ਸ਼੍ਰੋਮਣੀ ਕਮੇਟੀ ਵੱਲੋਂ ਅਹਿਮਦਾਬਾਦ ’ਚ ਗੁਰਦੁਆਰਾ ਕਮੇਟੀਆਂ ਨੂੰ 100 ਸਰੂਪ ਸੌਂਪੇ

ਸ਼੍ਰੋਮਣੀ ਕਮੇਟੀ ਵੱਲੋਂ ਅਹਿਮਦਾਬਾਦ ’ਚ ਗੁਰਦੁਆਰਾ ਕਮੇਟੀਆਂ ਨੂੰ 100 ਸਰੂਪ ਸੌਂਪੇ

ਅੰਮ੍ਰਿਤਸਰ ਟਾਈਮਜ਼ ਬਿਉਰੋ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਜਰਾਤ ਤੇ ਰਾਜਸਥਾਨ ਵਿੱਚ ਸੰਗਤ ਦੀ ਮੰਗ ਅਨੁਸਾਰ ਭੇਜੇ 250 ਪਾਵਨ ਸਰੂਪਾਂ ਵਿੱਚੋਂ  100 ਸਰੂਪ ਅਹਿਮਦਾਬਾਦ ਵਿੱਚ ਵੱਖ ਵੱਖ ਗੁਰਦੁਆਰਾ ਕਮੇਟੀਆਂ ਨੂੰ ਸਤਿਕਾਰ ਸਹਿਤ ਸੌਂਪੇ। ਇਸ ਸਬੰਧੀ ਗੁਜਰਾਤ ਸਿੱਖ ਫਾਊਂਡੇਸ਼ਨ ਨੇ ਸਿੱਖ ਸੰਗਤ ਦੇ ਸਹਿਯੋਗ ਨਾਲ ਅਹਿਮਦਾਬਾਦ (ਗੁਜਰਾਤ) ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਓਡਵ, ਗੁਰਦੁਆਰਾ ਗੁਰੂ ਨਾਨਕ ਦਰਬਾਰ ਮਨੀਨਗਰ ਤੇ ਗੁਰਦੁਆਰਾ ਗੋਬਿੰਦ ਧਾਮ, ਥਲਤੇਜ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਮਾਗਮ ਕਰਵਾਏ ਗਏ ਸਨ।ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਜਰਾਤ ਦੀ ਸੰਗਤ ਦੀ ਮੰਗ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਇੱਕ ਵਿਸ਼ੇਸ਼ ਬੱਸ ਰਾਹੀਂ ਇੱਥੇ ਭੇਜੇ ਗਏ ਸਨ, ਜਿਨ੍ਹਾਂ ਨੂੰ ਗੁਰਦੁਆਰਾ ਕਮੇਟੀਆਂ ਨੂੰ ਸੌਂਪਣ ਲਈ ਇਹ ਵਿਸ਼ੇਸ਼ ਸਮਾਗਮ ਰੱਖਿਆ ਗਿਆ ਸੀ। ਉਨ੍ਹਾਂ ਸੰਗਤ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਅਤੇ ਵਿਰਸੇ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਆ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਗੁਜਰਾਤ ਦੇ ਜ਼ਿਲ੍ਹਾ ਕੱਛ ’ਚ ਸਥਿਤ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਲੱਖਪਤ ਰਾਏ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ 21 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਗੁਜਰਾਤ ਸਿੱਖ ਫਾਊਂਡੇਸ਼ਨ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਛਾਬੜਾ ਨੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਜਰਾਤ ਦੇ ਵੱਖ ਵੱਖ ਸਿੱਖ ਸੰਗਠਨਾਂ ਅਤੇ ਗੁਰਦੁਆਰਾ ਕਮੇਟੀਆਂ ਵੱਲੋਂ ਬੀਬੀ ਜਗੀਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ,ਗੁਜਰਾਤ ਸਿੱਖ ਫਾਊਂਡੇਸ਼ਨ ਦੀ ਬੀਬੀ ਮਨਦੀਪ ਕੌਰ, ਬੀਬੀ ਕਿਰਨਦੀਪ ਕੌਰ, ਸਿੱਖ ਮਿਸ਼ਨ ਗੁਜਰਾਤ ਦੇ ਇੰਚਾਰਜ ਭਾਈ ਪਰਮਜੀਤ ਸਿੰਘ, ਪ੍ਰਚਾਰਕ ਭਾਈ ਸ਼ਿਵਤਾਰ ਸਿੰਘ, ਸੁਖਦੇਵ ਸਿੰਘ ਤੁੜ ਪ੍ਰਧਾਨ, ਰਜਿੰਦਰ ਸਿੰਘ ਜੰਡਵਾਲ, ਲਖਵਿੰਦਰ ਸਿੰਘ  ਹਾਜ਼ਰ ਸਨ।