ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿਚ ਸ਼ਾਮਲ /ਬਾਦਲ ਦਲ ਵਿੱਚ ਘਬਰਾਹਟ ਦਾ ਮਾਹੌਲ

ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿਚ ਸ਼ਾਮਲ /ਬਾਦਲ ਦਲ ਵਿੱਚ ਘਬਰਾਹਟ ਦਾ ਮਾਹੌਲ

*ਅਕਾਲੀ ਦਲ-ਭਾਜਪਾ ਦਰਮਿਆਨ ਸਿਆਸੀ ਟਕਰਾਅ ਵਧਣ ਦੇ ਆਸਾਰ

*ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਛੱਡੀ 

*ਦੋ ਕੇਂਦਰੀ ਮੰਤਰੀਆਂ ਪ੍ਰਧਾਨ ਤੇ ਸ਼ੇਖਾਵਤ ਨੇ ਪਾਰਟੀ ਵਿਚ  ਕੀਤਾ ਸਵਾਗਤ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਛੱਡਣ ਦੇ ਐਲਾਨ ਤੋਂ ਕੁਝ ਮਿੰਟਾਂ ਬਾਅਦ ਹੀ ਮਨਜਿੰਦਰ ਸਿੰਘ ਸਿਰਸਾ ਕੇਂਦਰੀ ਮੰਤਰੀਆਂ ਧਰਮਿੰਦਰ ਪ੍ਰਧਾਨ ਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿਚ ਭਾਜਪਾ ਵਿੱਚ ਸ਼ਾਮਲ ਹੋ ਗਏ। ਬਾਦਲ ਦਲ ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਬੀਤੇ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋਏ ਸਨ। ਸ਼ੇਖਾਵਤ ਜੋ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਇੰਚਾਰਜ ਹਨ, ਨੇ ਕਿਹਾ ਕਿ ਸਿਰਸਾ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਯਕੀਨੀ ਤੌਰ ’ਤੇ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਦਦਗਾਰ ਸਾਬਿਤ ਹੋਵੇਗਾ। ਸਿਰਸਾ ਕੌਮੀ ਰਾਜਧਾਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਪ੍ਰਮੁੱਖ ਚਿਹਰਾ ਰਹੇ ਹਨ ਅਤੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਵੱਡੇ ਸਮਰਥਕ ਸਨ। ਸਿਰਸਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਹੈ। ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰਦੇ ਹੋਏ ਇੱਕ ਟਵੀਟ ਵਿੱਚ ਕਿਹਾ, ‘‘ਮੈਂ ਆਉਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ। ਆਪਣੇ ਪੰੰਥ, ਮਨੁੱਖਤਾ ਤੇ ਦੇਸ਼ ਦੀ ਸੇਵਾ ਕਰਨ ਲਈ ਮੇਰੀ ਉਹੀ ਵਚਨਬੱਧਤਾ ਬਰਕਰਾਰ ਹੈ।’’ ਸਿਰਸਾ ਨੇ ਭਾਜਪਾ ਦੀ ਟਿਕਟ ’ਤੇ ਰਾਜੌਰੀ ਗਾਰਡਨ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਤੇ ਜਿੱਤੀਆਂ ਸਨ।। ਖੁਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਨੂੰ ਉਨ੍ਹਾਂ ਭਿਣਕ ਨਹੀਂ ਲੱਗਣ ਦਿੱਤੀ । ਸਿਰਸਾ ਦੇ ਇਸ ਕਦਮ ਨਾਲ ਪਾਰਟੀ ਦੇ ਨੇਤਾ ਤਾਂ ਹੈਰਾਨ ਹਨ ।

