ਸਿੱਖਾਂ ਦਾ ਕੌਮੀ ਤਿਉਹਾਰ ਹੋਲਾ-ਮਹੱਲਾ

ਸਿੱਖਾਂ ਦਾ ਕੌਮੀ ਤਿਉਹਾਰ ਹੋਲਾ-ਮਹੱਲਾ

ਹੋਲਾ-ਮਹੱਲਾ ਸਿੱਖਾਂ ਦਾ ਕੌਮੀ ਤਿਉਹਾਰ ਹੈ

ਇਸ ਦੀ ਸ਼ੁਰੂਆਤ ਪਿੱਛੇ ਉੱਚੀਆਂ-ਸੁੱਚੀਆਂ ਤੇ ਸਾਰਥਕ ਕਦਰਾਂ-ਕੀਮਤਾਂ ਹਨ। ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਗਾਂਹਵਧੂ ਸੋਚ ਹੋਲਾ-ਮਹੱਲਾ ਦੀ ਪਰੰਪਰਾ ਪਿੱਛੇ ਸ਼ਕਤੀ ਅਤੇ ਪ੍ਰੇਰਨਾ ਵਜੋਂ ਕੰਮ ਕਰਦੀ ਹੈ। ਗੁਰੂ ਸਾਹਿਬਾਨ ਦਾ ਮੰਤਵ ਨਿਰਾਰਥਕ ਅਤੇ ਉਦੇਸ਼ਹੀਣ ਮਾਨਵ-ਸ਼ਕਤੀ ਨੂੰ ਚੜ੍ਹਦੀ ਕਲਾ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਸੀ ਅਤੇ ਇਸੇ ਦਿਸ਼ਾ ਵਿਚ ਹੀ ਉਨ੍ਹਾਂ ਨੇ ਖ਼ਾਲਸਈ ਦਿਹਾੜਿਆਂ ਨੂੰ ਆਰੰਭ ਕੀਤਾ। ਸਿੱਖ ਕੌਮ ਦਾ ਇਤਿਹਾਸ ਸ਼ਾਨਾਂਮੱਤਾ ਹੈ।

