ਮਾਮਲਾ 1984 ਸਿੱਖ ਕਤਲੇਆਮ ਦਾ,ਕਾਨਪੁਰ 'ਵਿਚ ਪੰਜ ਹੋਰ ਗ੍ਰਿਫ਼ਤਾਰ

ਮਾਮਲਾ 1984 ਸਿੱਖ ਕਤਲੇਆਮ ਦਾ,ਕਾਨਪੁਰ 'ਵਿਚ ਪੰਜ ਹੋਰ ਗ੍ਰਿਫ਼ਤਾਰ

ਅੰਮ੍ਰਿਤਸਰ ਟਾਈਮਜ਼

ਕਾਨਪੁਰ (ਯੂ. ਪੀ.)-1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਪੰਜ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਉਸ ਭੀੜ ਦਾ ਹਿੱਸਾ ਸਨ, ਜਿਸ ਨੇ ਹਿੰਸਾ ਦੌਰਾਨ ਇਕ ਘਰ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਉਥੇ 127 ਲੋਕਾਂ ਦੀ ਮੌਤ ਹੋ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਰਵੀ ਸ਼ੰਕਰ ਮਿਸ਼ਰਾ (76), ਭੋਲਾ ਕਸ਼ਯਪ (70), ਜਸਵੰਤ ਜਾਟਵ (68), ਰਮੇਸ਼ ਚੰਦਰ ਦੀਕਸ਼ਿਤ (62) ਅਤੇ ਗੰਗਾ ਬਖਸ਼ ਸਿੰਘ (60) ਵਾਸੀ ਕਿਦਵਈ ਨਗਰ ਵਜੋਂ ਹੋਈ ਹੈ। ਐਸ.ਆਈ.ਟੀ. ਦੀ ਅਗਵਾਈ ਕਰ ਰਹੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਬਲੇਂਦੂ ਭੂਸ਼ਣ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ 1984 'ਚ ਗੁਰਦਿਆਲ ਸਿੰਘ ਦੇ ਘਰ ਨੂੰ ਅੱਗ ਲਾਉਣ ਲਈ ਦੋ ਬੱਸਾਂ ਵਿਚ ਭੀੜ ਨਾਲ ਨਿਰਾਲਾ ਨਗਰ ਗਏ ਸਨ। ਗੁਰਦਿਆਲ ਦੇ ਘਰ 'ਵਿਚ 12 ਪਰਿਵਾਰ ਕਿਰਾਏਦਾਰ ਵਜੋਂ ਰਹਿੰਦੇ ਸਨ ਅਤੇ ਹਮਲੇ ਦੌਰਾਨ ਤਿੰਨ ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਡੀ.ਆਈ.ਜੀ. ਨੇ ਦੱਸਿਆ ਕਿ ਦੋਸ਼ੀਆਂ ਨੂੰ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਦੀ ਅਦਾਲਤ 'ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਵਿਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 326 (ਖ਼ਤਰਨਾਕ ਹਥਿਆਰਾਂ ਜਾਂ ਸਾਧਨਾਂ ਨਾਲ ਸਵੈ-ਇੱਛਾ ਨਾਲ ਗੰਭੀਰ ਨੁਕਸਾਨ ਪਹੁੰਚਾਉਣਾ), 396 (ਕਤਲ ਨਾਲ ਡਕੈਤੀ) ਅਤੇ 436 (ਘਰ ਨੂੰ ਤਬਾਹ ਕਰਨ ਦੇ ਇਰਾਦੇ ਨਾਲ ਅੱਗ ਜਾਂ ਵਿਸਫੋਟਕ ਪਦਾਰਥ ਦੁਆਰਾ ਸ਼ਰਾਰਤ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀ.ਆਈ.ਜੀ. ਨੇ ਮੁਲਜ਼ਮਾਂ ਨੂੰ ਫੜਨ 'ਚ ਅਹਿਮ ਭੂਮਿਕਾ ਨਿਭਾਉਣ ਵਾਲੀ 17 ਮੈਂਬਰੀ ਪੁਲਿਸ ਟੀਮ ਦੀ ਸ਼ਲਾਘਾ ਕੀਤੀ ਤੇ ਇਸ ਲਈ 25,000 ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ। ਡੀ.ਆਈ.ਜੀ. ਨੇ ਕਿਹਾ ਕਿ ਸਾਰੇ ਫ਼ਰਾਰ ਲੋਕਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਐਸ.ਆਈ.ਟੀ. ਨੇ ਘਾਟਮਪੁਰ ਤੋਂ ਚਾਰ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 15 ਜੂਨ ਨੂੰ ਉਕਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਸੀ। ਕੁਝ ਦਿਨ ਪਹਿਲਾਂ ਹੀ ਐਸ.ਆਈ.ਟੀ. ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਡੀ.ਆਈ.ਜੀ. ਨੇ ਦੱਸਿਆ ਕਿ ਅਸੀਂ ਦਿੱਲੀ, ਪੰਜਾਬ ਅਤੇ ਰਾਜਸਥਾਨ 'ਚ ਵਸੇ ਗਵਾਹਾਂ ਤੋਂ ਤੱਥਾਂ ਦੀ ਪੜਚੋਲ ਕਰਕੇ 96 ਪ੍ਰਮੁੱਖ ਸ਼ੱਕੀਆਂ ਦੀ ਪਛਾਣ ਕਰਨ ਤੋਂ ਬਾਅਦ 11 ਮਾਮਲਿਆਂ ਦੀ ਜਾਂਚ ਕਰ ਰਹੇ ਹਾਂ, ਜਿਸ ਦੌਰਾਨ ਪਾਇਆ ਗਿਆ ਕਿ 22 ਲੋਕਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਿੱਖ ਅੰਗ ਰੱਖਿਅਕਾਂ ਵਲੋਂ ਕੀਤੀ ਗਈ ਹੱਤਿਆ ਤੋਂ ਬਾਅਦ ਹੋਈ ਹਿੰਸਾ ਦੇ ਸੰਬੰਧ 'ਵਿਚ ਹੁਣ ਤੱਕ ਐਸ.ਆਈ.ਟੀ. ਨੇ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਤਲੇਆਮ ਨਾਲ ਸੰਬੰਧਿਤ ਮਾਮਲਿਆਂ ਦੀ ਮੁੜ ਜਾਂਚ ਲਈ ਤਿੰਨ ਸਾਲ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਵਲੋਂ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਸੀ।