ਕੇਂਦਰ ਸਰਕਾਰ ਵਲੋਂ ਨਕਲੀ ਦਵਾਈਆਂ ਬਣਾਉਣ ਵਾਲੀਆਂ 18 ਕੰਪਨੀਆਂ ਦੇ ਲਾਇਸੰਸ ਰਦ

ਕੇਂਦਰ ਸਰਕਾਰ ਵਲੋਂ ਨਕਲੀ ਦਵਾਈਆਂ ਬਣਾਉਣ ਵਾਲੀਆਂ 18 ਕੰਪਨੀਆਂ ਦੇ ਲਾਇਸੰਸ ਰਦ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ : ਭਾਰਤ ਸਰਕਾਰ ਨੇ ਦੇਸ਼ ਦੀਆਂ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਸਰਕਾਰ ਵੱਲੋਂ ਇਹ ਕਾਰਵਾਈ ਨਕਲੀ ਦਵਾਈਆਂ ਬਣਾਉਣ ਦੇ ਦੋਸ਼ਾਂ ਤੋਂ ਬਾਅਦ ਕੀਤੀ ਗਈ ਹੈ। ਹਾਲ ਹੀ ਵਿੱਚ, ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀਸੀਜੀਆਈ) ਦੁਆਰਾ 20 ਰਾਜਾਂ ਦੀਆਂ 76 ਕੰਪਨੀਆਂ ਦਾ ਨਿਰੀਖਣ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸਰਕਾਰ ਵੱਲੋਂ ਲਾਇਸੈਂਸ ਰੱਦ ਕਰਨ ਦੀ ਇਹ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ਵੱਲੋਂ ਇਕ ਵਿਸ਼ੇਸ਼ ਮੁਹਿੰਮ ਤਹਿਤ ਕੁੱਲ 203 ਫਾਰਮਾ ਕੰਪਨੀਆਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕੰਪਨੀਆਂ ਹਿਮਾਚਲ ਪ੍ਰਦੇਸ਼ (70), ਉੱਤਰਾਖੰਡ (45) ਅਤੇ ਮੱਧ ਪ੍ਰਦੇਸ਼ (23) ਦੀਆਂ ਹਨ। ਹਾਲ ਹੀ 'ਵਿਚ ਭਾਰਤੀ ਫਾਰਮਾਸਿਊਟੀਕਲ ਕੰਪਨੀਆਂ ਦੁਆਰਾ ਤਿਆਰ ਕੀਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੁਣਵੱਤਾ 'ਤੇ ਸਵਾਲ ਉਠਾਏ ਗਏ ਹਨ। ਫਰਵਰੀ ਵਿੱਚ, ਤਾਮਿਲਨਾਡੂ ਸਥਿਤ ਗਲੋਬਲ ਫਾਰਮਾ ਹੈਲਥਕੇਅਰ ਨੇ ਆਪਣੀ ਦਵਾਈ ਦੀ ਪੂਰੀ ਖੇਪ ਵਾਪਸ ਬੁਲਾ ਲਈ ਸੀ। ਇਸ ਤੋਂ ਪਹਿਲਾਂ ਪਿਛਲੇ ਸਾਲ ਗਾਂਬੀਆ ਅਤੇ ਉਜ਼ਬੇਕਿਸਤਾਨ ਵਿੱਚ ਬੱਚਿਆਂ ਦੀ ਮੌਤ ਨਾਲ ਭਾਰਤੀ ਬਣੀ ਖੰਘ ਦੇ ਸਿਰਪ ਦਾ ਸਬੰਧ ਸਾਹਮਣੇ ਆਇਆ ਸੀ।