ਸਾਲ 2019-20 ਦਾ ਨਾਨਕਸ਼ਾਹੀ ਕੈਲੰਡਰ ਜਾਰੀ
ਅੰਮ੍ਰਿਤਸਰ/ਏਟੀ ਨਿਊਜ਼ :
ਨਾਨਕਸ਼ਾਹੀ ਸੰਮਤ 551 ਦਾ ਕੈਲੰਡਰ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਸਾਂਝੇ ਤੌਰ 'ਤੇ ਜਾਰੀ ਕੀਤਾ ਗਿਆ। ਇਸ ਦੌਰਾਨ ਸਿੱਖ ਸੰਗਤ ਨੂੰ ਆਖਿਆ ਗਿਆ ਕਿ ਉਹ ਗੁਰਪੁਰਬ ਤੇ ਹੋਰ ਦਿਨ ਤਿਉਹਾਰ ਇਸ ਕੈਲੰਡਰ ਮੁਤਾਬਕ ਹੀ ਮਨਾਉਣ। ਸਾਲ 2019-20 ਦਾ ਕੈਲੰਡਰ ਜਾਰੀ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਾਜਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਤੋਂ ਪੰਜ ਪਿਆਰਿਆਂ ਵਿਚੋਂ ਭਾਈ ਦਿਲਬਾਗ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ। ਇਹ ਕੈਲੰਡਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਵਿਚ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਅਤੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਦੀਆਂ ਤਸਵੀਰਾਂ ਸ਼ਾਮਲ ਹਨ। ਕੈਲੰਡਰ ਦੇ ਹੋ ਰਹੇ ਵਿਰੋਧ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਨ੍ਹਾਂ ਨੂੰ ਕੈਲੰਡਰ 'ਤੇ ਇਤਰਾਜ਼ ਹੈ, ਉਹ ਆਪਣੇ ਇਤਰਾਜ਼ ਸ੍ਰੀ ਅਕਾਲ ਤਖ਼ਤ 'ਤੇ ਭੇਜਣ, ਜਿਸ ਬਾਰੇ ਵਿਚਾਰ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਾਕਿਸਤਾਨ ਵਿਚ ਮਨਾਉਣ ਲਈ ਜਲਦੀ ਹੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਇਕੋ ਮੰਚ ਹੇਠ ਮਨਾਉਣ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਦਾ ਯਤਨ ਕਰਨਗੇ।
Comments (0)