ਨਗਰ ਕੀਰਤਨ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਦੇ ਨਿਜੀ ਅਨੁਭਵ ਨੇ ਪਾਕਿਸਤਾਨ ਤੇ ਭਾਰਤ ਦਾ ਵੱਖਰਾ ਰਵੱਈਆ ਨਸ਼ਰ ਕੀਤਾ

ਨਗਰ ਕੀਰਤਨ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਦੇ ਨਿਜੀ ਅਨੁਭਵ ਨੇ ਪਾਕਿਸਤਾਨ ਤੇ ਭਾਰਤ ਦਾ ਵੱਖਰਾ ਰਵੱਈਆ ਨਸ਼ਰ ਕੀਤਾ

ਅੰਮ੍ਰਿਤਸਰ: ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇੱਕ ਇਤਿਹਾਸਕ ਨਗਰ ਕੀਰਤਨ ਲਹਿੰਦੇ ਪੰਜਾਬ ਵਿੱਚ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਤੋਂ ਸਜਾਇਆ ਗਿਆ ਤੇ ਇਹ ਨਗਰ ਕੀਰਤਨ ਭਾਰਤ-ਪਾਕਿਸਤਾਨ ਦਰਮਿਆਨ ਬਣੀ ਕੌਮਾਂਤਰੀ ਹੱਦ ਨੂੰ ਅਟਾਰੀ ਤੋਂ ਪਾਰ ਕਰਦਿਆਂ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਪਹੁੰਚ ਕੇ ਸਮਾਪਤ ਹੋਇਆ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਅਕਾਲ ਤਖ਼ਤ ਸਾਹਿਬ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ, ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਂਇੰਦੇ ਅਤੇ ਪਾਕਿਸਤਾਨ ਸਰਕਾਰ ਦੇ ਉੱਚ ਅਫਸਰਾਂ ਸਮੇਤ ਕਈ ਸਿੱਖ ਸਖਸ਼ੀਅਤਾਂ ਸ਼ਾਮਿਲ ਹੋਈਆਂ। 

ਇਸ ਨਗਰ ਕੀਰਤਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਪਣੇ ਫੇਸਬੁੱਕ ਖਾਤੇ 'ਤੇ ਕੁੱਝ ਵਿਚਾਰ ਸਾਂਝੇ ਕੀਤੇ ਗਏ ਜੋ ਕਾਫੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਫੇਸਬੁੱਕ ਖਾਤੇ 'ਤੇ ਲਿਖਿਆ, "ਨਿੱਜੀ ਅਨੁਭਵ। ਅੱਜ ਵਾਹਗਾ ਬਾਰਡਰ ਤੇ ਜਿਉਂ ਹੀ ਨਗਰ ਕੀਰਤਨ ਦੀ ਅਗਵਾਈ ਕਰ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸ਼ਾਮ ਚਾਰ ਵਜੇ ਸਰਹੱਦ ਤੇ ਪਹੁੰਚੀ ਪਾਕਿਸਤਾਨ ਦਾ ਝੰਡਾ ਉਤਰਿਆ ਹੋਇਆ ਸੀ। ਇਉ ਮਹਿਸੂਸ ਹੋਇਆ ਜਿਵੇਂ ਸਾਰਾ ਪਾਕਿਸਤਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਜਦਾ ਕਰ ਰਿਹਾ। ਭਾਰਤ ਦਾ ਝੰਡਾ ਝੂਲ ਰਿਹਾ ਸੀ। ਦਾਸ ਹਰਪ੍ਰੀਤ ਸਿੰਘ ਸੇ: ਸ੍ਰੀ ਅਕਾਲ ਤਖਤ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ।"

ਇਸ ਇਤਿਹਾਸਕ ਨਗਰ ਕੀਰਤਨ ਵਿੱਚ ਸ਼ਾਮਿਲ ਰਹੇ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਨਿਜੀ ਅਨੁਭਵ ਮੁਤਾਬਿਕ ਜਿੱਥੇ ਪਾਕਿਸਤਾਨ ਸਰਕਾਰ ਵੱਲੋਂ ਅਤੇ ਪਾਕਿਸਤਾਨ ਦੇ ਵਸ਼ਿੰਦਿਆਂ ਵੱਲੋਂ ਆਪਣੇ ਦੇਸ਼ ਦਾ ਝੰਡਾ ਝੁਕਾ ਕੇ ਗਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ ਨਾਨਕ ਪਾਤਸ਼ਾਹ ਨੂੰ ਸਾਂਝਾ ਸਿਜਦਾ ਕੀਤਾ ਗਿਆ ਪਰ ਭਾਰਤ ਸਰਕਾਰ ਵੱਲੋਂ ਅਜਿਹੀ ਭਾਵਨਾ ਨਹੀਂ ਦਿਖੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