'ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀਜ਼' ਤੇ ਆਡੀਟੋਰੀਅਮ ਦਾ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਉਦਘਾਟਨ

'ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀਜ਼' ਤੇ ਆਡੀਟੋਰੀਅਮ ਦਾ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਉਦਘਾਟਨ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ-ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਬਣਾਏ ਗਏ 'ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀਜ਼' ਅਤੇ 'ਸ੍ਰੀ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਮਲਟੀਮੀਡੀਆ ਆਡੀਟੋਰੀਅਮ' ਦਾ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦੂਜੇ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਤੇ ਹੋਰਨਾਂ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਕੀਤਾ ਗਿਆ। ਦੇਸ਼ ਦੀ ਸੰਸਦ ਅੱਗੇ ਬਣਾਏ ਗਏ ਇਸ ਸੈਂਟਰ ਵਿਚ ਸਿੱਖ ਧਰਮ, ਇਤਿਹਾਸਕ ਤੇ ਸਿੱਖ ਗੁਰੂਆਂ ਦੀ ਵਿਚਾਰਧਾਰਾ 'ਤੇ ਖੋਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਤਿਆਰ ਕੀਤੇ ਇਸ ਪ੍ਰਾਜੈਕਟ ਦੀ ਸੇਵਾ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ (ਚੇਅਰਮੈਨ ਸੰਨ ਫਾਊਂਡੇਸ਼ਨ) ਵਲੋਂ ਕੀਤੀ ਗਈ ਹੈ, ਜਦਕਿ ਇਸ ਕਾਰਜ ਲਈ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਵਲੋਂ ਅਹਿਮ ਯੋਗਦਾਨ ਪਾਇਆ ਗਿਆ ਹੈ। ਸਮਾਗਮ ਵਿਚ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਬਾਬਾ ਸੁਖਵਿੰਦਰ ਸਿੰਘ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਸੈਂਟਰ ਦੇ ਉਦਘਾਟਨ ਉਪਰੰਤ ਆਡੀਟੋਰੀਅਮ 'ਚ ਸੰਬੋਧਨ ਕਰਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਕਾਰਜ ਲਈ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮੌਜੂਦਾ ਸਮੇਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਜਿਹੀਆਂ ਹੀ ਅਤਿ ਆਧੁਨਿਕ ਤਕਨੀਕਾਂ ਦੀ ਵਰਤੋਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਸਕਾਲਰਾਂ ਦੀ ਲੋੜ ਹੈ, ਜੋ ਅਜਿਹੇ ਕੇਂਦਰਾਂ ਰਾਹੀਂ ਸਿੱਖ ਫਲਸਫੇ ਨੂੰ ਜਾਨਣ-ਸਮਝਣ ਅਤੇ ਸੰਸਾਰ ਨਾਲ ਸੰਵਾਦ ਕਰਨ। ਦਿੱਲੀ ਕਮੇਟੀ ਦੇ ਪ੍ਰਧਾਨ ਸ. ਕਾਲਕਾ ਤੇ ਸ. ਕਾਹਲੋਂ ਨੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਇਹ ਭਾਰਤ ਵਿਚ ਅਜਿਹਾ ਪਹਿਲਾ ਉਪਰਾਲਾ ਤੇ ਪਹਿਲਾ ਹੋਲੋਗ੍ਰਾਫਿਕ ਆਡੀਟੋਰੀਅਮ ਹੈ। ਉਨ੍ਹਾਂ ਸਾਰਿਆਂ ਨੂੰ ਸੱਦਾ ਦਿੰਦੇ ਹੋਏ ਦੱਸਿਆ ਕਿ ਇਥੇ ਰੋਜ਼ਾਨਾ 5 ਤੋਂ 6 ਵਜੇ ਤੱਕ ਸ਼ੋਅ ਚਲਾਇਆ ਜਾਵੇਗਾ।