ਅਫਗਾਨਿਸਤਾਨ 'ਚ ਫਸੇ ਸਿੱਖ ਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਵੀਜ਼ਾ ਦੇਣ ਦੀ ਮੁੜ ਅਪੀਲ

ਅਫਗਾਨਿਸਤਾਨ 'ਚ ਫਸੇ ਸਿੱਖ ਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਵੀਜ਼ਾ ਦੇਣ ਦੀ ਮੁੜ ਅਪੀਲ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੁੰ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ਵਿਚ ਫਸੇ ਹੋਏ ਸਿੱਖ ਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਵੀਜ਼ਾ ਪ੍ਰਦਾਨ ਕੀਤਾ ਜਾਵੇ ਤਾਂ ਜੋ ਉਹਨਾਂ ਨੂੰ ਗੜਬੜਗ੍ਰਸਤ ਮੁਲਕ ਵਿਚੋਂ ਸੁਰੱਖਿਅਤਾ ਬਾਹਰ ਕੱਢਿਆ ਜਾ ਸਕੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਦੱਸਿਆ ਕਿ ਅਫਗਾਨਿਸਤਾਨ ਵਿਚ  ਤਾਜ਼ਾ ਹਿੰਸਾ ਵਿਚ ਨੰਗਰਹਰ ਮੁਸਜਿਦ ਵਿਚ ਅੱਜ ਇਕ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 20 ਹੋਰ ਫੱਟੜ ਹੋ ਗਏ ਹਨ। ਉਹਨਾਂ ਦੱਸਿਆ ਕਿ ਉਹਨਾਂ ਨੂੰ ਰੋਜ਼ਾਨਾ ਵੱਡੀ ਗਿਣਤੀ ਵਿਚ ਅਫਗਾਨਿਸਤਾਨ ਤੋਂ ਹਿੰਦੂ ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਦੇ ਫੋਨ ਆ ਰਹੇ ਹਨ ਜੋ ਚਾਹੁੰਦੇ ਹਨ ਕਿ ਉਹਨਾਂ ਨੁੰ ਉਥੋਂ ਸੁਰੱਖਿਆ ਕੱਢਿਆ ਜਾਵੇ।ਸਰਦਾਰ ਸਿਰਸਾ ਨੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਪਹਿਲਾਂ ਵੀ ਵੱਡੀ ਗਿਣਤੀ ਵਿਚ ਹਿੰਦੂ ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਉਥੋਂ ਕੱਢ ਚੁੱਕੀ ਹੈ ਪਰ ਜੋ ਬਾਕੀ ਰਹਿੰਦੇ ਲੋਕ ਹਨ ਜੋ ਉਥੋਂ ਭਾਰਤ ਆਉਣਾ ਚਾਹੁੰਦੇ ਹਨ, ਉਹਨਾਂ ਨੂੰ ਵੀਜ਼ਾ ਪ੍ਰਦਾਨ ਕਰਨਾ ਚਾਹੀਦਾ ਹੈ ਤੇ ਇਹ ਪ੍ਰਕਿਰਿਆ ਤੇਜ਼ੀ ਨਾਲ ਚਲਾਉਣੀ ਚਾਹੀਦੀ ਹੈ ਤਾਂ ਜੋ ਵੱਧ ਤੋਂ ਵੱਧ ਜਾਨਾਂ ਬਚਾਈਆਂ ਜਾ ਸਕਣ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉਥੇ ਰੋਜ਼ਾਨਾ ਵਾਪਰ ਰਹੀ ਹਿੰਸਾ ਵਿਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀਆਂ ਮੌਤਾਂ ਹੋ ਰਹੀਆਂ ਹਨ।