ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਇਸ ਦੀ ਪੂਰੀ ਜਾਂਚ ਕੀਤੇ ਜਾਣ ਦੀ ਲੋੜ: ਅਮਰੀਕਾ

ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਇਸ ਦੀ ਪੂਰੀ ਜਾਂਚ ਕੀਤੇ ਜਾਣ ਦੀ ਲੋੜ: ਅਮਰੀਕਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 5 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਨੇ ਕਿਹਾ ਹੈ ਕਿ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਕੈਨੇਡਾ ਦੇ ਦੋਸ਼ ਗੰਭੀਰ ਹਨ ਅਤੇ ਇਸ ਦੀ ਪੂਰੀ ਜਾਂਚ ਕੀਤੇ ਜਾਣ ਦੀ ਲੋੜ ਹੈ।

ਵ੍ਹਾਈਟ ਹਾਊਸ 'ਚ ਨੈਸ਼ਨਲ ਸਕਿਓਰਿਟੀ ਕੌਂਸਲ ਦੇ ਰਣਨੀਤਕ ਸੰਚਾਰ ਦੇ ਕੋਆਰਡੀਨੇਟਰ ਜੌਹਨ ਕਿਰਬੀ ਨੇ ਵਾਸ਼ਿੰਗਟਨ 'ਚ ਇਕ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਨੇਡਾ ਦੇ ਦਾਅਵਿਆਂ 'ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਦੀ ਪਿਛਲੇ ਹਫਤੇ ਮੁਲਾਕਾਤ ਦੌਰਾਨ ਚਰਚਾ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਅਸੀਂ ਸਪੱਸ਼ਟ ਕੀਤਾ ਹੈ, ਇਹ ਦੋਸ਼ ਗੰਭੀਰ ਹਨ, ਇਹਨਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਜ਼ਰੂਰਤ ਹੈ ਅਤੇ ਬੇਸ਼ੱਕ, ਜਿਵੇਂ ਕਿ ਅਸੀਂ ਪਹਿਲਾਂ ਕਿਹਾ ਹੈ, ਅਸੀਂ ਭਾਰਤ ਨੂੰ ਇਸ ਜਾਂਚ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ ।

ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਇੱਕ ਵੱਖਰੀ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਕੈਨੇਡਾ ਦੀ ਜਾਂਚ ਅੱਗੇ ਵਧੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਜਿਵੇਂ ਕਿ ਅਸੀਂ ਪਹਿਲਾਂ ਜਨਤਕ ਅਤੇ ਨਿੱਜੀ ਤੌਰ 'ਤੇ ਕਿਹਾ ਹੈ, ਭਾਰਤ ਸਰਕਾਰ ਨੂੰ ਕੈਨੇਡੀਅਨ ਜਾਂਚ ਵਿੱਚ ਸਹਿਯੋਗ ਕਰਨ ਅਤੇ ਉਨ੍ਹਾਂ ਯਤਨਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ।

ਜਿਕਰਯੋਗ ਹੈ ਕਿ ਭਾਈ ਹਰਦੀਪ ਸਿੰਘ ਨਿੱਝਰ ਦੀ ਇਸ ਸਾਲ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ 'ਚ ਜਿਸ ਸਮੇਂ ਓਹ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਕੇ ਆਪਣੀ ਗੱਡੀ ਵਿਚ ਬੈਠੇ ਸਨ, ਹੱਤਿਆ ਕਰ ਦਿੱਤੀ ਗਈ ਸੀ। 18 ਸਤੰਬਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਵਿੱਚ ਸਿੱਖ ਆਗੂ ਦੇ ਬੇਰਹਿਮੀ ਨਾਲ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੇ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।