ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਖ਼ਾਲਸਾ ਸਾਜਨਾ ਦਿਹਾੜੇ ਦੀ ਵਧਾਈ ਦਿੱਤੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ ੧੬੯੯ ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆ ਦੇ ਇਤਿਹਾਸ ਵਿਚ ਨਿਵੇਕਲਾ ਅਧਿਆਏ ਸਿਰਜਿਆ ਸੀ, ਜਿਸ ਨੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਕੇ ਸਵੈਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੀ ਸੰਗਤ ਨੂੰ ਇਸ ਇਤਿਹਾਸਿਕ ਤੇ ਮੁਬਾਰਕ ਦਿਹਾੜੇ ਮੌਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਸਿੱਖਿਆਵਾਂ ‘ਤੇ ਚੱਲਦਿਆਂ ਜਾਤ-ਪਾਤ, ਊਚ-ਨੀਚ, ਜਬਰ ਜ਼ੁਲਮ, ਭ੍ਰਿਸ਼ਟਾਚਾਰ, ਭਰੂਣ ਹੱਤਿਆ ਤੇ ਨਸ਼ਿਆਂ ਜਿਹੀਆਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਣ ਦੀ ਸੰਗਤ ਨੂੰ ਅਪੀਲ ਵੀ ਕੀਤੀ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)