ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤਾ ਜਾ ਰਿਹਾ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ 

ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤਾ ਜਾ ਰਿਹਾ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ, 29 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਸਬੰਧੀ ਕਾਰਜਾਂ ਨੂੰ ਅੱਗੇ ਤੋਰਦਿਆਂ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਬਾਣੀ ਅਤੇ ਬਾਣੇ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਈ ਪਰਮਜੀਤ ਸਿੰਘ ਖਾਲਸਾ (ਸ੍ਰੀ ਅਨੰਦਪੁਰ ਸਾਹਿਬ) ਵੱਲੋਂ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਮਿਤੀ 17 ਮਾਰਚ ਤੇ 28 ਮਾਰਚ ਤੱਕ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਅਤੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਪ੍ਰਚਾਰ ਕੀਤਾ ਗਿਆ। ਜਿਸ ਦੌਰਾਨ ਬੱਚਿਆਂ, ਨੌਜਵਾਨਾਂ ਅਤੇ ਸੰਗਤਾਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਲਈ ਪ੍ਰੇਰਿਆ ਗਿਆ।

  27 ਮਾਰਚ ਨੂੰ ਦਿਨ ਐਤਵਾਰ ਨੂੰ ਸ਼੍ਰੋਮਣੀ ਸਿੱਖ ਸੰਗਤ ਸਭਾ ਅਤੇ ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਭਾਈ ਲਾਲੋ ਜੀ ਵਿਸ਼ਨੂੰ ਗਾਰਡਨ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿਚ 135 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਅਤੇ ਕਕਾਰਾਂ ਦੀ ਸੇਵਾ ਦਿੱਲੀ ਕਮੇਟੀ ਵੱਲੋਂ ਕੀਤੀ ਗਈ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਸ. ਜਸਪ੍ਰੀਤ ਸਿੰਘ ਕਰਮਸਰ ਨੇ ਭਾਈ ਪਰਮਜੀਤ ਸਿੰਘ ਖਾਲਸਾ ਜੀ ਦਾ ਧੰਨਵਾਦ ਕੀਤਾ ਅਤੇ ਅੱਗੇ ਵੀ ਇਸੇ ਤਰ੍ਹਾਂ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਭਾਈ ਸਾਹਿਬ ਜੀ ਨੂੰ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਪ੍ਰਚਾਰ ਦੀ ਲੜੀ ਨੂੰ ਅੱਗੇ ਤੋਰਨ ਦੀ ਬੇਨਤੀ ਕੀਤੀ।ਸ. ਕਰਮਸਰ ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਕਮੇਟੀ ਵੱਲੋਂ ਪ੍ਰਚਾਰਕ ਭੇਜ ਕੇ ਧਰਮ ਪ੍ਰਚਾਰ ਦੀ ਸੇਵਾ ਨੂੰ ਅੱਗੇ ਵਧਾਉਣ ਤੇ ਜ਼ੋਰ ਦਿੱਤਾ ਹੈ ਅਤੇ ਕਿਹਾ ਕਿ ਦਿੱਲੀ ਕਮੇਟੀ ਹਮੇਸ਼ਾ ਹੀ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਡਟ ਕੇ ਪਹਿਰਾ ਦਿੰਦੀ ਰਹੀ ਹੈ ਅਤੇ ਅੱਗੇ ਹੋਰ ਵੀ ਉਪਰਾਲੇ ਇਸ ਸਬੰਧ ਵਿਚ ਕੀਤੇ ਜਾਣਗੇ।