ਦਿੱਲੀ ਵਿਚ ਨਗਰ ਨਿਗਮ ਦੀਆਂ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਨੂੰ ਸਿੱਖ ਚਿਹਰੇ ਵਜੋਂ ਮਨਜਿੰਦਰ ਸਿੰਘ ਸਿਰਸਾ ਦਾ ਮਿਲਣਾ ਇਕ ਵੱਡੀ ਸਫਲਤਾ ਵਜੋਂ ਵੇਖਿਆ ਜਾ ਰਿਹਾ ਹੈ। ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਭਾਜਪਾ ਸਿਰਸਾ ਨੂੰ ਪੰਜਾਬ ਭੇਜ ਕੇ ਅਸੈਂਬਲੀ ਚੋਣਾਂ ਵਿਚ ਨਵਾਂ ਦਾਅ ਖੇਡ ਸਕਦੀ ਹੈ। ਅਜੇ ਤੱਕ ਇਹੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਭਾਜਪਾ ਦਾ ਗੱਠਜੋੜ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਹੋਵੇਗਾ ਪਰ ਹੁਣ ਲੱਗਦਾ ਹੈ ਕਿ ਭਾਜਪਾ ਦੇ ਚੋਟੀ ਦੇ ਆਗੂਆਂ ਦੇ ਮਨ ਵਿਚ ਕੁਝ ਹੋਰ ਹੀ ਚੱਲ ਰਿਹਾ ਹੈ।  ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਦਰਮਿਆਨ ਸਿਆਸੀ ਜੰਗ ਤਿੱਖੀ ਹੋਣ ਦੇ ਆਸਾਰ ਬਣ ਗਏ ਹਨ। ਭਗਵਾਂ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਗਤੀਵਿਧੀਆਂ ਵਧਾ ਦਿੱਤੀਆਂ ਹਨ। ਚੋਣਾਂ ਤੋਂ ਪਹਿਲਾਂ ਵਾਪਰੀ ਇਸ ਘਟਨਾ ਨੇ ਸਿਰਫ਼ ਅਕਾਲੀਆਂ ਨੂੰ ਨਹੀਂ, ਸਗੋਂ ਦੂਜੀਆਂ ਸਿਆਸੀ ਧਿਰਾਂ ਨੂੰ ਵੀ ਹੈਰਾਨ ਕੀਤਾ ਹੈ। ਹਾਲਾਂਕਿ  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਹੋਰਨਾਂ ਆਗੂਆਂ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਭਾਜਪਾ ਨੇ ਸਿਰਸਾ ਦੀ ਬਾਂਹ ਮਰੋੜ ਕੇ ਦਲ ਬਦਲੀ ਕਰਵਾਈ ਹੈ, ਪਰ ਅਕਾਲੀ ਦਲ ਵਿਚ ਇਸ ਦਲ ਬਦਲੀ ਨਾਲ ਘਬਰਾਹਟ ਦਾ ਮਾਹੌਲ ਬਣ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਸੁਖਬੀਰ ਸਿੰਘ ਬਾਦਲ ਖਿਲਾਫ਼ ਕੋਟਕਪੂਰਾ ਗੋਲੀ ਕਾਂਡ ਤੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਐੱਸਟੀਐੱਫ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਆਪਣੀ ਹੀ ਸਰਕਾਰ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਅਜਿਹੇ ਵਿਚ ਬਾਦਲ ਪਰਿਵਾਰ ਤੇ ਅਕਾਲੀਆਂ ਲਈ ਆਉਂਦੇ ਦਿਨਾਂ ਦੌਰਾਨ ਚੁਣੌਤੀਆਂ ਵਧ ਸਕਦੀਆਂ ਹਨ।

