ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਫਤਹਿ ਦਿਵਸ ਮੌਕੇ ਗੁਰੂ ਸਾਹਿਬਾਨ ਦੇ ਸ਼ਸਤਰ ਤੇ ਹੋਰ ਵਸਤਾਂ ਦਿੱਲੀ ਦੀਆਂ ਸੰਗਤਾਂ ਦੇ ਦਰਸ਼ਨਾਂ ਵਾਸਤੇ ਨਾ ਭੇਜਣਾ ਨਿੰਦਣਯੋਗ: ਕਾਲਕਾ

ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਫਤਹਿ ਦਿਵਸ ਮੌਕੇ ਗੁਰੂ ਸਾਹਿਬਾਨ ਦੇ ਸ਼ਸਤਰ ਤੇ ਹੋਰ ਵਸਤਾਂ ਦਿੱਲੀ ਦੀਆਂ ਸੰਗਤਾਂ ਦੇ ਦਰਸ਼ਨਾਂ ਵਾਸਤੇ ਨਾ ਭੇਜਣਾ ਨਿੰਦਣਯੋਗ: ਕਾਲਕਾ

 ਮਾਮਲਾ ਜਥੇਦਾਰ ਅਕਾਲ ਤਖਤ ਕੋਲ ਚੁੱਕਾਂਗੇ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 5 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ ਸ਼ਸਤਰ ਤੇ ਹੋਰ ਨਿਸ਼ਾਨੀਆਂ ਦਿੱਲੀ ਦੀਆਂ ਸੰਗਤਾਂ ਦੇ ਦਰਸ਼ਨਾਂ ਵਾਸਤੇ ਨਾ ਭੇਜਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਐਲਾਨ ਕੀਤਾ ਹੈ ਕਿ ਉਹ ਇਹ ਮਾਮਲਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕੋਲ ਚੁੱਕਣਗੇ।

ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਦਿੱਲੀ ਫਤਿਹ ਦਿਵਸ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਲਈ ਗੁਰੂ ਸਾਹਿਬ ਦੇ ਸਸ਼ਤਰ ਤੇ ਨਿਸ਼ਾਨੀਆਂ ਬੱਸ ਵਿਚ ਦਿੱਲੀ ਭੇਜਣ ਦੀ ਬੇਨਤੀ ਸ਼੍ਰੋਮਣੀ ਕਮੇਟੀ ਨੁੰ ਕੀਤੀ ਸੀ ਤਾਂ ਜੋ ਦਿੱਲੀ ਦੀਆਂ ਸੰਗਤਾਂ ਇਹਨਾਂ ਦੇ ਦਰਸ਼ਨ ਕਰ ਸਕਣ। ਉਹਨਾਂ ਕਿਹਾ ਕਿ ਦੋ ਸਾਲ ਪਹਿਲਾਂ ਵੀ ਦਿੱਲੀ ਦੀਆਂ ਸੰਗਤਾਂ ਨੁੰ ਗੁਰੂ ਸਾਹਿਬਾਨ ਦੀਆਂ ਇਹਨਾਂ ਨਿਸ਼ਾਨੀਆਂ ਦੇ ਦਰਸ਼ਨ ਕਰਵਾਏ ਗਏ ਸਨ ਪਰ ਹੈਰਾਨੀ ਵਾਲੀ ਗੱਲ ਹੈ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਨੇ ਇਹ ਨਿਸ਼ਾਨੀਆਂ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ।

ਸਰਦਾਰ ਕਾਲਕਾ ਨੇ ਦੱਸਿਆ ਕਿ ਉਹਨਾਂ ਨੁੰ ਸ਼੍ਰੋਮਣੀ ਕਮੇਟੀ ਤੋਂ ਇਕ ਪੱਤਰ ਪ੍ਰਾਪਤ ਹੋਇਆ ਹੈ ਜਿਸ ਵਿਚ 2018 ਦੇ ਮਤੇ ਦਾ ਜ਼ਿਕਰ ਕਰ ਕੇ ਨਿਸ਼ਾਨੀਆ ਭੇਜਣ ਤੋਂ ਇਨਕਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੁੰ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ 'ਤੇ ਕਾਬਜ਼ ਧਿਰ ਨੁੰ ਲੱਗਦਾ ਹੈ ਕਿ ਹਰ ਚੀਜ਼ 'ਤੇ ਉਸਦਾ ਕਬਜ਼ਾ ਹੈ ਜਦੋਂ ਕਿ ਅਜਿਹਾ ਨਹੀਂ ਹੈ। ਉਹਨਾਂ ਕਿਹਾ ਕਿ ਪਤਾ ਨਹੀਂ ਕਿਹੜੇ ਹੁਕਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਇਹ ਮਤਾ ਪਾਇਆ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਨਕਾਰ ਦਿੱਲੀ ਦੀਆਂ ਸੰਗਤਾਂ ਨੁੰ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਤੋਂ ਦੂਰ ਰੱਖਣ ਦੀ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਅਸੀਂ ਇਹ ਮਾਮਲਾ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਧਿਆਨ ਵਿਚ ਲਿਆਵਾਂਗੇ ਤੇ ਉਹਨਾਂ ਤੋਂ ਮੰਗ ਕਰਾਂਗੇ ਕਿ ਇਸਦਾ ਨੋਟਿਸ ਲੈ ਕੇ ਸ਼੍ਰੋਮਣੀ ਕਮੇਟੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ।ਇਸ ਮੌਕੇ ਉਹਨਾਂ ਦੇ ਨਾਲ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਸੀਨੀਅਰ ਮੈਂਬਰ ਵਿਕਰਮ ਸਿੰਘ ‌ਰੋਹਿਣੀਜਸਪ੍ਰੀਤ ਸਿੰਘ ਵਿੱਕੀ ਮਾਨ ਤੇ ਗਗਨਦੀਪ ਸਿੰਘ ਬਿੰਦਰਾ ਵੀ ਮੌਜੂਦ ਸਨ।