ਮੱਧ ਪ੍ਰਦੇਸ਼ ਵਿਚ ਸਿਰਫ ਸੂਬੇ ਦੇ ਨੌਜਵਾਨਾਂ ਨੂੰ ਹੀ ਮਿਲਣਗੀਆਂ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਚੌਹਾਨ

ਮੱਧ ਪ੍ਰਦੇਸ਼ ਵਿਚ ਸਿਰਫ ਸੂਬੇ ਦੇ ਨੌਜਵਾਨਾਂ ਨੂੰ ਹੀ ਮਿਲਣਗੀਆਂ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਚੌਹਾਨ
ਮੁੱਖ ਮੰਤਰੀ ਸ਼ਿਵਰਾਜ ਚੌਹਾਨ

ਅੰਮ੍ਰਿਤਸਰ ਟਾਈਮਜ਼ ਬਿਊਰੋ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਐਲਾਨ ਕੀਤਾ ਹੈ ਕਿ ਮੱਧ ਪ੍ਰਦੇਸ਼ ਵਿਚ ਸੂਬਾ ਸਰਕਾਰ ਦੀਆਂ ਨੌਕਰੀਆਂ ਸਿਰਫ ਸੂਬੇ ਦੇ ਨੌਜਵਾਨਾਂ ਨੂੰ ਹੀ ਦਿੱਤੀਆਂ ਜਾਣਗੀਆਂ ਅਤੇ ਇਸ ਲਈ ਸਰਕਾਰ ਲੋੜੀਂਦੇ ਕਾਨੂੰਨੀ ਪ੍ਰਬੰਧ ਕਰ ਰਹੀ ਹੈ। 

ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਵੀਡੀਓ ਸੁਨੇਹੇ ਰਾਹੀਂ ਕਿਹਾ, “ਅੱਜ ਮੱਧ ਪ੍ਰਦੇਸ਼ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ। ਸੂਬਾ ਸਰਕਾਰ ਦੀਆਂ ਨੌਕਰੀਆਂ ਹੁਣ ਸਿਰਫ ਸੂਬੇ ਦੇ ਬੱਚਿਆਂ ਨੂੰ ਦਿੱਤੀਆਂ ਜਾਣਗੀਆਂ। ਅਸੀਂ ਇਸ ਲਈ ਜ਼ਰੂਰੀ ਕਾਨੂੰਨੀ ਪ੍ਰਬੰਧ ਕਰ ਰਹੇ ਹਾਂ।” 

ਮੁੱਖ ਮੰਤਰੀ ਚੌਹਾਨ ਨੇ ਅੱਜ ਆਪਣੇ ਮੰਤਰੀਆਂ ਅਤੇ ਸੂਬੇ ਦੇ ਉੱਚ ਅਫਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕੀਤੀ। ਚੌਹਾਨ ਨੇ ਭਾਰਤ ਦੇ ਅਜ਼ਾਦੀ ਦਿਹਾੜੇ ਵਾਲੇ ਦਿਨ ਆਪਣੇ ਭਾਸ਼ਣ ਵਿਚ ਕਿਹਾ ਸੀ ਕਿ ਸੂਬੇ ਵਿਚ ਸਰਕਾਰੀ ਨੌਕਰੀਆਂ ਵਾਸਤੇ ਸੂਬੇ ਦੇ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇਗੀ। ਉਹਨਾਂ ਕਿਹਾ ਸੀ ਕਿ ਸਰਕਾਰ ਸੂਬੇ ਦੇ ਲੋਕਾਂ ਦਾ ਇਕ ਡਾਟਾਬੇਸ ਤਿਆਰ ਕਰ ਰਹੀ ਹੈ ਤਾਂ ਕਿ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਸਕੀਮਾਂ ਲਈ ਅਲੱਗ ਅਲੱਗ ਥਾਂ ਨਾਂ ਦਰਜ ਨਾ ਕਰਾਉਣੇ ਪੈਣ।

ਉਹਨਾਂ ਕਿਹਾ ਕਿ ਅਸੀਂ ਇਹੋ ਜਿਹਾ ਪ੍ਰਬੰਧ ਕਰਾਂਗੇ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ 10ਵੀਂ ਅਤੇ 12ਵੀਂ ਦੇ ਨੰਬਰਾਂ ਦੇ ਅਧਾਰ 'ਤੇ ਨੌਕਰੀਆਂ ਮਿਲਣਗੀਆਂ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੀ ਅਜਿਹੇ ਪ੍ਰਬੰਧ ਕਰਨ ਲਈ ਲਗਾਤਾਰ ਮੰਗ ਉੱਠਦੀ ਆ ਰਹੀ ਹੈ ਕਿ ਸੂਬੇ ਵਿਚ ਨੌਕਰੀਆਂ ਸੂਬੇ ਦੇ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣ। ਪੰਜਾਬ ਦਾ ਗੁਆਂਢੀ ਸੂਬਾ ਹਰਿਆਣਾ ਪ੍ਰਾਈਵੇਟ ਨੌਕਰੀਆਂ ਵਿਚ ਵੀ ਸੂਬੇ ਦੇ ਨੌਜਵਾਨਾਂ ਲਈ 75 ਫੀਸਦੀ ਰਾਖਵਾਂਕਰਨ ਦਾ ਪ੍ਰਬੰਧ ਕਰਨ ਜਾ ਰਿਹਾ ਹੈ ਜਿਸ ਦਾ ਸਰਕਾਰ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹਾ ਕੋਈ ਪ੍ਰਬੰਧ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ।