ਸ਼੍ਰੋਮਣੀ ਕਮੇਟੀ ਵੱਲੋਂ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ 65 ਲੱਖ ਦੇ ਵੰਡੇ ਵਜ਼ੀਫੇ

ਸ਼੍ਰੋਮਣੀ ਕਮੇਟੀ ਵੱਲੋਂ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ 65 ਲੱਖ  ਦੇ ਵੰਡੇ  ਵਜ਼ੀਫੇ

ਅੰਮ੍ਰਿਤਸਰ ਟਾਈਮਜ਼ ਬਿਊਰੋ 

 ਅੰਮਿ੍ਤਸਰ : ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ 'ਚ ਪੜ੍ਹਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਜ਼ੀਫੇ ਵਜੋਂ 65 ਲੱਖ ਰੁਪਏ ਤੋਂ ਵੱਧ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਹ ਵਜ਼ੀਫਾ ਰਾਸ਼ੀ ਸਾਲ 2019-2020 ਅਤੇ 2020-2021 ਨਾਲ ਸਬੰਧਤ ਵਿਦਿਆਰਥੀਆਂ ਨੂੰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਲਾਂ ਲਈ ਇੱਕ ਵਿਸ਼ੇਸ਼ ਸਮਾਗਮ ਵਿਚ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਇੱਕ ਕਰੋੜ ਤੀਹ ਲੱਖ ਰੁਪਏ ਦੇ ਵਜ਼ੀਫੇ ਦਿੱਤੇ ਜਾ ਚੁੱਕੇ ਹਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਵਿਚ ਪੜ੍ਹਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫਾ ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਵਜ਼ੀਫਾ ਰਾਸ਼ੀ ਵਿਚ ਵੱਖ-ਵੱਖ ਵਰਗਾਂ ਤਹਿਤ ਅੱਠਵੀਂ ਤੋਂ ਦਸਵੀਂ ਤੱਕ 3500 ਰੁਪਏ, ਦਸਵੀਂ ਤੋਂ ਬਾਰ੍ਹਵੀਂ ਤੱਕ 5000 ਰੁਪਏ, ਗ੍ਰੈਜੂਏਟ ਪੱਧਰ ਲਈ 8000 ਰੁਪਏ ਅਤੇ ਐਮ.ਏ. ਵਿਦਿਆਰਥੀਆਂ ਲਈ 10000 ਰੁਪਏ ਦਿੱਤੇ ਜਾਂਦੇ ਹਨ। ਵਜ਼ੀਫਾ ਰਾਸ਼ੀ ਪ੍ਰਾਪਤ ਕਰਨ ਵਾਲਿਆਂ ਵਿਚ 32 ਸਕੂਲਾਂ ਦੇ 546 ਅਤੇ 29 ਕਾਲਜਾਂ ਦੇ 584 ਵਿਦਿਆਰਥੀ ਸ਼ਾਮਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਿਦਿਆ ਦੇ ਪ੍ਰਚਾਰ/ਪ੍ਰਸਾਰ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਲਈ ਵੀ ਵੱਡੇ ਯਤਨ ਕਰ ਰਹੀ ਹੈ। ਗੁਰੂ ਸਾਹਿਬਾਨ ਦੀ ਸਿੱਖਿਆ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਬਨਣਾ ਹਰ ਸਿੱਖ ਦਾ ਮੁੱਢਲਾ ਕਰਮ ਹੈ ਅਤੇ ਵਿਦਿਆ ਪ੍ਰਰਾਪਤ ਕਰਨ ਵਾਲੇ ਬੱਚਿਆਂ ਅਤੇ ਨੌਜਵਾਨਾਂ ਨੂੰ ਧਰਮ ਵਿਚ ਪ੍ਰਪੱਕ ਕਰਨ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਅੰਮਿ੍ਤਧਾਰੀ ਬੱਚਿਆਂ ਨੂੰ ਵਜ਼ੀਫੇ ਦੇਣ ਦਾ ਮੰਤਵ ਹੋਰਨਾਂ ਨੂੰ ਗੁਰੂ ਨਾਲ ਜੁੜਨ ਲਈ ਪ੍ਰਰੇਰਤ ਕਰਨਾ ਹੈ।