ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਅਪਰਾਧਿਕ ਮਾਮਲਿਆਂ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣਾ ਕਾਨੂੰਨ ਦਾ ਮਜ਼ਾਕ: ਅਖੰਡ ਕੀਰਤਨੀ ਜੱਥਾ ਦਿੱਲੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਇੱਕ ਪਾਸੇ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸ਼੍ਰੋਮਣੀ ਕਮੇਟੀ ਆਪਣੇ ਪੱਧਰ 'ਤੇ ਮੁਹਿੰਮ ਚਲਾ ਰਹੀ ਹੈ ਤਾਂ ਦੂਜੇ ਪਾਸੇ ਬਲਾਤਕਾਰ ਅਤੇ ਕਤਲ ਦੇ ਦੋਸ਼ 'ਚ 20 ਸਾਲ ਦੀ ਸਜ਼ਾ ਕੱਟ ਰਹੇ ਦੋਸ਼ੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬੀਤੇ ਚਾਰ ਸਾਲਾਂ ਅੰਦਰ ਨੌਵੀਂ ਵਾਰ 50 ਦਿਨਾਂ ਦੀ ਪੈਰੋਲ ਮਿਲੀ ਹੈ। ਇਸ ਨੂੰ ਲੈਕੇ ਜਿਥੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ ਤਾਂ ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਵੀ ਇਸ 'ਤੇ ਇਤਰਾਜ਼ ਜਾਹਿਰ ਕੀਤਾ ਗਿਆ ਹੈ।
ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਵੀ ਦੋਸ਼ੀ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਲੈਕੇ ਸਵਾਲ ਖੜੇ ਕੀਤੇ ਗਏ ਹਨ। ਉਹਨਾਂ ਕਿਹਾ ਕਿ ਗੰਭੀਰ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨੌਵੀਂ ਵਾਰ ਪੈਰੋਲ ਦਿੱਤੀ ਗਈ ਹੈ ਤੇ ਇਸ ਵਾਰ 50 ਦਿਨਾਂ ਦੀ ਪੈਰੋਲ ਮੰਜੂਰ ਕੀਤੀ ਗਈ ਹੈ । ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਇਸ ਤਰ੍ਹਾਂ ਵਾਰ-ਵਾਰ ਪੈਰੋਲ ਮਿਲਣਾ ਕਾਨੂੰਨ ਦਾ ਮਜ਼ਾਕ ਬਣ ਕੇ ਰਹਿ ਗਿਆ ਹੈ ।
ਉਨ੍ਹਾਂ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੌਜੂਦਾ ਸਰਕਾਰ ਵੱਲੋਂ ਵਾਰ-ਵਾਰ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਜਾ ਰਹੀ ਹੈ, ਪਰ ਦੂਸਰੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਅਤੇ ਸਜ਼ਾ ਪੂਰੀ ਹੋਣ ਦੇ ਬਾਵਜੂਦ ਉਨਾਂ ਨੂੰ ਜੇਲ੍ਹਾਂ ਵਿੱਚ ਰੱਖਿਆ ਜਾ ਰਿਹਾ ਹੈ। ਜਿਸ ਤੋਂ ਸਾਫ਼ ਜਾਹਿਰ ਹੈ ਕਿ ਘੱਟ ਗਿਣਤੀਆਂ ਨੂੰ ਕਾਨੂੰਨ ਅਨੁਸਾਰ ਵੀ ਨਿਆਂ ਨਹੀਂ ਮਿਲਦਾ ਤੇ ਇੱਕ ਡੇਰਾ ਮੁਖੀ ਜੋ ਕਿ ਸਜ਼ਾ ਜਾਫਤਾ ਹੈ ਅਤੇ ਗੰਭੀਰ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਸ ਨੂੰ ਸਿਰਫ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਦੇਸ਼ ਦੀ ਨਿਆਂ ਪ੍ਰਣਾਲੀ ਤੇ ਸੁਆਲ ਚੁੱਕਦਿਆਂ ਕਿਹਾ ਕਿ ਇੱਕ ਅਪਰਾਧੀ ਨੂੰ ਵਾਰ-ਵਾਰ ਪੈਰੋਲ ਮਿਲਣ ਨਾਲ ਕਿਤੇ ਨਾ ਕਿਤੇ ਨਿਆਂ ਪ੍ਰਣਾਲੀ 'ਤੇ ਵੀ ਸਵਾਲ ਖੜੇ ਹੁੰਦੇ ਹਨ, ਕਿਉਂਕਿ ਇਸ ਤਰ੍ਹਾਂ ਮੁਜ਼ਲਮ ਦੇ ਦਿਲ ਤੋਂ ਕਾਨੂੰਨ ਦਾ ਡਰ ਨਿਕਲ ਜਾਂਦਾ ਹੈ ਤੇ ਓਹ ਸਮਝਦਾ ਹੈ ਕਿ ਜਿੰਨਾਂ ਮਰਜ਼ੀ ਵੱਡਾ ਜ਼ੁਲਮ ਕਰ ਲਓ ਪਰ ਸਰਕਾਰ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਬੰਦੀ ਸਿੰਘਾਂ ਨੂੰ ਤਾਂ 30 ਤੋਂ 35 ਸਾਲ ਵੀ ਹੋ ਚੁੱਕੇ ਹਨ ਪਰ ਉਨ੍ਹਾਂ ਨੂੰ ਜੇਲ੍ਹਾਂ ਤੋਂ ਬਾਹਰ ਹੀ ਨਹੀਂ ਕੱਢਿਆ ਜਾ ਰਿਹਾ। ਆਖ਼ਿਰ ਕਦੋ ਤਕ ਸਿੱਖਾਂ ਨੂੰ ਦੂਜੇ ਦਰਜ਼ੇ ਦੇ ਨਾਗਰਿਕ ਹੋਣ ਦੇ ਅਹਿਸਾਸ ਨਾਲ ਗੁਲਾਮਾਂ ਵਾਲਾ ਵਰਤਾਵ ਜਾਰੀ ਰਹੇਗਾ.? ਬਹੁ ਗਿਣਤੀ ਅਤੇ ਸਰਕਾਰਾਂ ਦੀ ਈਨ ਮੰਨਣ ਵਾਲਿਆਂ ਲਈ ਕਾਨੂੰਨ ਦੂਜਾ ਤੇ ਇਨਸਾਫ਼ ਪਸੰਦ ਲੋਕਾਂ ਲਈ ਦੂਜਾ.? ਕਿ ਇਸ ਨੂੰ ਲੋਕਤੰਤਰ ਕਿਹਾ ਜਾ ਸਕਦਾ ਹੈ.? ਇਸ ਮੌਕੇ ਅਖੰਡ ਕੀਰਤਨੀ ਜੱਥੇ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ, ਭਾਈ ਅਰੁਣਪਾਲ ਸਿੰਘ, ਸਾਬਕਾ ਪ੍ਰਧਾਨ ਭਾਈ ਅਰਵਿੰਦਰ ਸਿੰਘ ਰਾਜਾ, ਭਾਈ ਮਲਕੀਤ ਸਿੰਘ, ਭਾਈ ਮਨਜੀਤ ਸਿੰਘ ਮੌਤੀ ਨਗਰ, ਭਾਈ ਜਸਵਿੰਦਰ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਹੋਰ ਬਹੁਤ ਸਾਰੇ ਸਿੰਘ ਹਾਜਿਰ ਸਨ ।
Comments (0)