  ਭਾਜਪਾ ਪੰਜਾਬ ਵਿਚ ਪਬਾਂ ਭਾਰ

   ਚੋਣਾਂ ਦਾ ਐਲਾਨ ਇੱਕ ਮਹੀਨੇ ਤੱਕ ਹੋਣ ਦੇ ਚਰਚੇ ਹਨ। ਇਨ੍ਹਾਂ ਚੋਣਾਂ ਲਈ ਅਕਾਲੀ ਦਲ ਜਿੱਥੇ ਵੱਕਾਰ ਦੀ ਲੜਾਈ ਲੜਦਾ ਦਿਖਾਈ ਦੇ ਰਿਹਾ ਹੈ, ਉਥੇ ਭਾਜਪਾ ਤੇ ‘ਆਪ’ ਵੀ ਸਿਰ ਧੜ ਦੀ ਬਾਜ਼ੀ ਲਾਉਣ ਲਈ ਤਿਆਰ ਹਨ। ਕਾਂਗਰਸ ਵੱਲੋਂ ਮੁੜ ਤੋਂ ਸੱਤਾ ਹਥਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਪੱਕੇ ਪੈਰੀਂ ਹੋਣ ਲਈ ਅਕਾਲੀ ਦਲ, ਕਾਂਗਰਸ ਅਤੇ ‘ਆਪ’ ਦੇ ਆਗੂਆਂ ’ਤੇ ਡੋਰੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਦੇ ਕੁਝ ਵਿਧਇਕਾਂ ਤੇ ਸਾਬਕਾ ਮੰਤਰੀਆਂ ਵੱਲੋਂ ਵੀ ਦਲ ਬਦਲੀ ਕੀਤੇ ਜਾਣ ਦੇ ਚਰਚੇ ਹਨ। ਖੁਫ਼ੀਆ ਵਿੰਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਦੇ ਸਿਆਸੀ ਏਜੰਡੇ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਆਉਂਦੇ ਦਿਨਾਂ ਦੌਰਾਨ ਕੁਝ ਕੇਂਦਰੀ ਏਜੰਸੀਆਂ ਦੇ ਸਰਗਰਮ ਹੋਣ ਦੇ ਵੀ ਆਸਾਰ ਹਨ। ਇੱਕ ਸੀਨੀਅਰ ਅਕਾਲੀ ਆਗੂ ਨੇ ਦੱਸਿਆ ਕਿ ਪਾਰਟੀ ਆਗੂਆਂ ਨੂੰ ਕੇਂਦਰੀ ਏਜੰਸੀਆਂ ਦੇ ਛਾਪਿਆਂ ਪ੍ਰਤੀ ਸੁਚੇਤ ਰਹਿਣ ਸਬੰਧੀ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਹੈ। ਅਕਾਲੀ ਆਗੂਆਂ ਦਾ ਮੰਨਣਾ ਹੈ ਕਿ ਦੋਹਾਂ ਪਾਰਟੀਆਂ ਦਰਮਿਆਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟਕਰਾਅ ਵਧਣ ਦੇ ਆਸਾਰ ਹਨ। ਹਾਲਾਂਕਿ ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੀ ਸਾਂਝ ਮੁੜ ਪੈ ਸਕਦੀ ਹੈ ਪਰ ਹੁਣ ਗੱਠਜੋੜ ਦੇ ਕੋਈ ਆਸਾਰ ਨਹੀਂ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਅਕਾਲੀ ਦਲ ਨਾਲ ਭਾਜਪਾ ਦੀ ਸਾਂਝ ਪੈ ਸਕਦੀ ਹੈ।

ਭਾਜਪਾ ਵੀ ਇੰਦਰਾ ਵਾਲੇ ਹੱਥਕੰਡੇ ਵਰਤਣ ਲੱਗੀ: ਅਕਾਲੀ ਦਲ

 ਸ਼੍ਰੋਮਣੀ ਅਕਾਲੀ ਦਲ ਨੇ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ ਕੁਝ ਹਾਸਲ ਕਰਨ ਦਾ ਯਤਨ ਕਰਾਰ ਦਿੱਤਾ ਜੋ ਕਿ ਉਹ ਸਿੱਖ ਕੌਮ ਕੋਲੋਂ ਆਪਣੀ ਮਰਜ਼ੀ ਨਾਲ ਹਾਸਲ ਨਹੀਂ ਕਰ ਸਕੀਆਂ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ, ਜਥੇਦਾਰ ਹਰਮੀਤ ਸਿੰਘ ਕਾਲਕਾ ਅਤੇ ਦਿੱਲੀ ਕਮੇਟੀ ਦੇ 11 ਹੋਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ। ਕਾਲਕਾ ਸਾਹਿਬ ਤੇ ਹੋਰ ਮੈਂਬਰ ਸਿੱਖ ਰਵਾਇਤਾਂ ’ਤੇ ਡਟੇ ਰਹੇ ਅਤੇ ਜਬਰ ਦਾ ਟਾਕਰਾ ਕੀਤਾ ਪਰ ਸਿਰਸਾ ਦਬਾਅ ਹੇਠ ਆ ਗਏ ਅਤੇ ਸਿੱਖ ਪੰਥ ਤੇ ਇਸ ਦੀ ਭਾਵਨਾ ਨਾਲ ਗੱਦਾਰੀ ਕੀਤੀ। 

