ਤਖਤ ਸ੍ਰੀ ਦਮਦਮਾ ਸਾਹਿਬ ਨੁੰ ਪੰਜਵੇਂ ਤਖਤ ਵਜੋਂ ਕਮੇਟੀ ਵਿਚ ਸ਼ਾਮਲ ਕਰਨ ਵਾਸਤੇ ਤਜਵੀਜ਼ ਪਾਸ ਕਰਨ ਦਾ ਸਵਾਗਤ: ਹਰਮੀਤ ਸਿੰਘ ਕਾਲਕਾ

ਤਖਤ ਸ੍ਰੀ ਦਮਦਮਾ ਸਾਹਿਬ ਨੁੰ ਪੰਜਵੇਂ ਤਖਤ ਵਜੋਂ ਕਮੇਟੀ ਵਿਚ ਸ਼ਾਮਲ ਕਰਨ ਵਾਸਤੇ ਤਜਵੀਜ਼ ਪਾਸ ਕਰਨ ਦਾ ਸਵਾਗਤ: ਹਰਮੀਤ ਸਿੰਘ ਕਾਲਕਾ

ਅੰਮ੍ਰਿਤਸਰ ਟਾਈਮਜ਼ ਬਿਉਰੋ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਵਿਧਾਨ ਸਭਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਸੋਧ ਬਿੱਲ 2022 ਪਾਸ ਕਰ ਕੇ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਪੰਜਵੇਂ ਤਖਤ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਵਿਚ ਸ਼ਾਮਲ ਕਰਨ ਦੀ ਤਜਵੀਜ਼ ਪਾਸ ਕਰਨ ਦਾ ਸਵਾਗਤ ਕੀਤਾ ਹੈ ਤੇ ਦਿੱਲੀ ਦੀਆਂ ਸੰਗਤਾਂ ਨੁੰ ਇਸਦੀ ਵਧਾਈ ਦਿੱਤੀ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਪੰਜਵੇਂ ਤਖਤ ਵਜੋਂ ਦਿੱਲੀ ਗੁਰਦੁਆਰਾ ਕਮੇਟੀ ਐਕਟ ਵਿਚ ਸ਼ਾਮਲ ਕਰਨ ਦੀ ਮੰਗ ਬਹੁਤ ਲੰਬੇ ਸਮੇਂ ਤੋਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਸੀ ਤੇ ਉਹ ਆਪ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਸਕੱਤਰ ਨੁੰ ਵੀ ਮਿਲੇ ਸਨ ਤੇ ਦਿੱਲੀ ਸਰਕਾਰ ਨੁੰ ਇਸ ਮਾਮਲੇ ਵਿਚ ਚਿੱਠੀ ਪਾਈ ਸੀ।

ਸਰਦਾਰ ਕਾਲਕਾ ਨੇ ਕਿਹਾ ਕਿ ਹੁਣ ਜਦੋਂ ਦਿੱਲੀ ਵਿਧਾਨ ਸਭਾ ਨੇ ਇਹ ਸੋਧ ਦੀ ਤਜਵੀਜ਼ ਪਾਸ ਕਰ ਦਿੱਤੀ ਹੈ ਤਾਂ ਇਹ ਤਜਵੀਜ਼ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਮਨਜ਼ੂਰੀ ਵਾਸਤੇ ਜਾਵੇਗੀ ਅਤੇ ਮਨਜ਼ੂਰੀ ਮਿਲਣ ਮਗਰੋਂ ਸਿੱਖਾਂ ਦੇ ਪੰਜਵੇਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੀ ਕਮੇਟੀ ਦੇ ਜਨਰਲ ਹਾਊਸ ਦਾ ਮੈਂਬਰ ਬਣ ਸਕਣਗੇ। ਇਸ ਨਾਲ ਹੁਣ ਦਿੱਲੀ ਕਮੇਟੀ ਵਿਚ ਨਾਮਜ਼ਦ ਕੀਤੇ ਜਾਂਦੇ ਮੈਂਬਰਾਂ ਦੀ ਗਿਣਤੀ 9 ਹੈ ਜੋ 10 ਹੋ ਜਾਵੇਗੀ। ਹੁਣ ਤੱਕ ਸਿਰਫ ਚਾਰ ਤਖਤਾਂ ਦੇ ਜਥੇਦਾਰ ਹੀ ਕਮੇਟੀ ਦੇ ਜਨਰਲ ਹਾਊਸ ਦੇ ਮੈਂਬਰ ਨਾਮਜ਼ਦ ਹੁੰਦੇ ਸਨ।ਸਰਦਾਰ ਕਾਲਕਾ ਨੇ ਇਹ ਤਜ਼ਵੀਜ਼ ਪਾਸ ਹੋਣ ਦੀ ਸੰਗਤਾਂ ਨੁੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪੰਜ ਤਖਤ ਹਨ ਤੇ ਸਾਰੇ ਤਖਤਾਂ ਦੇ ਜਥੇਦਾਰਾਂ ਦੀ ਸ਼ਮੂਲੀਅਤ ਨਾਲ ਕਮੇਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਤੇ ਇਸ ਇਤਿਹਾਸਕ ਫੈਸਲੇ ਲਈ ਦਿੱਲੀ ਦੀਆਂ ਸਮੁੱਚੀਆਂ ਸੰਗਤਾਂ ਵਧਾਈ ਦੀਆਂ ਹੱਕਦਾਰ ਹਨ ਜਿਹਨਾਂ ਨੇ ਹਮੇਸ਼ਾ ਕਮੇਟੀ ਦਾ ਡੱਟ ਕੇ ਸਾਥ ਦਿੱਤਾ ਹੈ।