ਓਲੰਪਿਕਸ ਤੋਂ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ   

ਓਲੰਪਿਕਸ ਤੋਂ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ   

*ਸ਼੍ਰੋਮਣੀ ਕਮੇਟੀ ਨੇ ਦਿੱਤਾ ਕਰੋੜ ਰੁਪਏ ਦਾ ਇਨਾਮ

ਅੰਮ੍ਰਿਤਸਰ ਟਾਈਮਜ਼ ਬਿਉਰੋ

ਅੰਮ੍ਰਿਤਸਰ: ਭਾਰਤੀ ਹਾਕੀ ਟੀਮ ਦਾ ਇਥੇ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਟੀਮ ਨੂੰ ਇਕ ਕਰੋੜ ਰੁਪਏ ਦੀ ਇਨਾਮੀ ਰਕਮ ਦਿੱਤੀ ਗਈ। ਕਾਂਸੇ ਦਾ ਤਗ਼ਮਾ ਜਿੱਤ ਕੇ ਪਰਤੀ ਭਾਰਤੀ ਟੀਮ ਦੇ ਮੈਂਬਰਾਂ ਦਾ ਪਹਿਲਾਂ ਹਵਾਈ ਅੱਡੇ ’ਤੇ ਸਵਾਗਤ ਕੀਤਾ ਗਿਆ। ਭੰਗੜਾ ਟੀਮਾਂ ਅਤੇ ਢੋਲ ਦੀ ਥਾਪ ’ਤੇ ਨੱਚਦੇ ਹੋਏ ਇਨ੍ਹਾਂ ਨੂੰ ਜੀ ਆਇਆ ਆਖਿਆ। ਇਨ੍ਹਾਂ ਨੂੰ ਜੀ ਆਇਆਂ ਕਹਿਣ ਲਈ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਅਤੇ ਵਿਧਾਇਕ ਪਰਗਟ ਸਿੰਘ ਤੋਂ ਇਲਾਵਾ ਹੋਰ ਵਿਧਾਇਕ ਤੇ ਅਧਿਕਾਰੀ ਪੁੱਜੇ ਹੋਏ ਸਨ। ਇਹ ਸਾਰੇ ਖਿਡਾਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ, ਜਿਥੇ ਉਨ੍ਹਾਂ ਜਿੱਤ ਲਈ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਰੱਖਿਆ ਗਿਆ। ਸਵਾਗਤੀ ਪੰਡਾਲ ਵਿਚ ਇਕ-ਇਕ ਖਿਡਾਰੀ ਨੂੰ ਪੰਜ-ਪੰਜ ਲੱਖ ਰੁਪਏ ਦੀ ਇਨਾਮੀ ਰਕਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤੀ ਔਰਤ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਵੀ ਹਾਜ਼ਰ ਸੀ। ਸ਼੍ਰੋਮਣੀ ਕਮੇਟੀ ਵੱਲੋਂ ਉਸ ਨੂੰ ਵੀ ਪੰਜ ਲੱਖ ਰੁਪਏ ਦੀ ਇਨਾਮੀ ਰਕਮ ਨਾਲ ਸਨਮਾਨਤ ਕੀਤਾ ਗਿਆ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਇਨ੍ਹਾਂ ਸਾਰੇ ਖਿਡਾਰੀਆਂ ਨੇ ਦਸਤਾਰਾਂ ਸਜਾਈਆਂ ਹੋਈਆਂ ਸਨ। ਇਨ੍ਹਾਂ ਦੇ ਨਾਲ ਪਰਿਵਾਰਕ ਮੈਂਬਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਭਾਰਤੀ ਟੀਮ ਦੇ ਇਥੇ ਪੁੱਜੇ ਹਾਕੀ ਖਿਡਾਰੀਆਂ ਵਿੱਚ ਹਰਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ,ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਰੁਪਿੰਦਰਪਾਲ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਸ਼ਾਮਲ ਸਨ। ਇਨ੍ਹਾਂ ਦੇ ਨਾਲ ਹਾਕੀ ਟੀਮ ਦੇ ਕੋਚ ਤੇ ਹੋਰ ਪ੍ਰਬੰਧਕ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਖਿਡਾਰੀ ਵੀ ਸਨ।    ਫੋਟੋ ਕੈਪਸ਼ਨ : ਸੋਹਣੀਆਂ ਦਸਤਾਰਾਂ ਸਜਾ ਹਾਕੀ ਖਿਡਾਾਰੀ ਕਾਾਂਸੀ ਤਮਗੇ ਜਿੱਤਣ ਮਗਰੋਂ ਗੁਰੂ ਰਾਮਦਾਸ ਸਾਹਿਬ ਦੇ ਪਾਵਨ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਦੀ ਬੁੱਕਲ ਦਾ ਨਿੱਘ ਮਾਣਦਿਆਂ ਅਤੇ ਅਸੀਸਾਂ ਲੈਂਦਿਆਂ!