ਪੰਜਾਬ 'ਚ ਚੋਣਾਂ ਦੀ ਤਰੀਕ ਬਦਲੀ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ 'ਚ ਚੋਣਾਂ ਦੀ ਤਰੀਕ ਬਦਲੀ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸਿਆਸੀ ਪਾਰਟੀਆਂ ਦੀ ਬੇਨਤੀ ਤੋਂ ਬਾਅਦ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕਰ ਦਿੱਤਾ ਹੈ। ਚੋਣ ਕਮਿਸ਼ਨ ਮੁਤਾਬਕ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ 14 ਫਰਵਰੀ ਨੂੰ ਇਕ ਹੀ ਪੜਾਅ 'ਚ ਵੋਟਾਂ ਪੈਣੀਆਂ ਸਨ ਪਰ ਹੁਣ ਵੋਟਾਂ ਦੀ ਤਰੀਕ ਵਧਾ ਕੇ 20 ਫਰਵਰੀ ਕਰ ਦਿੱਤੀ ਗਈ ਹੈ।  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਘੱਟੋ-ਘੱਟ ਛੇ ਦਿਨਾਂ ਲਈ ਮੁਲਤਵੀ ਕਰਨ ਦਾ ਸੁਝਾਅ ਦਿੱਤਾ ਸੀ। ਰਵਿਦਾਸ ਜਯੰਤੀ ਵੋਟਾਂ ਪੈਣ ਤੋਂ ਦੋ ਦਿਨ ਬਾਅਦ 16 ਫਰਵਰੀ ਨੂੰ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਨੁਮਾਇੰਦਿਆਂ, ਜਿਸ ਵਿੱਚ ਪੰਜਾਬ ਦੀ 32 ਫੀਸਦੀ ਆਬਾਦੀ ਹੈ, ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਰਵਿਦਾਸ ਜੈਅੰਤੀ ਮੌਕੇ ਵੱਡੀ ਗਿਣਤੀ ਵਿੱਚ ਭਾਈਚਾਰੇ ਦੇ ਲੋਕ 10 ਤੋਂ 16 ਫਰਵਰੀ ਨੂੰ ਵਾਰਾਣਸੀ ਆਉਂਦੇ ਹਨ। ਅਜਿਹੇ 'ਚ ਕਈ ਲੋਕ ਵਿਧਾਨ ਸਭਾ ਚੋਣਾਂ ਲਈ ਆਪਣੀ ਵੋਟ ਨਹੀਂ ਪਾ ਸਕਣਗੇ, ਜੋ ਕਿ ਸੰਵਿਧਾਨਕ ਅਧਿਕਾਰ ਹੈ।

ਭਾਜਪਾ ਅਤੇ ਇਸ ਦੀ ਭਾਈਵਾਲ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਆਪ' ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਵੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਸੀ।