ਦਿੱਲੀ  ਵਿਚ ਫਿਰ ਲਗੇਗਾ ਕਿਸਾਨ ਮੋਰਚਾ 

ਦਿੱਲੀ  ਵਿਚ ਫਿਰ ਲਗੇਗਾ ਕਿਸਾਨ ਮੋਰਚਾ 

18 ਉੱਤਰ ਭਾਰਤੀ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਾਂਝੇ ਰੂਪ ’ਚ 13 ਫਰਵਰੀ ਨੂੰ ਦਿੱਲੀ ਕੂਚ ਕਰਨਗੀਆਂ

ਅੰਮ੍ਰਿਤਸਰ ਟਾਈਮਜ਼ ਬਿਊਰੋ

ਜੰਡਿਆਲਾ ਗੁਰੂ : ਉਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ ) ਦੇ ਸਾਂਝੇ ਸੱਦੇ ਤੇ ਹੋਈ ਜੰਡਿਆਲਾ ਗੁਰੂ ਦਾਣਾ ਮੰਡੀ ਦੀ ਮਹਾਰੈਲੀ ਵਿਚ ਲੱਖਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਦੋਵਾਂ ਫੋਰਮਾਂ ਵੱਲੋਂ 13 ਫਰਵਰੀ ਨੂੰ ਸਾਂਝੇ ਦਿੱਲੀ ਕੂਚ ਦਾ ਐਲਾਨ ਕਰ ਕੇ ਇੱਕ ਵਾਰ ਫੇਰ ਤੋਂ ਦਿੱਲੀ ਮੋਰਚੇ ਦੇ ਬਿਗੁਲ ਫੂਕ ਦਿੱਤੇ ਗਏ ਹਨ।

ਇਸ ਮੌਕੇ ਆਗੂਆਂ ਨੇ ਲੋਕਾਂ ਦੇ ਉਮੜੇ ਜਨ ਸੈਲਾਬ ਨੂੰ ਸੰਬੋਧਨ ਹੁੰਦੇ ਕਿਹਾ ਕਿ ਕੇਂਦਰ ਵਿਚ ਆਈਆਂ ਸਭ ਸਰਕਾਰਾਂ ਨੇ ਦੇਸ਼ ਦੇ ਹਰ ਤਰ੍ਹਾਂ ਦੇ ਸਰੋਤਾਂ ਨੂੰ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਦੇਸ਼ ਵੇਚਣ ਵਾਲੀਆਂ ਨੀਤੀਆਂ ਤਹਿਤ ਕੰਮ ਕੀਤਾ ਹੈ ਅਤੇ 10 ਸਾਲ ਤੋਂ ਭਾਜਪਾ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੀ ਅੱਗੇ ਵਧ ਕੇ ਕੰਮ ਕਰ ਰਹੀ ਹੈ ਅਤੇ ਅੱਜ ਦੇਸ਼ ਦੇ ਖੇਤੀ ਸੈਕਟਰ ਅਤੇ ਜ਼ਮੀਨਾਂ ’ਤੇ ਕਾਰਪੋਰੇਟ ਦੇ ਕਬਜ਼ੇ ਕਰਵਾਉਣ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ ਜਿਸ ਨਾਲ ਕਿਸਾਨਾਂ ਮਜ਼ਦੂਰਾਂ ਦੀ ਤਬਾਹੀ ਨਿਸ਼ਚਿਤ ਹੈ।ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸਾਰੀਆਂ ਫਸਲਾਂ ਦੀ ਖਰੀਦ ਤੇ ਐਮਐਸਪੀ ਗਰੰਟੀ ਕਨੂੰਨ ਬਣਾ ਕੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲੀ ਬੀਮਾ ਯੋਜਨਾ ਸਰਕਾਰ ਦੁਆਰਾ ਲਾਗੂ ਕੀਤੀ ਜਾਵੇ, ਕਿਸਾਨ ਅਤੇ ਖੇਤ ਮਜਦੂਰ ਦੀ ਪੂਰਨ ਕਰਜ਼ ਮੁਕਤੀ ਕੀਤੀ ਜਾਵੇ, ਜ਼ਮੀਨ ਐਕਵਾਇਰ ਕਰਨ ਸਬੰਧੀ 2013 ਦੇ ਕਾਨੂੰਨ ਵਿੱਚ ਸਾਲ 2015 ਦੌਰਾਨ ਕੀਤੀਆਂ ਸੋਧਾਂ ਰੱਦ ਕਰ ਕੇ ਪਹਿਲੇ ਰੂਪ ਵਿੱਚ ਲਾਗੂ ਕੀਤਾ ਜਾਵੇ। ਉਨ੍ਹਾਂ ਪੰਜਾਬੀਆਂ ਨੂੰ ਮਾਲਵੇ ਦੀ ਧਰਤੀ ਤੇ 6 ਜਨਵਰੀ ਦੀ ਮਹਾਰੈਲੀ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੀਆਂ ਜਥਬੰਦੀਆਂ ਤੋਂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਬਲਦੇਵ ਸਿੰਘ ਜੀਰਾ,  ਸ਼ਾਮਿਲ ਰਹੇ ਅਤੇ ਸੁਖਵਿੰਦਰ ਸਿੰਘ ਸਭਰਾ ਵੱਲੋਂ ਸਟੇਜ ਸਕੱਤਰ ਦੀ ਡਿਊਟੀ ਨਿਭਾਈ ਗਈ।