‘ਸਿਰਸਾ ਨੂੰ ਬੰਦੂਕ ਨਾਲ ਡਰਾ ਕੇ ਭਾਜਪਾ ਵਿਚ ਸ਼ਾਮਲ ਕੀਤਾ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਬਾਰੇ ਕਿਹਾ ਕਿ ਸਿਰਸਾ ਨੂੰ ਬੰਦੂਕ ਨਾਲ ਡਰ ਕੇ ਭਾਜਪਾ ਵਿਚ ਸ਼ਾਮਲ ਕਰਵਾਇਆ ਗਿਆ ਹੈ।  ਬਾਦਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿਰਸਾ ਵੱਲੋਂ ਭੇਜਿਆ ਗਿਆ ਵ੍ਹਟਸਐਪ ਸੰਦੇਸ਼ ਵੀ ਦਿਖਾਇਆ, ਜਿਸ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਦੀ ਕਾਪੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਿਰਸਾ ਨੇ ਉਨ੍ਹਾਂ ਨੂੰ ਫੋਨ ’ਤੇ ਦੱਸਿਆ ਸੀ ਕਿ ਭਾਜਪਾ ਵੱਲੋਂ ਉਨ੍ਹਾਂ ਨੂੰ ਧਮਕਾਇਆ ਗਿਆ ਸੀ ਕਿ ਜਾਂ ਉਹ ਅਕਾਲੀ ਦਲ ਨੂੰ ਛੱਡ ਦੇਣ ਤੇ ਜਾਂ ਫਿਰ ਜੇਲ੍ਹ ਜਾਣ ਲਈ ਤਿਆਰ ਰਹਿਣ। ਭਾਜਪਾ ਵੱਲੋਂ ਉਨ੍ਹਾਂ ਦੇ ਪਰਿਵਾਰ ਤੇ ਕਾਰੋਬਾਰ ਨੂੰ ਤਬਾਹ ਕਰਨ ਦੀ ਧਮਕੀ ਵੀ ਦਿੱਤੀ ਗਈ ਸੀ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਦੇ ਮੁੱਦਿਆਂ ’ਤੇ ਭਾਜਪਾ ਨਾਲੋਂ ਨਾਤਾ ਤੋੜਨ ਮਗਰੋਂ ਕੇਂਦਰ ਵੱਲੋਂ ਅਕਾਲੀ ਦਲ ਨਾਲ ਕਿੜ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ 11 ਜਣਿਆਂ ’ਤੇ ਪਰਚੇ ਦਰਜ ਕਰਵਾਏ ਗਏ ਹਨ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਮਨਜਿੰਦਰ ਸਿੰਘ ਸਿਰਸਾ ਕੇਂਦਰ ਸਰਕਾਰ ਦਾ ਦਬਾਅ ਨਹੀਂ ਝੱਲ ਸਕੇ। 

 ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਦੇਣ ਤੋਂ ਗੁਰੇਜ਼ ਕਰੇ ਸਰਕਾਰ: ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉੁਹ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰੇ। ਕਮੇਟੀ ਨੇ ਐਲਾਨ ਕੀਤਾ ਕਿ ਸਰਕਾਰਾਂ ਵੱਲੋਂ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲ ਦੇਣ ’ਤੇ ਪੰਥਕ ਸੰਸਥਾਵਾਂ ਵੱਲੋਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। 30 ਮੈਂਬਰਾਂ ਨਾਲ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮਨਜਿੰਦਰ ਸਿੰਘ ਸਿਰਸਾ ਦੇ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਤੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਫ਼ੈਸਲੇ ਨੂੰ ਨਿੱਜੀ ਦੱਸਿਆ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਬੰਧ ਚਲਾਉਣ ਲਈ ਉਹ ਬਣੇ ਹਾਲਾਤ ਬਾਰੇ ਕਾਨੂੰਨੀ ਸਲਾਹ ਲੈ ਰਹੇ ਹਨ ਤੇ ਮਾਹਿਰਾਂ ਦੀ ਰਾਇ ਅਨੁਸਾਰ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਅਦਾਲਤ ਤੱਕ ਪਹੁੰਚ ਕਰਨਗੇ ਅਤੇ ਡਾਇਰੈਕਟਰ ਗੁਰਦੁਆਰਾ ਚੋਣਾਂ ਨਾਲ ਵੀ ਰਾਬਤਾ ਕਰਨਗੇ ਤਾਂ ਕਿ ਨਵੇਂ ਚੁਣੇ ਗਏ ਮੈਂਬਰਾਂ ਦਾ ਜਨਰਲ ਹਾਊਸ ਜਲਦੀ ਸੱਦਿਆ ਜਾਵੇ ਤੇ ਨਵੀਂ ਕਾਰਜਕਾਰਨੀ ਦੀ ਚੋਣ ਕਰਵਾਈ ਜਾਵੇ। ਕਾਲਕਾ ਨੇ ਕਿਹਾ ਕਿ ਗੁਰਦੁਆਰਾ ਕਮੇਟੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 30 ਮੈਂਬਰ ਹਨ, ਜਿਸ ਕਾਰਨ ਪਾਰਟੀ ਦੀ 51 ਮੈਂਬਰੀ ਜਨਰਲ ਹਾਊਸ ਵਿੱਚ ਬਹੁਮਤ ਹੈ।

