ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆਂ ’ਤੇ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੰਗੀ

ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆਂ ’ਤੇ  ਗੁਰੂ ਸਾਹਿਬਾਨ ਦਾ ਅਪਮਾਨ ਕਰਨ ਵਾਲਿਆਂ ਖਿਲਾਫ਼ ਕਾਰਵਾਈ ਮੰਗੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ, 28 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਦੋ ਇੰਸਟਾਗਰਾਮ ਖ਼ਾਤਿਆਂ ਖਿਲਾਫ ਐਫਆਈਆਰ ਦਰਜ ਕਰਨ ਲਈ ਕਿਹਾ ਗਿਆ ਹੈ। ਪੁਲਿਸ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ਼ਿਕਾਇਤ ਕੀਤੀ ਗਈ ਹੈ ਕਿ ਇੰਸਟਾਗਰਾਮ ਸਾਈਟ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਸਿੱਕਇਜ਼ਮ (Sickkism) ਅਤੇ ਗੇਬਿੰਦ (Gaybind) ਨਾਂ ਦੇ ਦੋ ਅਕਾਊਂਟ ਚਲਾਏ ਜਾ ਰਹੇ ਹਨ, ਜਿਨ੍ਹਾਂ ਉੱਪਰ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਨਾਲ-ਨਾਲ ਭੱਦੀ ਸ਼ਬਦਵਾਲੀ ਵੀ ਵਰਤੀ ਜਾ ਰਹੀ ਹੈ। ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਪਾਸ ਇਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਸ਼ਿਕਾਇਤਾਂ ਵੀ ਪੁੱਜੀਆਂ ਹਨ। ਸ਼ਰਾਰਤੀ ਅਤੇ ਸਿਰਫਿਰੇ ਲੋਕਾਂ ਵੱਲੋਂ ਜਾਣਬੁਝ ਕੇ ਕੀਤੀਆਂ ਜਾ ਰਹੀਆਂ ਅਜਿਹੀਆਂ ਹਰਕਤਾਂ ਨਾਲ ਸਮਾਜਿਕ ਅਤੇ ਫਿਰਕੂ ਤਣਾਅ ਵਧਣ ਅਤੇ ਅਮਨ ਸ਼ਾਂਤੀ ਭੰਗ ਹੋਣ ਦਾ ਖਤਰਾ ਬਣਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਸੱਕਤਰ ਵੱਲੋਂ ਮੰਗ ਕੀਤੀ ਗਈ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਸ਼ਰਾਰਤੀ ਲੋਕਾਂ ਖਿਲਾਫ਼ ਕੇਸ ਦਰਜ਼ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਕਰਨ ਦਾ ਹੀਆ ਨਾ ਕਰੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਖਾਤੇ ਤੁਰੰਤ ਬੰਦ ਕਰਵਾਏ ਜਾਣ ਅਤੇ ਇਨ੍ਹਾਂ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭੀ ਜਾਵੇ।