ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ - ਐਡਵੋਕੇਟ ਧਾਮੀ
16 ਅਪ੍ਰੈਲ ਨੂੰ ਦਿੱਲੀ ਤੋਂ ਆਰੰਭ ਹੋਵੇਗਾ ਫਤਹਿ ਮਾਰਚ, 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਮੁੱਖ ਸਮਾਗਮ
ਅੰਮ੍ਰਿਤਸਰ ਟਾਇਮਜ਼ ਬਿਊਰੋ
ਨਵੀਂ ਦਿੱਲੀ, 2 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਦਿੱਲੀ ਵਿਖੇ ਵਿਸ਼ੇਸ਼ ਇੱਕਤਰਤਾ ਕੀਤੀ ਗਈ ਜਿਸ ਵਿਚ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਕੀਤਾ ਜਾਣਾ ਹੈ, ਜਦਕਿ ਇਸ ਤੋਂ ਪਹਿਲਾਂ ਦਿੱਲੀ ਵਿਖੇ ਵੀ ਕਈ ਸਮਾਗਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਸਬੰਧੀ ਕੀਤੀ ਗਈ ਇੱਕਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜੀਆ ਉਹ ਸਿੱਖ ਜਰਨੈਲ ਸੀ, ਜਿਸ ਨੇ ਮੁਗਲ ਬਾਦਸ਼ਾਹ ਦਾ ਦਿੱਲੀ ਤਖ਼ਤ ਪੁੱਟ ਕੇ ਸ੍ਰੀ ਅੰਮ੍ਰਿਤਸਰ ਲਿਆਂਦਾ ਸੀ। ਉਨ੍ਹਾਂ ਆਖਿਆ ਕਿ 18ਵੀਂ ਸਦੀ ਅੰਦਰ ਸਰਦਾਰ ਜੱਸਾ ਸਿੰਘ ਵੱਲੋਂ ਕੀਤੀ ਗਈ ਦਿੱਲੀ ਫ਼ਤਹਿ ਸਿੱਖ ਇਤਿਹਾਸ ਦਾ ਗੌਰਵਸ਼ਾਲੀ ਪੰਨਾ ਹੈ, ਜੋ ਸਿੱਖ ਕੌਮ ਲਈ ਫ਼ਖ਼ਰ ਵਾਲੀ ਗੱਲ ਹੈ। 12 ਮਿਸਲਾਂ ਵਿੱਚੋਂ ਇੱਕ ਸ਼ਕਤੀਸ਼ਾਲੀ ਮਿਸਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਅਗਵਾਈ ਵਿਚ ਚੱਲਦੀ ਸੀ। ਉਨ੍ਹਾ ਦੱਸਿਆ ਕਿ ਇਸ ਸਿਖ ਜਰਨੈਲ ਦੀ ਤੀਜੀ ਜਨਮ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਪੰਥਕ ਰਵਾਇਤਾਂ ਨਾਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਖਾਲਸਾ ਫਤਹਿ ਮਾਰਚ ਅਰੰਭ ਹੋਵੇਗਾ ਜੋ ਡੀਡੀਏ ਮੈਦਾਨ ਹਰੀ ਨਗਰ ਵਿਖੇ ਪਹੁੰਚੇਗਾ। ਇਥੇ 17 ਅਪ੍ਰੈਲ ਨੂੰ ਕੀਰਤਨ ਦਰਬਾਰ ਹੋਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਹਾਜ਼ਰੀ ਭਰਨਗੇ ,ਇਸੇ ਤਰ੍ਹਾ 18 ਅਪ੍ਰੈਲ ਨੂੰ ਇਥੇ ਹੀ ਖਾਲਸਾਈ ਖੇਡਾਂ ਹੋਣਗੀਆਂ।
20 ਅਪ੍ਰੈਲ ਨੂੰ ਗੁਰਦੁਆਰਾ ਛੋਟੇ ਸਾਹਿਬਜ਼ਾਦੇ ਫਤਹਿ ਨਗਰ ਦਿੱਲੀ ਤੋ ਖ਼ਾਲਸਾ ਫਤਹਿ ਮਾਰਚ ਅਗਲੇ ਪੜਾਅ ਲਈ ਅਰੰਭ ਹੋਵੇਗਾ ਜੋ ਕਰਨਾਲ ਵਿਖੇ ਰਾਤ ਵਿਸ਼ਰਾਮ ਕਰਕੇ 21 ਅਪ੍ਰੈਲ ਨੂੰ ਦੂਖ ਨਿਵਾਰਨ ਸਾਹਿਬ ਪਟਿਆਲਾ ਪਹੁੰਚੇਗਾ। 22 ਅਪ੍ਰੈਲ ਨੂੰ ਖਾਲਸਾ ਮਾਰਚ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ, 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, 24 ਨੂੰ ਸ੍ਰੀ ਮੁਕਤਸਰ ਸਾਹਿਬ, 25 ਨੂੰ ਬਜੀਦਪੁਰ, 26 ਨੂੰ ਆਲਮਗੀਰ ਲੁਧਿਆਣਾ, 27 ਸ੍ਰੀ ਫਹਿਤਗੜ੍ਹ ਸਾਹਿਬ ਤੇ 28 ਅਪ੍ਰੈਲ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ। ਇਸੇ ਤਰ੍ਹਾ 29 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਚਲ ਕੇ ਰਾਤ ਗੁਰਦੁਆਰਾ ਸ੍ਰੀ ਮੌ ਸਾਹਿਬ ਫਿਲੌਰ, 30 ਨੂੰ ਜਲੰਧਰ, 1 ਮਈ ਨੂੰ ਕਰਤਾਰਪੁਰ, 2 ਨੂੰ ਸੁਲਤਾਨਪੁਰ ਲੋਧੀ ਤੇ 3 ਮਈ ਨੂੰ ਰਾਤ ਦਾ ਵਿਸ਼ਰਾਮ ਤਰਨਤਾਰਨ ਸਾਹਿਬ ਵਿਖੇ ਹੋਵੇਗਾ। 4 ਮਈ ਨੂੰ ਖਾਲਸਾ ਫਤਹਿ ਮਾਰਚ ਦੀ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸੰਪੂਰਨਤਾ ਹੋਵੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ।
ਇੱਕਤਰਤਾ 'ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਜਾਗੋ ਪਾਰਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀਕੇ, ਸੀਨੀਅਰ ਅਕਾਲੀ ਆਗੂ ਸ. ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਗੁਰਬਖ਼ਸ਼ ਸਿੰਘ ਖਾਲਸਾ, ਸ. ਕੁਲਵੰਤ ਸਿੰਘ ਮੰਨਣ, ਸ. ਸਰਵਣ ਸਿੰਘ ਕੁਲਾਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸ. ਤੇਜਿੰਦਰਪਾਲ ਸਿੰਘ, ਦਿਲੀ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ, ਸ. ਸੁਖਵਿੰਦਰ ਸਿੰਘ ਬੱਬਰ, ਸ. ਸੁਖਦੇਵ ਸਿੰਘ ਰਿਆਤ, ਸ਼੍ਰੋਮਣੀ ਕਮੇਟੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਪਰਮਜੀਤ ਸਿੰਘ ਸਰੋਆ, ਸ. ਗੁਰਿੰਦਰ ਸਿੰਘ ਮਥਰੇਵਾਲ, ਦਿੱਲੀ ਮਿਸ਼ਨ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ ਆਦਿ ਹਾਜਰ ਸਨ।
Comments (0)