ਕੋਟਕਪੂਰਾ ਗੋਲੀ ਕਾਂਡ ਵਿੱਚ ਬਾਦਲਾਂ ਖਿਲਾਫ ਕਾਰਵਾਈ 'ਤੇ ਲੱਗੀਆਂ ਬਰੇਕਾਂ!

ਕੋਟਕਪੂਰਾ ਗੋਲੀ ਕਾਂਡ ਵਿੱਚ ਬਾਦਲਾਂ ਖਿਲਾਫ ਕਾਰਵਾਈ 'ਤੇ ਲੱਗੀਆਂ ਬਰੇਕਾਂ!

ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਿਤ ਇੱਕ ਐਫਆਈਆਰ ਨੂੰ ਰੱਦ ਕਰਵਾਉਣ ਲਈ ਪੰਜਾਬ ਪੁਲਿਸ ਮੁਲਾਜ਼ਮਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਾਈ ਗਈ ਅਪੀਲ 'ਤੇ ਸੋਮਵਾਰ ਨੂੰ ਸੁਣਵਾਈ ਹੋਈ। "ਪੰਜਾਬੀ ਟ੍ਰਿਬਿਊਨ" ਅਖਬਾਰ ਦੀ ਖਬਰ ਮੁਤਾਬਿਕ ਇਸ ਮਾਮਲੇ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਹਾਲ ਦੀ ਘੜੀ ਪੰਜਾਬ ਸਰਕਾਰ ਕੋਟਕਪੂਰਾ ਗੋਲੀ ਕਾਂਡ ਵਿਚ ਕੋਈ ਨਵੀਂ ਕਾਰਵਾਈ ਨਹੀਂ ਕਰ ਰਹੀ।

ਪੰਜਾਬ ਸਰਕਾਰ ਦੇ ਸਟੈਂਡ ਨਾਲ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਅਮਰ ਸਿੰਘ ਚਹਿਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ 24 ਮਈ ਨੂੰ ਜਾਂਚ ਟੀਮ ਨੇ ਦਾਅਵਾ ਕੀਤਾ ਸੀ ਕਿ ਉਹ ਸੁਖਬੀਰ ਸਿੰਘ ਬਾਦਲ ਸਮੇਤ ਬਾਕੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਵਿਚ ਕਿਸੇ ਵੀ ਸਮੇਂ ਚਲਾਨ ਪੇਸ਼ ਕਰ ਸਕਦੀ ਹੈ।

ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਪੀੜਤ ਸਿੱਖ ਦੇ ਬਿਆਨਾਂ ਦੇ ਅਧਾਰ 'ਤੇ 7 ਅਗਸਤ, 2018 ਨੂੰ ਦਰਜ ਹੋਈ ਐੱਫਆਈਆਰ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅਪੀਲ ਪਾਈ ਗਈ ਹੈ।

ਜਸਟਿਸ ਤੇਜਿੰਦਰ ਢੀਂਡਸਾ ਦੀ ਅਦਾਲਤ ਵਿਚ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਪੰਧੇਰ ਅਤੇ ਪੁਲੀਸ ਮੁਲਾਜ਼ਮ ਰਛਪਾਲ ਸਿੰਘ ਨੇ ਮੁਕੱਦਮਾ ਨੰਬਰ 129 ਅ/ਧ 307, 326, 323, 324, 148, 149 ਅਤੇ ਅਸਲਾ ਐਕਟ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਕਰੇਗੀ।

ਪ੍ਰਾਪਤ ਸੂਚਨਾ ਅਨੁਸਾਰ ਪੰਜਾਬ ਸਰਕਾਰ ਨੇ ਅੱਜ ਅਦਾਲਤ ਵਿਚ ਦੱਸਿਆ ਕਿ ਇਸ ਮਾਮਲੇ ਦੀ ਪੈਰਵੀ ਲਈ 26 ਜੁਲਾਈ ਨੂੰ ਦੇਸ਼ ਦੇ ਸੀਨੀਅਰ ਐਡਵੋਕੇਟ ਅਦਾਲਤ ਵਿਚ ਪੇਸ਼ ਹੋਣਗੇ। ਅਦਾਲਤ ਨੇ 26 ਜੁਲਾਈ ਤੱਕ ਕੇਸ ਵਿਚ ਅਗਾਊਂ ਕਿਸੇ ਤਰ੍ਹਾਂ ਦੀ ਕਾਰਵਾਈ ਨਾ ਕਰਨ ਦੀ ਗੱਲ ਕਹੀ ਹੈ।  ਅੱਜ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਵੀ ਮੌਜੂਦ ਸਨ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