ਮਹਿਲਾ ਕਿਸਾਨ ਯੂਨੀਅਨ 31 ਜਨਵਰੀ ਨੂੰ ਮਨਾਵੇਗੀ ਵਿਸ਼ਵਾਸ਼ਘਾਤ ਦਿਵਸ

ਮਹਿਲਾ ਕਿਸਾਨ ਯੂਨੀਅਨ 31 ਜਨਵਰੀ ਨੂੰ ਮਨਾਵੇਗੀ ਵਿਸ਼ਵਾਸ਼ਘਾਤ ਦਿਵਸ

ਐਸਕੇਐਮ ਦੇ ਸੱਦੇ ’ਤੇ ਸਾੜਿਆ ਜਾਵੇਗਾ ਨਰੇਂਦਰ ਮੋਦੀ ਦਾ ਪੁਤਲਾ

 ਅੰਮ੍ਰਿਤਸਰ ਟਾਈਮਜ਼

ਜਲੰਧਰ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਲੀ ਵਿਖੇ ਸਾਲ ਤੋਂ ਵੱਧ ਸਮਾਂ ਚੱਲੇ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੀ ਸਮਾਪਤੀ ਮੌਕੇ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਲਿਖਤੀ ਸਮਝੌਤੇ ਮੁਤਾਬਕ ਕਿਸਾਨੀ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਕਿਸਾਨ ਮੋਰਚੇ ਦੇ ਸੱਦੇ ਉਤੇ ਮਹਿਲਾ ਕਿਸਾਨ ਯੂਨੀਅਨ ਵੱਲੋਂ 31 ਜਨਵਰੀ ਨੂੰ ਇੱਥੇ ਵਿਸ਼ਵਾਸ਼ਘਾਤ ਦਿਵਸ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਨੇ ਦੱਸਿਆ ਕਿ ਇਸ ਮੌਕੇ ਯੂਨੀਅਨ ਦੀਆਂ ਬੀਬੀਆਂ ਵੱਲੋਂ ਰਾਮਾ ਮੰਡੀ ਚੌਕ ਵਿਚ ਰੋਸ ਵਜੋਂ ਮੋਦੀ ਦਾ ਪੁਤਲਾ ਸਾੜਿਆ ਜਾਵੇਗਾ।

ਇੱਥੇ ਇੱਕ ਬਿਆਨ ਵਿੱਚ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਸਮਾਪਤ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਸਮਝੌਤੇ ਉਪਰੰਤ ਛਲ-ਕਪਟ ਕੀਤਾ ਹੈ ਅਤੇ ਐੱਮਐੱਸਪੀ ਲਈ ਸਾਂਝੀ ਕਮੇਟੀ ਬਣਾਉਣ ਸਮੇਤ ਮੰਨੀਆਂ ਹੋਈਆਂ ਮੰਗਾਂ ਵਿਚੋਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਿਸ ਕਰਕੇ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਸਰਕਾਰ ਵਿਰੁੱਧ ਇਹ ਵਿਸ਼ਵਾਸ਼ਘਾਤ ਦਿਵਸ ਮਨਾਇਆ ਜਾ ਰਿਹਾ ਹੈ। ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਕਿਸਾਨੀ ਮੰਗਾਂ ਪ੍ਰਤੀ ਇਹੀ ਰਵੱਈਆ ਰਿਹਾ ਤਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨ ਅੰਦੋਲਨ ਦੇ ਦੂਜੇ ਪੜਾਅ ਲਈ ਤਿਆਰੀਆਂ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਮਹਿਲਾ ਕਿਸਾਨ ਯੂਨੀਅਨ ਵੱਲੋਂ 23-24 ਫਰਵਰੀ ਨੂੰ ਦੇਸ਼ ਦੀਆਂ ਮਜ਼ਦੂਰ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਦੋ ਰੋਜਾ ਹੜਤਾਲ ਦੀ ਪੂਰੀ ਹਮਾਇਤ ਕੀਤੀ ਜਾਵੇਗੀ। ਮਹਿਲਾ ਕਿਸਾਨ ਯੂਨੀਅਨ ਦੀ ਜਨਰਲ ਸਕੱਤਰ ਬੀਬੀ ਦਵਿੰਦਰ ਕੌਰ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਕਿਸਾਨ ਵਿਰੋਧੀ ਹੈ ਜਿਸ ਕਰਕੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਸਾਲ ਭਰ ਅੰਦੋਲਨ ਚਲਾਉਣਾ ਪਿਆ। ਕਿਸਾਨ ਵਿਰੋਧੀ ਹੋਣ ਕਰਕੇ ਹੀ ਮੋਦੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।