ਇਸ ਦਾ ਇਕ-ਇਕ ਪੰਨਾ ਵਿਲੱਖਣ, ਨਿਰਾਲਾ ਅਤੇ ਗੌਰਵਸ਼ਾਲੀ ਹੈ। ਇਤਿਹਾਸ ਅੰਦਰ ਜਿਨ੍ਹਾਂ ਖ਼ਾਲਸਈ ਰੰਗ ਵਿਚ ਪੇਸ਼ ਦਿਹਾੜਿਆਂ ਦਾ ਜ਼ਿਕਰ ਆਉਂਦਾ ਹੈ, ਉਨ੍ਹਾਂ ਵਿਚ ਹੋਲਾ-ਮਹੱਲਾ ਤੋਂ ਇਲਾਵਾ ਬੰਦੀ ਛੋੜ ਦਿਵਸ ਤੇ ਖ਼ਾਲਸਾ ਸਾਜਨਾ ਦਿਵਸ ਆਦਿ ਪ੍ਰਮੁੱਖ ਹਨ। ਇਨ੍ਹਾਂ ਖ਼ਾਲਸਈ ਦਿਹਾੜਿਆਂ ਨੇ ਇਕੱਲਾ ਸਿੱਖਾਂ ਨੂੰ ਹੀ ਨਵਾਂ ਜੋਸ਼ ਅਤੇ ਸ਼ਕਤੀ ਨਹੀਂ ਦਿੱਤੀ ਸਗੋਂ ਸਮੁੱਚੀ ਮਾਨਵਤਾ ਨੇ ਹੀ ਚੇਤ, ਅਚੇਤ ਰੂਪ ਵਿਚ ਇਨ੍ਹਾਂ ਦਾ ਪ੍ਰਭਾਵ ਕਬੂਲਿਆ। ਖ਼ਾਲਸਈ ਤਿਉਹਾਰ ਹੋਲਾ-ਮਹੱਲਾ ਬਸੰਤ ਰੁੱਤ ਦੇ ਭਾਰਤੀ ਤਿਉਹਾਰ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ (ਸੰਨ 1700) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ’ਤੇ ਹੋਲਾ-ਮਹੱਲਾ ਦਾ ਆਰੰਭ ਕੀਤਾ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰਸਿੱਖਾਂ ਦੇ ਅੰਦਰ ਫ਼ਤਹਿ ਅਤੇ ਚੜ੍ਹਦੀ ਕਲਾ ਦੇ ਸੁਨੇਹੇ ਨੂੰ ਹੋਰ ਦ੍ਰਿੜ੍ਹ ਕਰਨਾ ਚਾਹੁੰਦੇ ਸਨ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਤਾੜੇ ਜਾ ਰਹੇ ਲੋਕਾਂ ਨੂੰ ਸਵੈਮਾਣ ਤੇ ਆਪਣੀ ਹੋਂਦ ਦਾ ਅਹਿਸਾਸ ਕਰਵਾਉਣ ਲਈ ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਲਈ ਸੰਨ 1699 ਦੀ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਖ਼ਾਲਸਾ ਸਾਜਣਾ ਦੇ ਇਕ ਸਾਲ ਬਾਅਦ ਹੋਲੀ ਦੀ ਥਾਂ ਹੋਲਾ-ਮਹੱਲਾ ਦਾ ਜਲੌਅ ਸਜਾ ਕੇ ਕੌਮੀ ਸ਼ਕਤੀ ਨੂੰ ਸੰਗਠਤ ਕਰਨ ਲਈ ਚੜ੍ਹਦੀ ਕਲਾ ਵਾਲਾ ਮਾਰਗ ਦਿੱਤਾ। ਕੌਮ ਅੰਦਰ ਅਜ਼ਾਦੀ ਦਾ ਬੀਜ ਬੀਜਣ ਲਈ ਕਲਗੀਧਰ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਨਵਾਂ ਜੀਵਨ ਬਖਸ਼ਿਆ, ਉੱਥੇ ਭਾਰਤੀ ਸਮਾਜ ਲਈ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਰਸਮਾਂ ਨੂੰ ਮਨਾਉਣ ਦੇ ਢੰਗ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚਲਾਇਆ ‘ਹੋਲਾ ਮਹੱਲਾ’ ਸਿੱਖ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦੇ ਪ੍ਰਤੀਕ ਵਜੋਂ ਸਾਹਮਣੇ ਹੈ। ਹੋਲਾ-ਮਹੱਲਾ ਸਿੱਖਾਂ ਨੂੰ ਹਰ ਸਾਲ ਦ੍ਰਿੜ੍ਹ ਵਿਸ਼ਵਾਸੀ ਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ ਨਾਲ ਜੋੜਨ ਦੀ ਖ਼ਾਲਸਈ ਰਵਾਇਤ ਹੈ ਜਿਸ ਨੇ ਸਿੱਖਾਂ ਨੂੰ ਜ਼ੁਲਮ, ਜਬਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਤੇ ਉਤਸ਼ਾਹ ਪ੍ਰਦਾਨ ਕੀਤਾ ਹੈ। 

ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿਚ ਕ੍ਰਾਂਤੀਕਾਰੀ ਸੰਕਲਪ ਵਜੋਂ ਸੀ ਜਿਸ ਦਾ ਢੰਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪ ਨਿਸ਼ਚਤ ਕੀਤਾ। ਇਸ ਦੀ ਅਲੌਕਿਕ ਮਹਿਮਾ ਦਾ ਵਰਣਨ ਕਵੀ ਸੁਮੇਰ ਸਿੰਘ ਇਸ ਤਰ੍ਹਾਂ ਕਰਦੇ ਹਨ : ਔਰਨ ਕੀ ਹੋਲੀ ਮਮ ਹੋਲਾ। ਕਹਯੋ ਕਿ੍ਰਪਾਨਿਧ ਬਚਨ ਅਮੋਲਾ। ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ, ‘ਯੁੱਧ ਵਿੱਦਿਆ ਦੇ ਅਭਿਆਸ ਨੂੰ ਨਿੱਤ ਨਵਾਂ ਰੱਖਣ ਵਾਸਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਲਾਈ ਰੀਤੀ ਅਨੁਸਾਰ ਚੇਤ ਵਦੀ 1 ਨੂੰ ਸਿੱਖਾਂ ਵਿਚ ਹੋਲਾ-ਮਹੱਲਾ ਹੁੰਦਾ ਹੈ ਜਿਸ ਦਾ ਹੋਲੀ ਦੀ ਰਸਮ ਨਾਲ ਕੋਈ ਸਬੰਧ ਨਹੀਂ।’ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਨਿਪੁੰਨ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਹੋਲਾ-ਮਹੱਲਾ ਦੀ ਖ਼ਾਲਸਈ ਰਵਾਇਤ ਆਰੰਭ ਕੀਤੀ। ਇਤਿਹਾਸ ਗਵਾਹ ਹੈ ਕਿ ਗੁਰੂ ਪਾਤਸ਼ਾਹ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਹੋਲਾ-ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜੂ ਤਿਉਹਾਰ ਸਮੇਂ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ’ਚੋਂ ਨਿਕਲ ਕੇ ਇਸ ਉਤਸਵ ਵਿਚ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਲ ਹੋਣ ਲੱਗੇ। ਇਸੇ ਦਾ ਹੀ ਨਤੀਜਾ ਹੈ ਕਿ ਖ਼ਾਲਸਾ ਪੰਥ ਵੱਲੋਂ ਲੜੇ ਗਏ ਅਨੇਕਾਂ ਯੁੱਧਾਂ ਵਿਚ ਖ਼ਾਲਸੇ ਨੂੰ ਫ਼ਤਹਿ ਨਸੀਬ ਹੋਈ। ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਦਰਸਾਉਂਦੇ ਇਸ ਕੌਮੀ ਤਿਉਹਾਰ ਦਾ ਜਲੌਅ ਅੱਜ ਵੀ ਉਸੇ ਤਰ੍ਹਾਂ ਕਾਇਮ ਹੈ। ਹੋਲਾ-ਮਹੱਲਾ ਮੌਕੇ ਹਰ ਸਾਲ ਲੱਖਾਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਪਾਉਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜਦੀਆਂ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਤਾਂ ਕਈ-ਕਈ ਦਿਨ ਸੰਗਤ ਦੀ ਆਮਦ ਬਣੀ ਰਹਿੰਦੀ ਹੈ। ਹੋਲਾ-ਮਹੱਲਾ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਰੌਣਕ ਅਤੇ ਕੌਮੀ ਜਲੌਅ ਦੇਖਣਯੋਗ ਹੁੰਦਾ ਹੈ। ਨਿਹੰਗ ਸਿੰਘ ਦਲ ਮਹੱਲਾ ਸਜਾਉਣ ਮੌਕੇ ਰਵਾਇਤੀ ਸ਼ਸਤਰਾਂ ਨਾਲ ਭਰਪੂਰ ਹੋ ਕੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰਦੇ ਹਨ। ਇਸ ਮੌਕੇ ਧਾਰਮਿਕ ਦੀਵਾਨ ਸਜਦੇ ਹਨ, ਜਿਨ੍ਹਾਂ ਵਿਚ ਖ਼ਾਲਸਾ ਦਾ ਸ਼ਾਨਾਂਮੱਤਾ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ ਜਾਂਦਾ ਹੈ।

 

ਹਰਜਿੰਦਰ ਸਿੰਘ ਧਾਮੀ

-(ਪ੍ਰਧਾਨ, ਐੱਸਜੀਪੀਸੀ, ਸ੍ਰੀ ਅੰਮ੍ਰਿਤਸਰ)