ਪੰਜਾਬ 'ਚ ਚੋਣਾਂ ਲਈ ਭਾਜਪਾ ਗਠਜੋੜ 'ਚ ਸੀਟਾਂ ਦੀ ਹੋਈ ਵੰਡ

ਪੰਜਾਬ 'ਚ ਚੋਣਾਂ ਲਈ ਭਾਜਪਾ ਗਠਜੋੜ 'ਚ ਸੀਟਾਂ ਦੀ ਹੋਈ ਵੰਡ

 ਭਾਜਪਾ 65, ਅਮਰਿੰਦਰ ਸਿੰਘ 37 ਅਤੇ ਢੀਂਡਸਾ 15 ਸੀਟਾਂ ਤੇ ਚੋਣ ਲੜਨਗੇ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਗਠਜੋੜ ਭਾਈਵਾਲਾਂ ਵਿਚਕਾਰ ਸੀਟਾਂ ਦੀ ਵੰਡ ਹੋ ਗਈ ਹੈ । ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਹੈੱਡਕੁਆਰਟਰ 'ਤੇ ਆਯੋਜਿਤ ਪ੍ਰੈੱਸ ਕਾਨਫਰੰਸ 'ਚ ਇਹ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ 65, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ 37 ਅਤੇ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) 15 ਸੀਟਾਂ 'ਤੇ ਚੋਣ ਲੜੇਗੀ। ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗਠਜੋੜ ਕੀਤਾ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।

ਜੇਪੀ ਨੱਡਾ ਨੇ ਕਿਹਾ, 'ਪੰਜਾਬ ਵਿੱਚ ਐਨਡੀਏ (ਨੈਸ਼ਨਲ ਡੈਮੋਕਰੇਟਿਕ ਅਲਾਇੰਸ) ਗਠਜੋੜ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀਆਂ ਹਨ ਇਸ ਲਈ ਭਾਜਪਾ 65 ਸੀਟਾਂ 'ਤੇ, ਪੰਜਾਬ ਲੋਕ ਕਾਂਗਰਸ 37 ਸੀਟਾਂ 'ਤੇ ਅਤੇ ਅਕਾਲੀ ਦਲ (ਸੰਯੁਕਤ) 15 ਸੀਟਾਂ 'ਤੇ ਚੋਣ ਲੜੇਗੀ।ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸ਼ੁੱਕਰਵਾਰ ਨੂੰ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਇਸ ਸੂਚੀ ਵਿੱਚ ਕਿਸਾਨ ਪਰਿਵਾਰਾਂ ਦੇ 12 ਆਗੂਆਂ, 13 ਸਿੱਖਾਂ ਅਤੇ ਅੱਠ ਦਲਿਤਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਅਮਰਿੰਦਰ ਸਿੰਘ ਨੇ ਐਤਵਾਰ ਨੂੰ 22 ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਹੈ, ਜਿਸ ਵਿੱਚ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਜੀਤਪਾਲ ਸਿੰਘ ਨੂੰ ਨਕੋਦਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕੈਪਟਨ ਅਮਰਿੰਦਰ ਖੁਦ ਪਟਿਆਲਾ ਸ਼ਹਿਰੀ ਸੀਟ ਤੋਂ ਚੋਣ ਲੜਨਗੇ।