੀ ਦੇ ਦਰਸ਼ਨ ਕਰ ਉਸ ਨੂੰ ਮੱਥਾ ਟੇਕਦਾ ਹੈ। ਉਨ੍ਹਾਂ ਦੀ ਬਾਣੀ ਦੁਨੀਆ ਭਰ ਚ ਸਮਾਜ ਦਾ ਮਾਰਗਦਰਸ਼ਨ ਕਰ ਰਹੀ ਹੈ। ਭਗਤ ਰਵਿਦਾਸ ਜੀ ਦੀ ਬਾਣੀ ਸਾਨੂੰ ਸਿਖਿਆ ਦਿੰਦੀ ਹੈ ਕਿ ਸਾਰੇ ਮਨੁੱਖ ਇੱਕ ਸਮਾਨ ਹਨ ਇਸ ਲਈ ਸਾਨੂੰ ਸਭ ਨੂੰ ਸਮਾਨਤਾ ਤੇ ਮਨੁੱਖੀ ਭਾਈਚਾਰੇ ਦੇ ਮਾਰਗ ਤੇ ਚਲਣਾ ਚਾਹੀਦਾ ਹੈ।ਧਰਮ ਪ੍ਰਚਾਰ ਕਮੇਟੀ ਵੱਲੋਂ ਕਨਵੀਨਰ ਜਸਪ੍ਰੀਤ ਸਿੰਘ ਕਰਮਸਰ ਨੇ ਹਾਜਰੀ ਭਰੀ ਅਤੇ ਭਗਤ ਰਵਿਦਾਸ ਜੀ ਵੱਲੋਂ ਸਮਾਜ ਨੂੰ ਦਿੱਤੀਆਂ ਵਿਸ਼ੇਸ਼ ਸਿੱਖਿਆਵਾਂ ਨੂੰ ਯਾਦ ਕੀਤਾ।ਇਸ ਮੌਕੇ ਸ. ਕਾਲਕਾ ਤੇ ਸ. ਕਾਹਲੋਂ ਤੋਂ ਇਲਾਵਾ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ,ਧਰਮ ਪ੍ਰਚਾਰ ਕਮੇਟੀ ਦੇ ਕਨਵੀਨਰ ਜਸਪ੍ਰੀਤ ਸਿੰਘ ਕਰਮਸਰ, ਹਰਜੀਤ ਸਿੰਘ ਪੱਪਾ ਤੇ ਹੋਰ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਭਰੀ।