ਗੁਰੂਘਰਾਂ ’ਚ ਖੁੱਲ੍ਹਣਗੇ ਸਸਤੀਆਂ ਦਵਾਈਆਂ ਦੇ  ਕੇਂਦਰ

ਗੁਰੂਘਰਾਂ ’ਚ ਖੁੱਲ੍ਹਣਗੇ ਸਸਤੀਆਂ ਦਵਾਈਆਂ ਦੇ  ਕੇਂਦਰ

ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਹੋਇਆ ਐਲਾਨ 

ਅੰਮ੍ਰਿਤਸਰ ਟਾਈਮਜ਼ ਬਿਉਰੋ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਨੌਵੇਂ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਸਥਾ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸਸਤੀਆਂ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲਾਂ ਸਿਰਫ ਹਰਿਮੰਦਰ ਸਾਹਿਬ ਵਿਖੇ ਸਸਤੀਆਂ ਦਵਾਈਆਂ ਦਾ ਸਟੋਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ ਪਰ ਹੁਣ ਇਸ ਦਾ ਵਿਸਥਾਰ ਕਰਦਿਆਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਇਹ ਸਟੋਰ ਅਤੇ ਲੈਬ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਅੰਤ੍ਰਿੰਗ ਕਮੇਟੀ ਨੇ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭ ਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਸਮਾਗਮ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਗੁਰਦੁਆਰਿਆਂ ਦੇ ਉਨ੍ਹਾਂ ਗ੍ਰੰਥੀਆਂ ਨੂੰ ਦੋ ਹਜ਼ਾਰ ਰੁਪਏ ਮਾਸਿਕ ਸਹਾਇਤਾ ਦਿੱਤੀ ਜਾਵੇਗੀ, ਜੋ ਅਕਾਲ ਤਖ਼ਤ ਦੀ ਰਹਿਤ ਮਰਯਾਦਾ ਨੂੰ ਸਮਰਪਿਤ ਹਨ ਅਤੇ ਘੱਟੋ-ਘੱਟ 10 ਲੋਕਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਸੰਥਿਆ ਨਿਰੰਤਰ ਦੇਣਗੇ। ਇਸ ਤੋ ਇਲਾਵਾ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਕਾਲਜ ਵਿਚ ਹੁਣ 200 ਦੀ ਥਾਂ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਬੱਚੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ। ਸ਼੍ਰੋਮਣੀ ਕਮੇਟੀ ਦੇ ਇੰਜਨੀਅਰਿੰਗ ਕਾਲਜਾਂ ਵਿਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਤੱਕ ਦੀ ਛੋਟ ਦਿੱਤੀ ਜਾਵੇਗੀ। 

ਕਿਤਾਬਾਂ ’ਚ ਪ੍ਰਮਾਣਿਕ ਇਤਿਹਾਸ ਸ਼ਾਮਲ ਕਰਨ ਲਈ ਖਰੜਾ ਭੇਜਿਆ

ਐੱਨਸੀਈਆਰਟੀ ਵੱਲੋਂ ਵੱਖ-ਵੱਖ ਜਮਾਤਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਕਿਤਾਬਾਂ ਵਿਚ ਪ੍ਰਮਾਣਿਕ ਸਿੱਖ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ  ਸ਼੍ਰੋਮਣੀ ਕਮੇਟੀ ਨੇ ਰਾਜ ਸਭਾ ਦੀ ਕਮੇਟੀ ਨੂੰ ਖਰੜਾ ਭੇਜਿਆ ਹੈ। ਇਨ੍ਹਾਂ ਕਿਤਾਬਾਂ ਵਿਚ ਕਈ ਵਾਰ ਸਿੱਖ ਇਤਿਹਾਸ ਦੇ ਗਲਤ ਵੇਰਵੇ ਛਪ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਤੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਨਲਾਈਨ ਮੀਟਿੰਗ ਸਮੇਂ ਸਿਲੇਬਸ ਦੀਆਂ ਕਿਤਾਬਾਂ ਵਿਚ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਦਾ ਮਾਮਲਾ ਉਠਾਇਆ ਗਿਆ ਸੀ ਅਤੇ ਇਸ ਸਬੰਧੀ ਪ੍ਰਮਾਣਤ ਸਿੱਖ ਇਤਿਹਾਸ ਨੂੰ ਸ਼ਾਮਲ ਕਰਵਾਉਣ ਲਈ ਕਮੇਟੀ ਗਠਿਤ ਕਰਨ ਲਈ ਕਿਹਾ ਸੀ। ਉਨ੍ਹਾਂ ਦੱਸਿਆ ਕਿ ਹੁਣ ਇਸ ਸਬੰਧੀ ਰਾਜ ਸਭਾ ਕਮੇਟੀ ਵੱਲੋਂ ਸੁਝਾਅ ਮੰਗੇ ਗਏ ਹਨ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖ ਵਿਦਵਾਨਾਂ ਅਤੇ ਸੰਸਥਾਵਾਂ ਨਾਲ ਮੀਟਿੰਗਾਂ ਕਰ ਕੇ ਤਿਆਰ ਕੀਤਾ ਖਰੜਾ ਇਸ ਕਮੇਟੀ ਨੂੰ ਭੇਜਿਆ ਹੈ।