ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਕਿਸ ਕੋਲ ਹੈ?

ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਕਿਸ ਕੋਲ ਹੈ?

ਅੰਮ੍ਰਿਤਸਰ ਟਾਈਮਜ਼ ਬਿਊਰੋ

ਪਿਛਲੇ ਇਕ ਦੋ ਦਿਨਾਂ ਤੋਂ ਭਾਰਤੀ ਮੀਡੀਆ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਬਾਰੇ ਇਹ ਮਸਲਾ ਵੱਡੇ ਪੱਧਰ 'ਤੇ ਚੁੱਕਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਲੈ ਕੇ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਨੂੰ ਦੇ ਦਿੱਤਾ ਗਿਆ ਹੈ। ਭਾਰਤ-ਪਾਕਿਸਤਾਨ ਦੀ ਨਫਰਤੀ ਸਿਆਸਤ ਵਿਚ ਆਮ-ਸ਼ੁਮਾਰ ਰਹਿਣ ਵਾਲੇ ਸਿੱਖ ਚਿਹਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਸ਼ਿਕਾਇਤ ਨੂੰ ਅਧਾਰ ਬਣਾ ਕੇ ਭਾਰਤ ਸਰਕਾਰ ਨੇ ਇਸ ਕਦਮ ਨੂੰ ਸਿੱਖਾਂ ਨਾਲ ਪਾਕਿਸਤਾਨ ਸਰਕਾਰ ਦੇ ਇਕ ਹੋਰ ਧੱਕਾ ਮੰਨਦਿਆਂ ਆਪਣਾ ਵਿਰੋਧ ਜਤਾਇਆ ਹੈ। ਆਓ ਜਾਣਦੇ ਹਾਂ ਕਿ ਇਸ ਮਸਲੇ ਬਾਰੇ ਵੱਖ-ਵੱਖ ਲੋਕਾਂ ਦਾ ਕੀ ਕਹਿਣਾ ਹੈ।

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਉਂ ਨਹੀਂ ਹੈ ਇਤਰਾਜ਼?
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵਲੋਂ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਨੂੰ ਦਿੱਤੇ ਜਾਣ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਨੂੰ ਕੋਈ ਇਤਰਾਜ਼ ਨਹੀਂ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇ ਫੈਸਲੇ ਦੇ ਗਲਤ ਅਰਥ ਕੱਢੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਗੁਰਦੁਆਰੇ ਦਾ ਅੰਦਰੂਨੀ ਪ੍ਰਬੰਧ ਗੁਰਦੁਆਰਾ ਕਮੇਟੀ ਕੋਲ ਹੀ ਰਹੇਗਾ ਅਤੇ ਉਨ੍ਹਾਂ ਵੱਲੋਂ ਸਮੁੱਚੀ ਮਰਿਆਦਾ ਦੀ ਦੇਖ-ਰੇਖ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਗੁਰਦੁਆਰਾ ਕੰਪਲੈਕਸ ਤੋਂ ਬਾਹਰਲੇ ਪ੍ਰਬੰਧਾਂ ਦੀ ਦੇਖ-ਰੇਖ ਕਰੇਗੀ, ਜਿਸ ਵਿਚ ਗੁਰਦੁਆਰੇ ਦੀ ਇਮਾਰਤ ਦੀ ਸਾਂਭ-ਸੰਭਾਲ, ਸੁਰੱਖਿਆ ਤੇ ਹੋਰ ਪ੍ਰਬੰਧ ਸ਼ਾਮਲ ਹਨ। ਸਤਵੰਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿਚ ਪਹਿਲਾਂ ਵੀ ਸਿੱਖਾਂ ਅਤੇ ਹਿੰਦੂਆਂ ਦੇ ਧਰਮ ਅਸਥਾਨਾਂ ਦੇ ਪ੍ਰਬੰਧਾਂ ਦੀ ਦੇਖ-ਰੇਖ ਈਟੀਪੀਬੀ ਵੱਲੋਂ ਹੀ ਕੀਤੀ ਜਾਂਦੀ ਹੈ।

ਗੁਰਦੁਆਰਿਆਂ ਦੀ ਸੰਪੱਤੀ ਸਾਂਭਦੇ ਈਟੀਪੀਬੀ ਦਾ ਕੀ ਹੈ ਇਤਿਹਾਸ?
1947 ਵਿਚ ਪੰਜਾਬ ਦੇ ਉਜਾੜੇ ਮੌਕੇ ਸਿੱਖਾਂ ਦਾ ਵੱਡਾ ਹਿੱਸਾ ਪਾਕਿਸਤਾਨ ਦੇ ਹਿੱਸੇ ਆਏ ਲਹਿੰਦੇ ਪੰਜਾਬ ਨੂੰ ਛੱਡ ਕੇ ਚੜ੍ਹਦੇ ਪੰਜਾਬ ਆ ਗਿਆ ਸੀ। ਪਿੱਛੇ ਬਚੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਅਤੇ ਇਮਾਰਤਾਂ ਦੇ ਪ੍ਰਬੰਧ ਲਈ ਪਾਕਿਸਤਾਨ ਸਰਕਾਰ ਵੱਲੋਂ 1960 ਵਿਚ ਈਟੀਪੀਬੀ ਦੀ ਸਥਾਪਨਾ ਕੀਤੀ ਗਈ ਸੀ। 

1999 ਵਿਚ ਪਾਕਿਸਤਾਨ ਦੇ ਸਿੱਖਾਂ ਵੱਲੋਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਵਿਚ ਮਰਿਆਦਾ ਬਹਾਲੀ ਅਤੇ ਗੋਲਕ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਹੁੰਦਾ ਸੀ। ਪਾਕਿਸਤਾਨ ਦੀ ਵੱਖਰੀ ਕਮੇਟੀ ਬਣਨ ਤੋਂ ਬਾਅਦ ਹੁਣ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਮਰਿਆਦਾ, ਗੋਲਕ, ਲੰਗਰ ਦਾ ਸਮੁੱਚਾ ਪ੍ਰਬੰਧ ਗੁਰਦੁਆਰਾ ਕਮੇਟੀ ਕੋਲ ਹੈ ਪਰ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਦਾ ਪ੍ਰਬੰਧ ਈਟੀਪੀਬੀ ਕੋਲ ਹੈ।

ਇਸੇ ਵਿਧਾਨ ਦੇ ਚਲਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਅੰਦਰੂਨੀ ਪ੍ਰਬੰਧ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਰਹੇਗਾ ਪਰ ਗੁਰਦੁਆਰਾ ਸਾਹਿਬ ਦੀ ਇਮਾਰਾਤ ਦੀ ਸਾਂਭ ਸੰਭਾਲ, ਵਿਕਸਤ ਹੋ ਰਹੀਆਂ ਇਮਾਰਤਾਂ ਅਤੇ ਹੋਰ ਜ਼ਮੀਨਾਂ ਦਾ ਪ੍ਰਬੰਧ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਕਰੇਗੀ। 

ਮਨਜਿੰਦਰ ਸਿੰਘ ਸਿਰਸਾ ਦਾ ਕੀ ਹੈ ਇਤਰਾਜ਼?
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ਸਰਕਾਰ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦਾ ਪ੍ਰਬੰਧ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀਐੱਮਯੂ) ਹਵਾਲੇ ਕਰਨ ਦਾ ਮਾਮਲਾ ਚੁੱਕਿਆ। ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸਿਰਸਾ ਨੇ ਕਿਹਾ ਕਿ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਅਧੀਨ ਪੀਐੱਮਯੂ ਬਣਾ ਕੇ ਪਾਕਿਸਤਾਨ ਸਰਕਾਰ ਨੇ ਗੁਰਦੁਆਰੇ ਦਾ ਪ੍ਰਬੰਧ ਅਜਿਹੀ ਕਮੇਟੀ ਹਵਾਲੇ ਕੀਤਾ ਹੈ ਜੋ ਗੈਰ ਸਿੱਖ ਹੈ ਅਤੇ ਉਸ ਨੂੰ ਸਿੱਖ ਰਹਿਤ ਮਰਿਆਦਾ ਦੀ ਕੋਈ ਜਾਣਕਾਰੀ ਨਹੀਂ ਹੈ।