ਚੋਣ ਜ਼ਾਬਤਾ ਮੁੱਕਦਿਆਂ ਹੀ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਸਿੱਟ ਵਿੱਚ ਵਾਪਸੀ

ਚੋਣ ਜ਼ਾਬਤਾ ਮੁੱਕਦਿਆਂ ਹੀ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਸਿੱਟ ਵਿੱਚ ਵਾਪਸੀ

ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਸਿੱਟ ਵਿੱਚ ਸਭ ਤੋਂ ਅਹਿਮ ਰੋਲ ਨਿਭਾ ਰਹੇ ਪੰਜਾਬ ਪੁਲਿਸ ਦੇ ਅਫਸਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਚੋਣ ਜ਼ਾਬਤਾ ਖਤਮ ਹੁੰਦਿਆਂ ਹੀ ਪੰਜਾਬ ਸਰਕਾਰ ਨੇ ਇੱਕ ਵਾਰ ਫੇਰ ਸਿੱਟ ਦਾ ਮੈਂਬਰ ਬਣਾ ਦਿੱਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਕਾਰਵਾਈ ਕਰਦਿਆਂ ਕੁੰਵਰ ਵਿਜੈ ਪ੍ਰਤਾਪ ਨੂੰ ਸਿੱਟ ਵਿੱਚੋਂ ਬਾਹਰ ਕਰਦਿਆਂ ਉਹਨਾਂ ਦਾ ਤਬਾਦਲਾ ਕਰ ਦਿੱਤਾ ਸੀ। 

ਪੰਜਾਬ ਸਰਕਾਰ ਨੇ ਬੀਤੇ ਕੱਲ੍ਹ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਹਾਲੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਕਾਲੀ-ਬੀਜੇਪੀ ਸਰਕਾਰ ਵੇਲੇ ਬਰਗਾੜੀ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿੱਚ ਹੋਏ ਗੋਲ਼ੀਕਾਂਡ ਬਾਰੇ ਜਾਂਚ ਕਰ ਰਹੀ ਸਿੱਟ ਵਿੱਚ ਵੀ ਉਨ੍ਹਾਂ ਦੀ ਬਹਾਲੀ ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚੋਣ ਮੁਹਿੰਮ ਦੌਰਾਨ ਕਈ ਵਾਰ ਸਪੱਸ਼ਟ ਤੌਰ 'ਤੇ ਐਲਾਨ ਕੀਤਾ ਸੀ ਕਿ ਆਈਜੀ ਕੁੰਵਰ ਪ੍ਰਤਾਪ ਵਾਪਸ ਪਿਛਲੀਆਂ ਸੇਵਾਵਾਂ 'ਤੇ ਬਹਾਲ ਹੋ ਜਾਣਗੇ ਤੇ ਐਸਆਈਟੀ ਜਾਂਚ ਨੂੰ ਨਤੀਜਿਆਂ ਤਕ ਪਹੁੰਚਾਉਣਗੇ। ਧਿਆਨ ਰਹੇ ਕੱਲ੍ਹ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਹੈ। ਪੰਜਾਬ ਸਰਕਾਰ ਨੇ ਆਪਣੇ ਕਹੇ ਮੁਤਾਬਕ ਅੱਜ ਇਹ ਐਲਾਨ ਕੀਤੇ ਹਨ।

ਪੰਜਾਬ ਸਰਕਾਰ ਦੇ ਹਵਾਲੇ ਨਾਲ ਗ੍ਰਹਿ ਸਕੱਤਰ ਐਨਐਸ ਕਲਸੀ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