9 ਨਵੰਬਰ ਨੂੰ ਖੋਲ੍ਹਿਆ ਜਾਵੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ

9 ਨਵੰਬਰ ਨੂੰ ਖੋਲ੍ਹਿਆ ਜਾਵੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ
ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਪੁਰਾਣੀ ਤਸਵੀਰ

ਲਾਹੌਰ: ਪਾਕਿਸਤਾਨ ਨੇ ਐਲਾਨ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਸਿੱਖ ਸੰਗਤਾਂ ਲਈ 9 ਨਵੰਬਰ ਤੋਂ ਖੋਲ੍ਹ ਦਿੱਤਾ ਜਾਵੇਗਾ। ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਦੇ ਮੁੱਖ ਅਫਸਰ ਆਤਿਫ ਮਜੀਦ ਨੇ ਕਰਤਾਰਪੁਰ ਸਾਹਿਬ ਪਹੁੰਚੇ ਪਾਕਿਸਤਾਨੀ ਅਤੇ ਕੌਮਾਂਤਰੀ ਪੱਤਰਕਾਰਾਂ ਨੂੰ ਦੱਸਿਆ ਕਿ ਕਰਤਾਰਪੁਰ ਸਾਹਿਬ ਲਾਂਘੇ ਦਾ ਪਾਕਿਸਤਾਨ ਵਾਲੇ ਪਾਸੇ 86 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਅਤੇ ਇਸ ਨੂੰ ਪੂਰਾ ਮੁਕੰਮਲ ਕਰਕੇ 9 ਨਵੰਬਰ ਨੂੰ ਸਿੱਖ ਸੰਗਤਾਂ ਲਈ ਖੋਲ੍ਹ ਦਿੱਤਾ ਜਾਵੇਗਾ। 

ਦੱਸ ਦਈਏ ਕਿ ਪਾਕਿਸਤਾਨ ਨੇ ਚੜ੍ਹਦੇ ਪੰਜਾਬ ਅਤੇ ਭਾਰਤ ਦੇ ਵਸ਼ਿੰਦੇ ਸਿੱਖਾਂ ਨੂੰ ਵੀਜ਼ਾ ਮੁਕਤ ਲਾਂਘੇ ਦੀ ਸਹੂਲਤ ਦਿੱਤੀ ਹੈ। ਸਿੱਖ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਲਈ ਇੱਕ ਪਰਮਿਟ ਹੀ ਲੈਣਾ ਪਵੇਗਾ। ਇਸ ਲਾਂਘੇ ਰਾਹੀਂ ਰੋਜ਼ਾਨਾ 5000 ਸੰਗਤਾਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣਗੀਆਂ। 

ਮਾਜਿਦ ਨੇ ਦੱਸਿਆ ਕਿ ਸਿੱਖ ਸੰਗਤਾਂ ਦੀ ਸਹੂਲਤ ਲਈ ਲਾਂਘੇ 'ਤੇ 76 ਇਮੀਗ੍ਰੇਸ਼ਨ ਕਾਉਂਟਰ ਸਥਾਪਿਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਮੁੱਢਲੇ ਦੌਰ ਵਿੱਚ ਰੱਖੀ ਗਈ 5000 ਦੀ ਗਿਣਤੀ ਨੂੰ ਵਧਾ ਕੇ 10,000 ਕੀਤਾ ਜਾਵੇਗਾ। 

ਜ਼ਿਕਰਯੋਗ ਹੈ ਕਿ ਭਾਰਤ ਵੱਲੋਂ ਧਾਰਾ 370 ਹਟਾ ਕੇ ਕਸ਼ਮੀਰ 'ਤੇ ਸਿੱਧਾ ਕਬਜ਼ਾ ਕਰਨ ਮਗਰੋਂ ਪਾਕਿਸਤਾਨ ਅਤੇ ਭਾਰਤ ਦੇ ਸਬੰਧਾਂ ਵਿੱਚ ਬਹੁਤ ਤਲਖੀ ਆਈ ਪਰ ਪਾਕਿਸਤਾਨ ਨੇ ਭਾਰਤ ਨਾਲ ਆਪਣੇ ਕੂਟਨੀਤਕ ਸਬੰਧਾਂ ਨੂੰ ਘਟਾਉਣ ਦੇ ਬਾਵਜੂਦ ਇਹ ਐਲਾਨ ਕੀਤਾ ਸੀ ਕਿ ਕਰਤਾਰਪੁਰ ਲਾਂਘੇ ਦਾ ਕੰਮ ਨਹੀਂ ਰੋਕਿਆ ਜਾਵੇਗਾ।