ਸਿਰਸਾ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਮੰਦਭਾਗਾ-ਐਡਵੋਕੇਟ ਧਾਮੀ

ਸਿਰਸਾ ਵਲੋਂ ਭਾਜਪਾ ਵਿਚ ਸ਼ਾਮਿਲ ਹੋਣ ਦੇ ਕਦਮ ਦੀ ਆਲੋਚਨਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮੰਦਭਾਗਾ ਆਖਿਆ । ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਨੇ ਸਿਰਸਾ ਨੂੰ ਵੱਡਾ ਮਾਣ ਬਖ਼ਸ਼ਿਆ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਾਇਆ । ਉਨ੍ਹਾਂ ਕਿਹਾ ਕਿ ਸਿਰਸਾ ਦੇ ਇਸ ਕਦਮ ਨਾਲ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਹੈ । ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਕਾਰਨ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ, ਪਰ ਭਾਜਪਾ ਪਾਰਟੀ ਵਿਚ ਸ਼ਾਮਿਲ ਹੋ ਕੇ ਸਿਰਸਾ ਨੇ ਕਿਸਾਨਾਂ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ । 

 ਸਿਰਸਾ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਇਹ ਮਕਸਦ ਦੱਸਿਆ

ਮਨਜਿੰਦਰ ਸਿੰਘ ਸਿਰਸਾ  ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੁਣ ਦਾ ਮਕਸਦ ਰਵਾਇਤੀ ਹਿੰਦੂ-ਸਿੱਖ ਏਕਤਾ ਨੂੰ ਮੁੜ ਬਹਾਲ ਕਰਾਉਣਾ ਅਤੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਵਾਉਣਾ ਹੈ।ਆਪਣੇ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ, “ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਮੈਂ ਆਉਣ ਵਾਲੀਆਂ ਡੀਐਸਜੀਐਮਸੀ ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ।”ਉਨ੍ਹਾਂ ਨੇ ਕਿਹਾ, “ਆਪਣੇ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਮੇਰੀ ਵਚਨਬਧਤਾ ਜਿਉਂਦੀ ਤਿਉਂ ਕਾਇਮ ਰਹੇਗੀ।” ਸਿਰਸਾ ਨੇ ਇਸ ਮੌਕੇ ਕਿਹਾ, “ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੁੰਦਿਆਂ ਜਿੱਥੇ ਵੀ ਦੇਸ਼, ਮਨੁੱਖਤਾ ਭਾਈਚਾਰੇ ਨੂੰ ਲੋੜ ਪਈ ਸੇਵਾ ਕੀਤੀ।ਜਿੱਥੇ ਵੀ ਲੋੜ ਪਈ ਆਪਣੇ ਲੋਕਾਂ ਦੀ ਅਵਾਜ਼ ਚੁੱਕੀ।ਅੱਜ ਦੇਸ਼ ਦੇ ਹਰ ਹਿੱਸੇ ਵਿੱਚ ਸਿੱਖਾਂ ਦੇ ਮੁੱਦੇ ਹੱਲ ਹੋਣ ਵਾਲੇ ਪਏ ਹਨ। ਇਸ ਵਿੱਚ ਸਭ ਤੋਂ ਪਹਿਲੀ ਲੋੜ ਹੁੰਦੀ ਹੈ ਉਸ ਸਰਕਾਰ ਦੀ ਜੋ ਇਹ ਮਸਲੇ ਹੱਲ ਕਰੇ।”ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੇ ਮੈਨੂੰ ਸਿੱਖ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ ਹੈ। ਸ਼ਿਲਾਂਗ ਦੇ ਡਾਂਗ ਮਾਰ ਗੁਰਦੁਆਰੇ ਦਾ ਮਸਲਾ, ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖਾਂ ਦਾ ਮਸਲਿਆਂ ਸਮੇਤ ਸਿੱਖ ਮਸਲੇ ਹੱਲ ਕਰਵਾਉਣ ਲਈ ਕੰਮ ਕਰਾਂਗਾ। ਦੇਸ਼ ਦੀ ਅਜ਼ਾਦੀ ਵਿੱਚ ਸਿੱਖਾਂ ਦਾ ਵੱਡਾ ਯੋਗਦਾਨ।”