ਸਰਕਾਰ ਖੇਤੀ ਕਾਨੂੰਨਾਂ ਨੂੰ ਹੋਲਡ ਕਰਨ ਦੀ ਤਜਵੀਜ਼ 'ਤੇ ਖੜ੍ਹੀ ਹੈ: ਨਰਿੰਦਰ ਮੋਦੀ

ਸਰਕਾਰ ਖੇਤੀ ਕਾਨੂੰਨਾਂ ਨੂੰ ਹੋਲਡ ਕਰਨ ਦੀ ਤਜਵੀਜ਼ 'ਤੇ ਖੜ੍ਹੀ ਹੈ: ਨਰਿੰਦਰ ਮੋਦੀ

ਅੰਮ੍ਰਿਤਸਰ ਟਾਈਮਜ਼ ਬਿਊਰੋ
ਭਾਰਤੀ ਪਾਰਲੀਮੈਂਟ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਬ ਪਾਰਟੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਖੇਤੀ ਕਾਨੂੰਨ ਨੂੰ ਹੋਲਡ 'ਤੇ ਰੱਖਣ ਦੀ ਦਿੱਤੀ ਗਈ ਤਜਵੀਜ਼ 'ਤੇ ਸਰਕਾਰ ਅਜੇ ਵੀ ਖੜ੍ਹੀ ਹੈ ਅਤੇ ਖੇਤੀ ਮੰਤਰੀ ਨਰਿੰਦਰ ਤੋਮਰ ਕਿਸਾਨ ਜਥੇਬੰਦੀਆਂ ਤੋਂ ਮਹਿਜ਼ ਇਕ ਫੋਨ ਕਾਲ ਦੀ ਦੂਰੀ 'ਤੇ ਹਨ। 

ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਪੁਲਸ ਦੀ ਹਾਜ਼ਰੀ ਵਿਚ ਗੁੰਡਿਆਂ ਦੇ ਟੋਲੇ ਕਿਸਾਨਾਂ 'ਤੇ ਹਮਲੇ ਕਰ ਰਹੇ ਹਨ। ਸਰਕਾਰ ਵੱਲੋਂ ਨਾਲ ਹੀ ਸੰਘਰਸ਼ਸ਼ੀਲ ਕਿਸਾਨਾਂ ਖਿਲਾਫ ਦੇਸ਼ ਧ੍ਰੋਹ ਅਤੇ ਯੂਏਪੀਏ ਵਰਗੇ ਕਾਨੂੰਨਾਂ ਅਧੀਨ ਮਾਮਲੇ ਦਰਜ ਕੀਤੇ ਜਾ ਰਹੇ ਹਨ। ਸਰਕਾਰ ਗਾਜ਼ੀਪੁਰ ਬਾਰਡਰ ਦੇ ਧਰਨੇ ਨੂੰ ਪੁਲਸ ਦੀ ਤਾਕਤ ਨਾਲ ਚੁਕਵਾਉਣ ਦੀ ਨਾਕਾਮ ਕੋਸ਼ਿਸ਼ ਵੀ ਕਰ ਚੁੱਕੀ ਹੈ। ਜਿੱਥੇ ਸਰਕਾਰ ਇਕ ਪਾਸੇ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਹਮਲਾਵਰ ਹੋ ਰਹੀ ਹੈ ਉੱਥੇ ਅੱਜ ਨਰਿੰਦਰ ਮੋਦੀ ਦੇ ਇਸ ਬਿਆਨ ਨੇ ਕਈ ਚਰਚਾਵਾਂ ਨੂੰ ਜਨਮ ਦੇਣਾ ਹੈ। 

ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਖਬਰ ਲਾਈ ਹੈ ਕਿ ਮੋਦੀ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਸਲਿਆਂ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।  

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਸਦ ਦੇ ਬਜਟ ਸੈਸ਼ਨ ਦੇ ਏਜੰਡੇ ਬਾਰੇ ਵਿਚਾਰ ਵਟਾਂਦਰੇ ਲਈ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਸਾਹਮਣੇ ਸਰਕਾਰ ਦੀਆਂ ਯੋਜਨਾਵਾਂ ਨੂੰ ਰੱਖਣ ਲਈ ਮੀਟਿੰਗ ਕੀਤੀ। ਵਿਰੋਧੀ ਪਾਰਟੀਆਂ ਨੇ ਇਸ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਨੇ ਬਜਟ ਸੈਸ਼ਨ ਦੌਰਾਨ ਰਾਸ਼ਟਰਪਤੀ ਦੇ ਭਾਸ਼ਨ ਦਾ ਬਾਈਕਾਟ ਕੀਤਾ। ਕਾਂਗਰਸ ਵੱਲੋਂ ਗੁਲਾਮ ਨਬੀ ਆਜ਼ਾਦ ਅਤੇ ਅਧੀਰ ਰੰਜਨ ਚੌਧਰੀ, ਐੱਨਸੀਪੀ ਦੇ ਸ਼ਰਦ ਪਵਾਰ, ਸ਼ਿਵ ਸੈਨਾ ਦੇ ਵਿਨਾਇਕ ਰਾਉਤ ਅਤੇ ਡੀਐੱਮਕੇ ਟੀਆਰ ਬਾਲੂ ਮੀਟਿੰਗ ਵਿੱਚ ਸ਼ਾਮਲ ਹੋਏ।